ਜੋਗਿੰਦਰ ਸਿੰਘ ਮਾਨ
ਮਾਨਸਾ, 28 ਮਈ
ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਮਾਨਸਾ ਵਿੱਚ ਰੋਸ ਮੁਜ਼ਾਹਰਾ ਕਰ ਕੇ ਚਿਤਾਵਨੀ ਪੱਤਰ ਸੌਂਪਿਆ ਗਿਆ। ਇਸ ਪੱਤਰ ਵਿੱਚ ਮੋਰਚੇ ਦੀਆਂ ਦਿੱਲੀ ਸੰਘਰਸ਼ ਦੌਰਾਨ ਮੰਨੀਆਂ ਮੰਗਾਂ ਲਾਗੂ ਕਰਵਾਉਣਾ ਸ਼ਾਮਲ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਰ ਕੇ ਕਿਸਾਨਾਂ ਸਿਰ ਚੜ੍ਹਿਆ ਕਰਜ਼ਾ ਖ਼ਤਮ ਕੀਤਾ ਜਾਵੇ, ਲਖੀਮਪੁਰ ਖੀਰੀ ਦੇ ਕਸੂਰਵਾਰ ਅਜੇ ਮਿਸ਼ਰਾ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ, ਸਾਰੀਆਂ ਫ਼ਸਲਾਂ ਦੀ ਖਰੀਦ ਸਬੰਧੀ ਐਮਐਸਪੀ ਦੀ ਕਮੇਟੀ ਬਣਾਈ ਜਾਵੇ ਆਦਿ। ਇਸ ਮੌਕੇ ਕੁਲਵੰਤ ਸਿੰਘ ਕਿਸ਼ਨਗੜ੍ਹ, ਮਹਿੰਦਰ ਸਿੰਘ ਭੈਣੀਬਾਘਾ, ਭਜਨ ਸਿੰਘ ਘੁੰਮਣ, ਅਮਰੀਕ ਸਿੰਘ ਫਫੜੇ, ਐਡਵੋਕੇਟ ਸਵਰਨਜੀਤ ਸਿੰਘ ਦਿਲਾਓ, ਰਾਮਫਲ ਸਿੰਘ, ਨਿਰਮਲ ਸਿੰਘ ਝੰਡੂਕੇ, ਦਲਜੀਤ ਸਿੰਘ ਮਾਨਸ਼ਾਹੀਆ, ਮਲਕੀਤ ਸਿੰਘ ਜੌੜਕੀਆ, ਹਰਦੇਵ ਸਿੰਘ ਨੇ ਵੀ ਸੰਬੋਧਨ ਕੀਤਾ।
ਬਠਿੰਡਾ (ਨਿੱਜੀ ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਿਤ ਜਥੇਬੰਦੀਆਂ ਵੱਲੋਂ ਅੱਜ ਇੱਥੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਗ਼ੈਰ-ਮੌਜੂਦਗੀ ਵਿੱਚ ਉਨ੍ਹਾਂ ਦੇ ਦਫ਼ਤਰ ਇੰਚਾਰਜ ਨੂੰ ਮੰਗ ਪੱਤਰ ਦਿੱਤਾ ਗਿਆ। ਮੰਗਾਂ ਵਿੱਚ ਸ਼ਾਮਿਲ ਸੀ ਕਿ ਲਖੀਮਪੁਰ ਖੀਰੀ ਮਾਮਲੇ ਦੌਰਾਨ ਗ੍ਰਿਫ਼ਤਾਰ ਕੀਤੇ ਕਿਸਾਨ ਰਿਹਾਅ ਕੀਤੇ ਜਾਣ। ਅਜੈ ਮਿਸ਼ਰਾ ਟੈਣੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਐੱਮਐੱਸਪੀ ਲਈ ਕਮੇਟੀ ਬਣਾਈ ਜਾਵੇ। ਕਿਸਾਨ ਕਰਜ਼ੇ ਮੁਆਫ਼ ਕੀਤੇ ਜਾਣ। ਫ਼ਸਲੀ ਖ਼ਰਾਬੇ ਲਈ ਬੀਮਾ ਯੋਜਨਾ ਲਾਗੂ ਕੀਤੀ ਜਾਵੇ। ਬਿਜਲੀ ਬਿੱਲ-2022 ਵਾਪਸ ਹੋਵੇ। ਦਿੱਲੀ ਸੰਘਰਸ਼ ਮੌਕੇ ਕਿਸਾਨਾਂ ‘ਤੇ ਦਰਜ ਪੁਲੀਸ ਕੇਸ ਰੱਦ ਹੋਣ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾਈ ਮੀਤ ਸਕੱਤਰ ਸਰੂਪ ਸਿੰਘ ਸਿੱਧੂ, ਭਾਰਤੀ ਕਿਸਾਨ ਯੂਨੀਅਨ (ਮਾਲਵਾ) ਦੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਬੱਲੋ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਸੁਖਮੰਦਰ ਸਿੰਘ ਧਾਲੀਵਾਲ, ਪੰਜਾਬ ਕਿਸਾਨ ਯੂਨੀਅਨ ਦੇ ਗੁਰਪ੍ਰੀਤ ਸਿੰਘ, ਬਲਦੇਵ ਸਿੰਘ ਭਾਈ ਰੂਪਾ, ਨਾਇਬ ਸਿੰਘ ਔਲਖ, ਦਾਰਾ ਸਿੰਘ ਮਾਈਸਰਖਾਨਾ ਆਦਿ ਹਾਜ਼ਰ ਸਨ।
ਕਿਸਾਨਾਂ ਵੱਲੋਂ ਕੇਂਦਰ ਖ਼ਿਲਾਫ਼ ਮੋਟਰਸਾਈਕਲ ਮਾਰਚ
ਫ਼ਿਰੋਜ਼ਪੁਰ (ਸੰਜੀਵ ਹਾਂਡਾ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਇੱਥੇ ਕਿਸਾਨਾਂ ਨੇ ਮੋਟਰਸਾਈਕਲ ਮਾਰਚ ਕੱਢਿਆ ਤੇ ਫ਼ਿਰੋਜ਼ਪੁਰ ਦੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਦੇ ਨਾਂ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੂੰ ਚਿਤਾਵਨੀ ਪੱਤਰ ਸੌਂਪਿਆ। ਅੱਜ ਦੇ ਮਾਰਚ ਦੀ ਅਗਵਾਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਕਿਸਾਨ ਬਚਾਓ ਮੋਰਚਾ, ਬੀਕੇਯੂ ਡਕੌਂਦਾ, ਬੀਕੇਯੂ ਲੱਖੋਵਾਲ ਅਤੇ ਕੁੱਲ ਹਿੰਦ ਕਿਸਾਨ ਸਭਾ ਨੇ ਕੀਤੀ। ਕਿਸਾਨ ਆਗੂ ਅਵਤਾਰ ਸਿੰਘ ਮਹਿਮਾ ਨੇ ਦੱਸਿਆ ਕਿ ਸਾਲ ਤੋਂ ਵੱਧ ਸਮਾਂ ਦਿੱਲੀ ਦੀਆਂ ਹੱਦਾਂ ‘ਤੇ ਚੱਲੇ ਕਿਸਾਨ ਅੰਦੋਲਨ ਵੇਲੇ ਬੇਸ਼ੱਕ ਕੇਂਦਰ ਸਰਕਾਰ ਨੇ ਤਿੰਨ ਖੇਤੀ ਵਿਰੋਧੀ ਕਾਨੂੰਨ ਰੱਦ ਕਰ ਦਿੱਤੇ ਸਨ ਪਰ ਮੋਰਚਾ ਸਮਾਪਤੀ ਵੇਲੇ ਮੰਨੀਆਂ ਮੰਗਾਂ ਨੂੰ ਅਜੇ ਤਕ ਲਾਗੂ ਨਹੀਂ ਕੀਤਾ। ਇਸ ਕਾਰਨ ਪੂਰੇ ਭਾਰਤ ਦੇ ਸੰਸਦ ਮੈਂਬਰਾਂ ਨੂੰ ਚਿਤਾਵਨੀ ਪੱਤਰ ਦਿੰਦਿਆਂ ਮੋਰਚੇ ਨੇ ਮੰਗ ਕੀਤੀ ਹੈ ਕਿ ਸਾਰੀਆਂ ਰਾਜਨੀਤਕ ਪਾਰਟੀਆਂ ਦੇ ਸੰਸਦ ਮੈਂਬਰ ਕਿਸਾਨਾਂ ਲਈ ਆਵਾਜ਼ ਚੁੱਕਣ। ਜੇ ਉਹ ਅਜਿਹਾ ਨਹੀਂ ਕਰਦੇ ਤਾਂ ਇਨ੍ਹਾਂ ਆਗੂਆਂ ਦਾ ਵਿਰੋਧ ਕੀਤਾ ਜਾਵੇਗਾ।
ਬੀਕੇਯੂ (ਡਕੌਂਦਾ) ਵੱਲੋਂ ਬਾਦਲਾਂ ਦੇ ਵਿਰੋਧ ਦਾ ਐਲਾਨ
