ਰਮਨਦੀਪ ਸਿੰਘ
ਚਾਉਕੇ, 15 ਫਰਵਰੀ
ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਬਠਿੰਡਾ ਵੱਲੋਂ, ਜੇਠੂਕੇ ਦੇ ਕਿਰਾਇਆ ਘੋਲ ਦੇ ਸ਼ਹੀਦ ਦੇਸ਼ਪਾਲ ਸਿੰਘ, ਗੁਰਮੀਤ ਸਿੰਘ, ਜ਼ਮੀਨੀ ਘੋਲ ਦੇ ਸ਼ਹੀਦ ਸੁਰਮੁੱਖ ਸਿੰਘ ਅਤੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਮੋਰਚੇ ਦੇ ਸ਼ਹੀਦ ਰਿਪਨ ਸਿੰਘ ਅਤੇ ਧਰਮ ਸਿੰਘ ਦੀ ਬਰਸੀ, ਉਨ੍ਹਾਂ ਦੇ ਜੱਦੀ ਪਿੰਡ ਜੇਠੂਕੇ ਦੇ ਸ਼ਹੀਦੀ ਪਾਰਕ ਵਿੱਚ ਮਨਾਈ ਗਈ। ਇਸ ਮੌਕੇ ਸਮਾਗਮ ਸ਼ੁਰੂ ਕਰਨ ਤੋਂ ਪਹਿਲਾਂ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਸ਼ਹੀਦੀ ਪਾਰਕ ਵਿੱਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਨਵਾਂ ਝੰਡਾ ਲਹਿਰਾਇਆ ਗਿਆ। ਅੱਜ ਸਮਾਗਮ ਮੌਕੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਤੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਇਹੋ ਹੈ ਕਿ ਅਸੀਂ ਉਨ੍ਹਾਂ ਦੇ ਰਾਹਾਂ ’ਤੇ ਅੱਗੇ ਚੱਲਦੇ ਹੋਏ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰੀਏ। ਉਨ੍ਹਾਂ ਕਿਹਾ ,‘‘ਵੋਟਾਂ ਲੋਕਾਂ ਦਾ ਕੁਝ ਨਹੀਂ ਸੰਵਾਰਦੀਆਂ ਸਗੋਂ ਭਾਈਚਾਰਕ ਸਾਂਝ ਖ਼ਤਮ ਕਰਦੀਆਂ ਹਨ।’’ ਉਨ੍ਹਾਂ ਸਭਨਾਂ ਕਿਰਤੀ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਸੰਘਰਸ਼ਾਂ ’ਤੇ ਟੇਕ ਰੱਖ ਕੇ ਆਪਣੀ ਏਕਤਾ ਨੂੰ ਹੋਰ ਵਧਾਉਂਦੇ ਹੋਏ ਸੰਘਰਸ਼ਾਂ ਦੇ ਮੈਦਾਨਾਂ ਵਿੱਚ ਡਟਣ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਕਿਹਾ ਕਿਸਾਨਾਂ ਮਜ਼ਦੂਰਾਂ ਦੀ ਪੁੱਗਤ ਵਾਲਾ ਰਾਜ ਉਸਾਰਨ ਲਈ ਕਿਸਾਨਾਂ ਤੇ ਮਜ਼ਦੂਰਾਂ ਦੀ ਜੋਟੀ ਨੂੰ ਹੋਰ ਤਕੜਾ ਕਰਨ ਦੀ ਲੋੜ ਹੈ। ਬੁਲਾਰਿਆਂ ਨੇ ਸਮੂਹ ਕਿਰਤੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ 17 ਫਰਵਰੀ ਨੂੰ ਬਰਨਾਲਾ ਵਿੱਚ ਕੀਤੀ ਜਾ ਰਹੀ ਸੂਬਾ ਪੱਧਰੀ ਲੋਕ ਕਲਿਆਣ ਰੈਲੀ ਵਿੱਚ ਵੱਧ ਤੋਂ ਵੱਧ ਪਰਿਵਾਰਾਂ ਸਮੇਤ ਪਹੁੰਚਣ।