ਮਾਲਵਾ ਦੀਆਂ ਮੰਡੀਆਂ ’ਚ ਵਿਜੀਲੈਂਸ ਦੀ ਦਸਤਕ
ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਵਿਜੀਲੈਂਸ ਵਿਭਾਗ ਵੱਲੋਂ ਮਾਲਵਾ ਖੇਤਰ ਦੇ ਕਈ ਜ਼ਿਲ੍ਹਿਆਂ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਵਿਜੀਲੈਂਸ ਅਧਿਕਾਰੀਆਂ ਵੱਲੋਂ ਕਿਸਾਨਾਂ ਨਾਲ ਫ਼ਸਲਾਂ ਦੀ ਕਾਟ ਕੱਟਣ ਸਮੇਤ ਖਰੀਦ ਅਧਿਕਾਰੀਆਂ ਵੱਲੋਂ ਕਿਸੇ ਕਿਸਮ ਦੀ ਕੋਈ ਸਮੱਸਿਆ ਸਬੰਧੀ ਸਵਾਲ ਪੁੱਛੇ ਗਏ।
ਵਿਜੀਲੈਂਸ ਦੀ ਟੀਮ ਤੋਂ ਪ੍ਰਾਪਤ ਹੋਏ ਵੇਰਵਿਆਂ ਅਨੁਸਾਰ ਇਹ ਚੈਕਿੰਗ ਮਾਨਸਾ ਤੋਂ ਇਲਾਵਾ ਬਠਿੰਡਾ, ਮੁਕਤਸਰ ਅਤੇ ਹੋਰਨਾਂ ਜ਼ਿਲ੍ਹਿਆਂ ਵਿੱਚ ਕੀਤੇ ਜਾਣ ਦੀ ਜਾਣਕਾਰੀ ਹਾਸਲ ਹੋਈ ਹੈ। ਇਸ ਚੈਕਿੰਗ ਦੌਰਾਨ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਈ ਤਰ੍ਹਾਂ ਦੀ ਭੱਜ-ਦੌੜ ਕਰਨੀ ਪਈ। ਚੈਕਿੰਗ ਦੌਰਾਨ ਜੋ ਅਧਿਕਾਰੀ ਅਨਾਜ ਮੰਡੀ ਵਿੱਚ ਨਹੀਂ ਸਨ, ਉਹ ਆਪਣੇ ਕਾਰਜ ਛੱਡ ਕੇ ਫਟਾਫ਼ਟ ਅਨਾਜ ਮੰਡੀ ਵਿੱਚ ਪਹੁੰਚ ਕੇ ਅਧਿਕਾਰੀਆਂ ਸਾਹਮਣੇ ਆਪਣੀ ਹਾਜ਼ਰੀ ਲੁਵਾਉਣ ਵਿੱਚ ਮਸਰੂਫ਼ ਰਹੇ, ਪਰ ਅਧਿਕਾਰੀਆਂ ਨੇ ਉਨ੍ਹਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ।
ਅਧਿਕਾਰੀਆਂ ਨੇ ਮਾਨਸਾ ਦੀ ਆਧੁਨਿਕ ਅਨਾਜ ਮੰਡੀ ’ਚ ਅਚਨਚੇਤ ਚੈਕਿੰਗ ਕੀਤੀ। ਝੋਨਾ ਅਤੇ ਨਰਮੇ ਦੀ ਫਸਲ ਲੈ ਕੇ ਆਏ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਵਿਜੀਲੈਂਸ ਅਧਿਕਾਰੀਆਂ ਨੇ ਦੱਸਿਆ ਕਿ ਦਾਣਾ ਮੰਡੀਆਂ ਚੈਕ ਕਰਕੇ ਕਿਸਾਨਾਂ ਨਾਲ ਗੱਲਬਾਤ ਕਰਕੇ ਜਾਣਕਾਰੀ ਪ੍ਰਾਪਤ ਕੀਤੀ ਹੈ ਕਿ ਕਿਸਾਨਾਂ ਨੂੰ ਮੰਡੀਆਂ ਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਤਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਜੋ ਸਮੱਸਿਆਵਾਂ ਦੱਸੀਆਂ ਹਨ, ਉਨ੍ਹਾਂ ਦੀ ਰਿਪੋਰਟ ਮੁੱਖ ਦਫਤਰ ਨੂੰ ਭੇਜੀ ਜਾਵੇਗੀ।