ਜੋਗਿੰਦਰ ਸਿੰਘ ਮਾਨ
ਮਾਨਸਾ, 6 ਜੁਲਾਈ
ਮਾਨਸਾ ਨੇੜਲੇ ਪਿੰਡ ਫਫੜੇ ਭਾਈਕੇ ਦੇ ਦਲਿਤ ਨੌਜਵਾਨ ਮਨਪ੍ਰੀਤ ਸਿੰਘ ਉਰਫ਼ ਬਿੱਲਾ ਦੇ ਮਾਪੇ ਆਪਣੇ ਪੁੱਤਰ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਦਰ-ਦਰ ਭਟਕ ਰਹੇ ਹਨ, ਪਰ ਕਿਤੇ ਕੋਈ ਸੁਣਵਾਈ ਨਹੀਂ ਹੋ ਰਹੀ।
ਅੱਜ ਇੱਥੇ ਮ੍ਰਿਤਕ ਦਲਿਤ ਨੌਜਵਾਨ ਮਨਪ੍ਰੀਤ ਸਿੰਘ ਦੀ ਮਾਤਾ ਭੱਪੀ ਕੌਰ ਅਤੇ ਪਿਤਾ ਮਲਕੀਤ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਮਾਮਲੇ ਸਬੰਧੀ ਅਨੁਸੂਚਿਤ ਜਾਤੀਆਂ ਦੇ ਕੌਮੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਕਸੂਰਵਾਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਪੀੜਤ ਪਰਿਵਾਰ ਨੂੰ ਲਗਭਗ 8 ਲੱਖ ਦੀ ਰਾਸ਼ੀ ਤੇ ਹੋਰ ਸਹੂਲਤਾਂ ਦੇਣ ਦੇ ਨਿਰਦੇਸ਼ ਜਾਰੀ ਕੀਤੇ ਸਨ, ਪਰ ਹਾਲੇ ਤੱਕ ਸਿਵਾਏ ਖੱਜਲ-ਖੁਆਰੀ ਦੇ ਕੁਝ ਵੀ ਪੱਲੇ ਨਹੀਂ ਪਿਆ।
ਮ੍ਰਿਤਕ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦੇ 20 ਸਾਲਾਂ ਪੁੱਤਰ ਦੀ ਪੁਲੀਸ ਸਟੇਸ਼ਨ ਬੁਢਲਾਡਾ (ਸਿਟੀ) ਦੀ ਪੁਲੀਸ ਵੱਲੋਂ ਕੁੱਟਮਾਰ ਕੀਤੇ ਜਾਣ ਕਾਰਨ 22 ਮਈ ਨੂੰ ਮੌਤ ਹੋ ਗਈ ਸੀ।
ਇਸ ਸਬੰਧੀ ਇਨਸਾਫ ਲੈਣ ਲਈ ਵੱਖ-ਵੱਖ ਜਥੇਬੰਦੀਆਂ ਨੇ ਸੰਘਰਸ਼ ਕੀਤਾ ਸੀ ਅਤੇ ਅਨੁਸੂਚਿਤ ਜਾਤੀਆਂ ਦੇ ਕੌਮੀ ਕਮਿਸ਼ਨ (ਭਾਰਤ ਸਰਕਾਰ) ਦੇ ਚੇਅਰਮੈਨ ਵਿਜੈ ਸਾਂਪਲਾ ਕੋਲ ਲਿਖਤੀ ਅਪੀਲ ਵੀ ਕੀਤੀ ਸੀ। ਫਿਰ ਚੇਅਰਮੈਨ ਵਿਜੈ ਸਾਂਪਲਾ ਨੇ ਮਾਨਸਾ ਵਿੱਚ ਪੀੜਤ ਪਰਿਵਾਰ ਨੂੰ ਨਿੱਜੀ ਰੂਪ ਵਿੱਚ ਮਿਲ ਕੇ ਦੋਸ਼ੀ ਪੁਲੀਸ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦੇ ਆਦੇਸ਼ ਦਿੱਤੇ ਸਨ। ਇਨ੍ਹਾਂ ਆਦੇਸ਼ਾਂ ਕਾਰਨ ਪੜਤਾਲ ਮਗਰੋਂ ਪੁਲੀਸ ਅਧਿਕਾਰੀਆਂ ਨੇ ਪੋਸਟ ਮਾਰਟਮ ਦੀ ਰਿਪੋਰਟ ਦੇ ਆਧਾਰ ’ਤੇ ਥਾਣਾ ਸਿਟੀ ਬੁਢਲਾਡਾ ਵਿੱਚ ਕੇਸ ਦਰਜ ਕੀਤਾ ਸੀ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਹ ਐਕਸ਼ਨ ਕਮੇਟੀ ਦੇ ਆਗੂਆਂ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੂੰ ਨਾਲ ਲੈ ਕੇ ਜ਼ਿਲ੍ਹੇ ਦੇ ਪੁਲੀਸ-ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ ਪਰ ਕੋਈ ਸੁਣਵਾਈ ਨਹੀਂ ਹੋ ਰਹੀ ਅਤੇ ਨਾ ਹੀ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵੱਲੋਂ ਐਲਾਨੀ ਰਾਸ਼ੀ ਵਿੱਚੋਂ ਕੋਈ ਪੈਸਾ ਮਿਲਿਆ ਹੈ।