ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 26 ਅਪਰੈਲ
ਦਿ ਕਲਾਸ ਫ਼ੋਰ ਗੌਰਮਿੰਟ ਐਂਪਲਾਈਜ਼ ਯੂਨੀਅਨ ਜ਼ਿਲ੍ਹਾ ਬਠਿੰਡਾ ਦੀ ਇਥੇ ਹੋਈ ਮੀਟਿੰਗ ਵਿੱਚ ਕਰਮਚਾਰੀਆਂ ਨੇ ਸਰਕਾਰ ’ਤੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦੇਣ ਦਾ ਦੋਸ਼ ਲਾਉਂਦਿਆਂ, ਸੰਘਰਸ਼ ਕਰਨ ਦੀ ਚਿਤਾਵਨੀ ਦਿੱਤੀ। ਜ਼ਿਲ੍ਹਾ ਪ੍ਰਧਾਨ ਗੁਰਤੇਜ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਬੋਲਦਿਆਂ ਚੇਅਰਮੈਨ ਮਨਜੀਤ ਗਿੱਲ, ਜਨਰਲ ਸਕੱਤਰ ਕ੍ਰਿਸ਼ਨ ਸਿੰਘ ਅਤੇ ਸੰਜੀਵ ਕੁਮਾਰ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਦੀਆਂ ਸਰਕਾਰਾਂ ਵੱਲੋਂ ਹਮੇਸ਼ਾ ਕਰਮਚਾਰੀਆਂ ਦੇ ਹਿਤਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਪਰ ਉਨ੍ਹਾਂ ਦੀ ਹੱਕੀ ਮੰਗਾਂ ਨੂੰ ਮੰਨਿਆ ਨਹੀਂ ਜਾ ਰਿਹਾ। ਉਨ੍ਹਾਂ ਕਿਹਾ ਕਿ ਉਹ ਪਿਛਲੇ ਦਿਨੀਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਵੀ ਮਿਲੇ ਸਨ ਪਰ ਕੁਝ ਪੱਲੇ ਨਹੀਂ ਪਿਆ। ਉਨ੍ਹਾਂ ਆਖਿਆ ਕਿ ਮੰਗਾਂ ਦੀ ਪੂਰਤੀ ਲਈ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਮੀਟਿੰਗ ’ਚ ਫੈਸਲਾ ਕੀਤਾ ਗਿਆ ਕਿ ਮਜ਼ਦੂਰ ਦਿਵਸ ਵਾਲੇ ਦਿਨ ਗਿਆਨੀ ਜ਼ੈਲ ਸਿੰਘ ਇੰਜਨੀਅਰਿੰਗ ਕਾਲਜ ਬਠਿੰਡਾ ਦੇ ਗੇਟ ’ਤੇ ਝੰਡਾ ਲਹਿਰਾ ਕੇ, ਬਾਅਦ ਵਿਚ ਸ਼ਹਿਰ ਅੰਦਰ ਵਾਹਨਾਂ ’ਤੇ ਮਾਰਚ ਕੀਤਾ ਜਾਵੇਗਾ। ਮੀਟਿੰਗ ਵਿੱਚ ਸੱਤ ਪਾਲ, ਸੋਹਣ ਲਾਲ, ਗੁਰਲਾਲ ਸਿੰਘ, ਹੁਕਮ ਚੰਦ, ਕਪਿਲ ਕੁਮਾਰ, ਗੁਰਪ੍ਰੀਤ ਸਿੰਘ, ਮਨਜੀਤ ਸਿੰਘ ਤੇ ਹੋਰ ਹਾਜ਼ਰ ਸਨ।