ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਫਾਜ਼ਿਲਕਾ/ਅਬੋਹਰ, 23 ਸਤੰਬਰ
ਫਾਜ਼ਿਲਕਾ ਦੇ ਡੀਸੀ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਲਗਾਤਾਰ ਦੂਜੇ ਦਿਨ ਨਹਿਰਾਂ ਦਾ ਦੌਰਾ ਜਾਰੀ ਰੱਖਿਆ। ਉਨ੍ਹਾਂ ਅੱਜ ਭੰਗਾਲਾ ਅਤੇ ਰਾਮਗੜ੍ਹ ਪਿੰਡਾਂ ਦਾ ਦੌਰਾ ਕੀਤਾ। ਇਸ ਤੋਂ ਪਹਿਲਾਂ ਬੀਤੇ ਕੱਲ੍ਹ ਉਨ੍ਹਾਂ ਨੇ ਖੂਈਖੇੜਾ, ਕਬੂਲਸ਼ਾਹ ਅਤੇ ਰਾਮਕੋਟ ਆਦਿ ਪਿੰਡਾਂ ਦਾ ਦੌਰਾ ਕੀਤਾ ਸੀ। ਉਨ੍ਹਾਂ ਖੁਦ ਪਿੰਡਾਂ ਵਿਚ ਨਹਿਰਾਂ ’ਤੇ ਪਹੁੰਚ ਕੇ ਕਿਸਾਨਾਂ ਦੀਆਂ ਸਿੰਜਾਈ ਸਬੰਧੀ ਮੁਸ਼ਕਲਾਂ ਸੁਣੀਆਂ ਅਤੇ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਕਿਸਾਨਾਂ ਦੀਆਂ ਮੁਸਕਲਾਂ ਦੇ ਹੱਲ ਸਬੰਧੀ ਹਦਾਇਤਾਂ ਜਾਰੀ ਕੀਤੀਆਂ। ਸ੍ਰੀ ਅਗਰਵਾਲ ਨੇ ਇਸ ਮੌਕੇ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਅਨੁਸਾਰ ਪਾਣੀ ਮਿਲੇ ਇਸ ਲਈ ਸਿੰਜਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਭਾਗ ਨਾਲ ਸਹਿਯੋਗ ਕਰਨ ਅਤੇ ਕੋਈ ਵੀ ਮੋਘੇ ਨਾਲ ਛੇੜਛਾੜ ਦੀ ਕੋਸ਼ਿਸ਼ ਨਾ ਕਰੇ। ਉਨ੍ਹਾਂ ਨੇ ਇਸ ਮੌਕੇ ਕਿਸਾਨਾਂ ਨੂੰ ਪਰਾਲੀ ਦੀ ਵੀ ਵਿਗਿਆਨਕ ਢੰਗ ਨਾਲ ਸੰਭਾਲ ਕਰਨ ਦੀ ਅਪੀਲ ਕੀਤੀ। ਇਸ ਮੌਕੇ ਅਬੋਹਰ ਦੇ ਐੱਸਡੀਐੱਮ ਅਕਾਸ਼ ਬਾਂਸਲ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ।