War Against Drugs: ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਇਮਾਰਤਾਂ ਢਾਹੀਆਂ
ਮਨੋਜ ਸ਼ਰਮਾ
ਬਠਿੰਡਾ, 16 ਜੂਨ
ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਅੱਜ ਇਥੇ ਧੋਬੀਆਣਾ ਬਸਤੀ ਵਿਖੇ ਨਸ਼ਾ ਤਸਕਾਰਾਂ ਵਲੋਂ ਬਣਾਈਆਂ ਗਈਆਂ 2 ਨਜਾਇਜ਼ ਇਮਾਰਤਾਂ ਨੂੰ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਵਲੋਂ ਢਹਿ-ਢੇਰੀ ਕੀਤਾ ਗਿਆ। ਇਸ ਮੌਕੇ ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਜ਼ਿਲ੍ਹੇ ਵਿੱਚ ਵਿਆਪਕ ਪੱਧਰ ‘ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਐਸਪੀ ਸਿਟੀ ਨੇ ਮੀਡੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜੋਤੀ ਪਤਨੀ ਗੁਰਪ੍ਰੀਤ ਸਿੰਘ ਉਰਫ ਬਾਂਗੀ ਅਤੇ ਰਾਜੂ ਕੌਰ ਪਤਨੀ ਜਸਵੰਤ ਸਿੰਘ ਉਰਫ ਰਿੰਕਪਾਲ ਸਿੰਘ ਵਾਸੀਆਨ ਗਲੀ ਨੰਬਰ 1 ਨੇੜੇ ਠੇਕਾ ਧੋਬੀਆਣਾ ਬਸਤੀ ਬਠਿੰਡਾ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਇਮਾਰਤਾਂ ਬਣਾਈਆਂ ਗਈਆਂ ਸਨ।
ਉਨ੍ਹਾਂ ਦੱਸਿਆ ਕਿ ਸਮਰੱਥ ਅਥਾਰਟੀ ਡਿਪਟੀ ਕਮਿਸ਼ਨਰ-ਕਮ-ਮੈਜਿਸਟਰੇਟ ਵੱਲੋਂ ਜੋਤੀ ਵੱਲੋਂ ਨਜਾਇਜ ਤੌਰ ‘ਤੇ ਬਣਾਇਆ ਗਿਆ ਮਕਾਨ 75 ਵਰਗ ਗਜ਼ ਤੇ ਰਾਜੂ ਕੌਰ ਦਾ ਮਕਾਨ 100 ਗਜ਼ ਢਾਹੁਣ ਮੌਕੇ ਪੁਲੀਸ ਸੁਰੱਖਿਆ ਪ੍ਰਬੰਧ ਕਰਨ ਲਈ ਹਦਾਇਤਾਂ ਪ੍ਰਾਪਤ ਹੋਈਆਂ ਸਨ, ਜਿਸ ਤੋਂ ਬਾਅਦ ਸਿਵਲ ਪ੍ਰਸ਼ਾਸ਼ਨ ਵੱਲੋਂ ਕਾਰਵਾਈ ਕਰਦਿਆਂ ਇਸ ਇਮਾਰਤ ਨੂੰ ਢਾਹ ਦਿੱਤਾ ਗਿਆ।
ਇਸ ਮੌਕੇ ਐਸਡੀਐਮ ਬਠਿੰਡਾ ਬਲਕਰਨ ਸਿੰਘ ਮਾਹਲ ਨੇ ਦੱਸਿਆ ਕਿ ਇਨ੍ਹਾਂ ਇਮਾਰਤਾਂ ਨੂੰ ਢਾਹੁਣ ਲਈ ਜੋਤੀ ਤੇ ਰਾਜੂ ਨੂੰ ਕਈ ਵਾਰ ਨੋਟਿਸ ਵੀ ਦਿੱਤੇ ਗਏ ਸਨ, ਪਰ ਕਾਬਜ਼ਾਂ ਵੱਲੋਂ ਇਸ ਜਗ੍ਹਾ ਨੂੰ ਖਾਲੀ ਨਾ ਕਰਨ ਕਰਕੇ ਇੱਥੇ ਬੁਲਡੋਜ਼ਰ ਕਾਰਵਾਈ ਕੀਤੀ ਗਈ ਹੈ।