ਜਸਵੰਤ ਜੱਸ
ਫ਼ਰੀਦਕੋਟ, 9 ਫ਼ਰਵਰੀ
ਜ਼ਿਲ੍ਹਾ ਪੁਲੀਸ ਨੇ ਚੋਣ ਅਧਿਕਾਰੀਆਂ ਦੀ ਲਿਖਤੀ ਸ਼ਿਕਾਇਤ ਮਿਲਣ ਤੋਂ ਬਾਅਦ ਫ਼ਰੀਦਕੋਟ ਜ਼ਿਲ੍ਹੇ ਦੇ ਦੋ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਖਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ਾਂ ਤਹਿਤ ਪਰਚਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਸਿਟੀ ਪੁਲੀਸ ਫਰੀਦਕੋਟ ਨੇ ਚੋਣ ਅਮਲੇ ਦੀ ਸ਼ਿਕਾਇਤ ’ਤੇ ਫ਼ਰੀਦਕੋਟ ਦੀ ਕਾਕਾ ਫਲੈਕਸ ਪ੍ਰਿੰਟਿੰਗ ਪ੍ਰੈੱਸ ਖਿਲਾਫ਼ ਪਰਚਾ ਦਰਜ ਕਰਕੇ ਉਸ ਤੋਂ 100 ਤੋਂ ਵੱਧ ਫਲੈਕਸ ਜ਼ਬਤ ਕਰ ਲਏ ਹਨ। ਇਸੇ ਤਰ੍ਹਾਂ ਕੋਟਕਪੂਰਾ ਸ਼ਹਿਰ ਦੀ ਮਲਿਕ ਪ੍ਰਿੰਟਿੰਗ ਪ੍ਰੈੱਸ ਦੇ ਮਾਲਕ ਕਮਲ ਮਲਿਕ ਖਿਲਾਫ਼ ਵੀ ਚੋਣ ਜ਼ਾਬਤੇ ਦੀ ਉਲੰਘਣਾ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫਸਰ ਹਰਬੀਰ ਸਿੰਘ ਨੇ ਕਿਹਾ ਕਿ ਉਕਤ ਪ੍ਰਿੰਟਿੰਗ ਪ੍ਰੈੱਸਾਂ ਨੂੰ ਚੋਣ ਸਮੱਗਰੀ ਛਾਪਣ ਸਮੇਂ ਫਲੈਕਸਾਂ ਤੇ ਇਸ਼ਤਿਹਾਰਾਂ ਵਿੱਚ ਆਪਣੀ ਪ੍ਰਿੰਟਿੰਗ ਪ੍ਰੈੱਸ ਦਾ ਵੇਰਵਾ ਅਤੇ ਇਸ਼ਤਿਹਾਰ ਛਪਵਾਉਣ ਵਾਲੇ ਦੇ ਵੇਰਵੇ ਨਹੀਂ ਲਿਖੇ ਸਨ। ਜ਼ਿਲ੍ਹਾ ਪੁਲੀਸ ਮੁਖੀ ਵਰੁਣ ਸ਼ਰਮਾ ਨੇ ਪਰਚੇ ਦਰਜ ਕਰਨ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਇਸ ਮਾਮਲੇ ਦੀ ਤਫ਼ਤੀਸ਼ ਕਰ ਰਹੀ ਹੈ। ਇਸ ਤੋਂ ਇਲਾਵਾ ਪੁਲੀਸ ਨੇ ਅਣ-ਅਧਿਕਾਰਤ ਥਾਵਾਂ ’ਤੇ ਚੋਣ ਪ੍ਰਚਾਰ ਲਈ ਇਸ਼ਤਿਹਾਰਬਾਜ਼ੀ ਕਰਨ ਦੇ ਦੋਸ਼ਾਂ ਤਹਿਤ ਜ਼ਿਲ੍ਹੇ ਭਰ ਵਿੱਚ ਛੇ ਕੇਸ ਦਰਜ ਕੀਤੇ ਹਨ।