ਲੰਬੀ (ਇਕਬਾਲ ਸਿੰਘ ਸ਼ਾਂਤ): ਪਿੰਡ ਬਾਦਲ ਵਿੱਚ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਮੰਗ ਪੱਤਰ-ਕਮ-ਚਿਤਾਵਨੀ ਪੱਤਰ ਲੈਣ ਲਈ ਕੋਈ ਨੁਮਾਇੰਦਾ ਨਾ ਪੁੱਜਣ ਤੋਂ ਖ਼ਫ਼ਾ ਬੀਕੇਯੂ (ਡਕੌਂਦਾ) ਨੇ ਬਾਦਲ ਪਰਿਵਾਰ ਵਿਰੁੱਧ ਵੱਡਾ ਐਲਾਨ ਕੀਤਾ ਹੈ। ਬੀਕੇਯੂ (ਡਕੌਂਦਾ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਲਾਗਲੇ ਚਾਰ ਜ਼ਿਲ੍ਹਿਆਂ ਵਿੱਚ ਬਾਦਲਾਂ ਨੂੰ ਵੜਨ ਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਅੱਜ ਬੀਕੇਯੂ (ਡਕੌਂਦਾ) ਸਣੇ ਕਈ ਜਥੇਬੰਦੀਆਂ ਦੇ ਸੈਂਕੜੇ ਕਿਸਾਨ ਕਾਰਕੁਨ, ਸੰਯੁਕਤ ਮੋਰਚੇ ਦੇ ਸੱਦੇ ‘ਤੇ 13 ਮੰਗਾਂ ਵਲਾ ਪੱਤਰ ਦੇਣ ਪੁੱਜੇ ਸਨ। ਰੋਹ ਵਿਚ ਆਏ ਕਿਸਾਨਾਂ ਨੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਸੌਂਪਣ ਲਈ ਲਿਆਂਦਾ ਮੰਗ ਪੱਤਰ ਵੀ ਸਾੜ ਦਿੱਤਾ। ਸੀਨੀਅਰ ਆਗੂ ਅਤੇ ਬੀਕੇਯੂ ਡਕੌਂਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਦੀ ਅਗਵਾਈ ਹੇਠਾਂ ਬਾਦਲ ਪਰਿਵਾਰ ਦੀ ਰਿਹਾਇਸ਼ ਅੱਗੇ ਮੁਜ਼ਾਹਰਾ ਕੀਤਾ ਗਿਆ। ਗੁਰਦੀਪ ਸਿੰਘ ਰਾਮਪੁਰਾ ਅਤੇ ਬਲਵਿੰਦਰ ਸਿੰਘ ਫੌਜੀ ਜੇਠੂਕੇ ਨੇ ਮੋਰਚੇ ਵੱਲੋਂ ਐਲਾਨ ਕੀਤਾ ਕਿ 2024 ਦੀਆਂ ਵੋਟਾਂ ਮੌਕੇ ਬਾਦਲ ਪਰਿਵਾਰ ਦਾ ਪਿੰਡਾਂ ‘ਚ ਵੋਟਾਂ ਮੰਗਣ ਆਉਣਗ ਸਮੇਂ ਬਠਿੰਡਾ, ਮੁਕਤਸਰ, ਫਾਜ਼ਿਲਕਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਵਿਰੋਧ ਕੀਤਾ ਜਾਵੇਗਾ। ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਦਿੱਲੀ ਦੇ ਮੋਰਚੇ ਬਾਅਦ 18 ਮਹੀਨੇ ਬੀਤਣ ਬਾਅਦ ਵੀ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਸੰਸਦ ਮੈਂਬਰਾਂ ਤੋਂ ਉਮੀਦ ਕੀਤੀ ਗਈ ਸੀ ਕਿ ਉਹ ਪਾਰਲੀਮੈਂਟ ਵਿੱਚ ਕਿਸਾਨ ਮੁੱਦੇ ਹੱਲ ਕਰਨ ਲਈ ਜ਼ੋਰਦਾਰ ਆਵਾਜ਼ ਬੁਲੰਦ ਕਰਨਗੇ।