ਜਸਵੰਤ ਜੱਸ
ਫ਼ਰੀਦਕੋਟ, 20 ਮਾਰਚ
ਮਾਲਵੇ ਦੇ ਪਿੰਡਾਂ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਮਾਹੌਲ ਬਣਨਾ ਸ਼ੁਰੂ ਹੋ ਗਿਆ ਹੈ। ਸੂਬੇ ਵਿੱਚ ਸਰਕਾਰ ਬਦਲਣ ਨਾਲ ਨਸ਼ਾ ਤਸਕਰੀ ਨੂੰ ਠੱਲ੍ਹ ਪੈਣ ਦੀ ਆਸ ਬੱਝੀ ਹੈ। ਹਾਲਾਂਕਿ ਪੁਲੀਸ ਪ੍ਰਸ਼ਾਸਨ ਨੇ ਨਸ਼ਾ ਤਸਕਰੀ ਖ਼ਿਲਾਫ਼ ਅਜੇ ਤੱਕ ਕੋਈ ਸਰਗਰਮੀ ਨਹੀਂ ਦਿਖਾਈ ਪਰ ਪਿੰਡਾਂ ਵਿੱਚ ਲੋਕਾਂ ਨੇ ਆਪਣੇ ਪੱਧਰ ’ਤੇ ਹੀ ਨਸ਼ਾ ਤਸਕਰੀ ਖ਼ਿਲਾਫ਼ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਜ਼ਿਲ੍ਹੇ ਦੇ ਸਭ ਤੋਂ ਵੱਡੇ ਪਿੰਡ ਅਰਾਈਆਂਵਾਲਾ ਕਲਾਂ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਸਵੇਰੇ-ਸ਼ਾਮ ਗੁਰਦੁਆਰਾ ਸਾਹਿਬ ਵਿੱਚੋਂ ਅਨਾਊਂਸਮੈਂਟ ਕੀਤੀ ਜਾਂਦੀ ਹੈ। ਇਸ ਪਿੰਡ ਵਿੱਚ 700 ਤੋਂ ਵੱਧ ਨੌਜਵਾਨ ਨਸ਼ੇ ਦੀ ਮਾਰ ਹੇਠ ਹਨ ਅਤੇ ਇੱਥੇ ਚਿੱਟਾ ਸ਼ਰੇਆਮ ਵੇਚਿਆ ਜਾ ਰਿਹਾ ਹੈ। ਇੱਕ ਦਿਨ ਪਹਿਲਾਂ ਪੁਲੀਸ ਨੇ ਅਨਾਊਂਸਮੈਂਟ ਮਗਰੋਂ ਛਾਪਾ ਮਾਰ ਕੇ ਕੁਝ ਨੌਜਵਾਨਾਂ ਨੂੰ ਹਿਰਾਸਤ ਵਿੱਚ ਵੀ ਲਿਆ ਹੈ, ਜਿਨ੍ਹਾਂ ’ਤੇ ਨਸ਼ਾ ਤਸਕਰੀ ਕਰਨ ਦੇ ਸ਼ੱਕ ਹਨ। ਇਸੇ ਤਰ੍ਹਾਂ ਫਰੀਦਕੋਟ ਦੇ ਪਿੰਡ ਘੁਗਿਆਣਾ, ਗੋਲੇਵਾਲਾ, ਸ਼ਿਮਰੇਵਾਲਾ, ਰਾਜੋਵਾਲਾ ਵਿੱਚ ਵੀ ਲੋਕਾਂ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚੌਕਸੀ ਦੀਆਂ ਖ਼ਬਰਾਂ ਹਨ। ਜ਼ਿਲ੍ਹਾ ਪੁਲੀਸ ਮੁਖੀ ਵਰੁਣ ਸ਼ਰਮਾ ਨੇ ਕਿਹਾ ਕਿ ਪੁਲੀਸ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰ ਰਹੀ ਹੈ। ਬੇਅੰਤ ਕੌਰ ਸੇਖੋਂ, ਹੈਪੀ ਬਰਾੜ, ਅਮਰਜੀਤ ਸਿੰਘ ਅਤੇ ਅਨਮੋਲ ਸਿੰਘ ਨੇ ਕਿਹਾ ਕਿ ‘ਆਪ’ ਨੇ ਵਾਅਦਾ ਕੀਤਾ ਸੀ ਕਿ ਚੋਣਾਂ ਮਗਰੋਂ ਨਸ਼ਾ ਤਸਕਰੀ ਮੁਕੰਮਲ ਤੌਰ ’ਤੇ ਬੰਦ ਹੋਵੇਗੀ, ਇਸ ਲਈ ਪਿੰਡਾਂ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਲੋਕਾਂ ਨੇ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਨਸ਼ਾ ਤਸਕਰੀ ਬਾਰੇ ਪੰਜਾਬ ਸਰਕਾਰ ਜਲਦੀ ਵੱਡਾ ਫ਼ੈਸਲਾ ਲਵੇਗੀ।