ਜਸਵੰਤ ਜੱਸ
ਫ਼ਰੀਦਕੋਟ, 2 ਦਸੰਬਰ
ਪਿੰਡ ਨੰਗਲ ਦੇ ਇੱਕ ਦਲਿਤ ਪਰਿਵਾਰ ਨੂੰ ਧਮਕਾਉਣ ਅਤੇ ਉਸ ਦੇ ਖੇਤਾਂ ਦੇ ਪਾਣੀ ਨੂੰ ਰੋਕਣ ਦੇ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਵਾਉਣ ਲਈ ਅੱਜ ਕਰੀਬ ਇੱਕ ਦਰਜਨ ਪਿੰਡਾਂ ਦੀਆਂ ਪੰਚਾਇਤਾਂ ਅਤੇ ਵਸਨੀਕਾਂ ਨੇ ਜ਼ਿਲ੍ਹਾ ਪੁਲੀਸ ਮੁਖੀ ਦਫ਼ਤਰ ਸਾਹਮਣੇ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਪਰਚਾ ਦਰਜ ਹੋਣ ਤੋਂ ਦੋ ਹਫ਼ਤੇ ਬਾਅਦ ਵੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਪਿੰਡ ਨੰਗਲ ਦੇ ਵਸਨੀਕ ਤੇ ਪੀੜਤ ਰਾਮ ਚੰਦ ਸਿੰਘ ਅਤੇ ਸਰਪੰਚ ਯੂਨੀਅਨ ਫ਼ਰੀਦਕੋਟ ਦੇ ਪ੍ਰਧਾਨ ਗੁਰਸ਼ਿਵੰਦਰ ਸਿੰਘ ਬਰਾੜ ਨੇ ਕਿਹਾ ਕਿ ਪਿੰਡ ਨੰਗਲ ਦੇ ਵਸਨੀਕ ਗੁਰਵਿੰਦਰ ਸਿੰਘ, ਹਰਵਿੰਦਰ ਸਿੰਘ ਅਤੇ ਰਣਜੀਤ ਸਿੰਘ ਨੇ ਕਥਿਤ ਤੌਰ ’ਤੇ ਰਾਮ ਚੰਦ ਸਿੰਘ ਦੇ ਖੇਤ ਨੂੰ ਲੱਗਦਾ ਖਾਲ਼ ਢਾਹ ਦਿੱਤਾ ਅਤੇ ਉਸ ਨਾਲ ਗਾਲੀ-ਗਲੋਚ ਕੀਤਾ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੁਲੀਸ ਨੇ ਇਸ ਮਾਮਲੇ ਦੀ ਪੜਤਾਲ ਤੋਂ ਬਾਅਦ ਉਕਤ ਤਿੰਨੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਲਿਆ ਸੀ। ਪਰੰਤੂ ਇਸ ਮਾਮਲੇ ਵਿੱਚ ਅਜੇ ਹਰਵਿੰਦਰ ਸਿੰਘ ਅਤੇ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਜੋ ਕਥਿਤ ਤੌਰ ਤੇ ਪਿੰਡ ਦਾ ਮਾਹੌਲ ਖਰਾਬ ਕਰ ਰਹੇ ਹਨ ਅਤੇ ਪੀੜਤ ਰਾਮ ਚੰਦ ਸਿੰਘ ਨੂੰ ਕੇਸ ਵਾਪਸ ਲੈਣ ਲਈ ਡਰਾਇਆ ਧਮਕਾਇਆ ਜਾ ਰਿਹਾ ਹੈ। ਜ਼ਿਲ੍ਹਾ ਪੁਲੀਸ ਮੁਖੀ ਸਵਰਨਦੀਪ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਗੁਰਵਿੰਦਰ ਸਿੰਘ ਨੂੰ ਪੁਲੀਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਰਾਮ ਚੰਦ ਵੱਲੋਂ ਦਰਜ ਮੁਕੱਦਮਾ ਰੱਦ ਕਰਵਾਉਣ ਲਈ ਪੁਲੀਸ ਖਿਲਾਫ਼ ਧਰਨਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੁਲੀਸ ਕਿਸੇ ਦਬਾਅ ਵਿੱਚ ਕੰਮ ਨਹੀਂ ਕਰੇਗੀ ਅਤੇ ਪੜਤਾਲ ਤੋਂ ਬਾਅਦ ਪੂਰੇ ਮਾਮਲੇ ਦੀ ਕਾਨੂੰਨ ਮੁਤਾਬਿਕ ਨਿਰਪੱਖ ਕਾਰਵਾਈ ਹੋਵੇਗੀ।