ਸਰਕਾਰ ਨੂੰ ਕੋਝੀਆਂ ਚਾਲਾਂ ਤੋਂ ਬਾਜ਼ ਆਉਣ ਦੀ ਚਿਤਾਵਨੀ
ਮੁਲਾਜ਼ਮਾਂ ਦੀ ਅਣਦੇਖੀ ਵਿਰੁੱਧ ਮੁੱਖ ਮੰਤਰੀ ਦਾ ਪੁਤਲਾ ਸਾੜਿਆ; ਮੀਟਿੰਗ ਤੋਂ ਮੁੱਕਰਨ ’ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ’ਚ ਰੋਸ
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਸਲਿਆਂ ਸਬੰਧੀ ਗੱਲਬਾਤ ਤੋਂ ਪਿੱਛੇ ਹਟਣ ਦੇ ਵਿਰੋਧ ਵਿੱਚ ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਮੁਲਾਜ਼ਮ ਆਗੂਆਂ ਨੇ ਸਰਕਾਰ ਨੂੰ ਕੋਝੀਆਂ ਚਾਲਾਂ ਤੋਂ ਬਾਜ਼ ਆਉਣ ਦੀ ਚਿਤਾਵਨੀ ਦਿੱਤੀ ਅਤੇ ਨਾਅਰੇਬਾਜ਼ੀ ਕਰਦਿਆਂ ਮੰਗਾਂ ਦੇ ਹੱਲ ਲਈ ਤੁਰੰਤ ਗੱਲਬਾਤ ਸ਼ੁਰੂ ਕਰਨ ਦੀ ਮੰਗ ਕੀਤੀ।
ਇਸ ਮੌਕੇ ਸਿਕੰਦਰ ਸਿੰਘ ਧਾਲੀਵਾਲ, ਹਰਨੇਕ ਸਿੰਘ ਗਹਿਰੀ, ਦਰਸ਼ਨ ਮੌੜ, ਮੁਨੀਸ਼ ਕੁਮਾਰ, ਜਤਿੰਦਰ ਕ੍ਰਿਸ਼ਨ, ਗੁਰਮੇਲ ਸਿੰਘ ਅਤੇ ਰਣਜੀਤ ਸਿੰਘ ਤੂਰ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਭੱਜ ਚੁੱਕੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਨੇ ਸਾਢੇ ਚਾਰ ਸਾਲਾਂ ਦੌਰਾਨ ਮੁਲਾਜ਼ਮਾਂ ਨਾਲ ਮੀਟਿੰਗ ਕਰਨੀ ਵੀ ਜ਼ਰੂਰੀ ਨਹੀਂ ਸਮਝੀ। ਉਨ੍ਹਾਂ ਦੱਸਿਆ ਕਿ 30 ਅਗਸਤ ਨੂੰ ਲੁਧਿਆਣਾ ਵਿੱਚ ਪੰਜਾਬ ਦੀਆਂ ਸਮੁੱਚੀਆਂ ਜਥੇਬੰਦੀਆਂ ਦੀ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਬਿਗਲ ਵਜਾਉਣ ਦਾ ਫ਼ੈਸਲਾ ਕੀਤਾ ਜਾਵੇਗਾ।
ਬਰਨਾਲਾ (ਪਰਸ਼ੋਤਮ ਬੱਲੀ): ਡੀ ਏ ਭੁਗਤਾਨ ਸਮੇਤ ਹੋਰ ਮੁਲਾਜ਼ਮ ਮੰਗਾਂ ਪ੍ਰਤੀ ਸੂਬਾ ਸਰਕਾਰ ਦੇ ਅੜੀਅਲ ਰਵੱਈਏ ਤੋਂ ਖਫ਼ਾ ਮੁਲਾਜ਼ਮਾਂ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਅੱਜ ਇੱਥੇ ਡੀ ਸੀ ਕੰਪਲੈਕਸ ਵਿਖੇ ਰੋਸ ਪ੍ਰਦਰਸ਼ਨ ਤੇ ਕਚਹਿਰੀ ਚੌਕ ਪੁੱਜ ਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ। ਸਾਂਝੀ ਤਾਲਮੇਲ ਕਮੇਟੀ ਜ਼ਿਲ੍ਹਾ ਆਗੂਆਂ ‘ਚ ਸ਼ਾਮਲ ਤਰਸੇਮ ਭੱਠਲ, ਸ਼ਿੰਦਰ ਸਿੰਘ ਧੌਲਾ, ਦਰਸ਼ਨ ਚੀਮਾ, ਬਲਜਿੰਦਰ ਪ੍ਰਭੂ, ਪ੍ਰਿੰ. ਕੌਰ ਸਿੰਘ ਤੇ ਗਮਦੂਰ ਸਿੰਘ ਨੇ ਕਿਹਾ ਕਿ ਮੁਲਾਜ਼ਮ ਹੁਣ ਕਿਸੇ ਵੀ ਅਨੁਸ਼ਾਸਨੀ ਕਾਰਵਾਈ ਜਾਂ ਧਮਕੀ ਭਰੇ ਸਰਕੂਲਰਾਂ ਤੋਂ ਨਹੀਂ ਡਰਨਗੇ। ਆਗੂਆਂ ਕਿਹਾ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ‘ਆਪ‘ ਸਰਕਾਰ ਹੋਰ ਤਿੱਖੇ ਸੰਘਰਸ਼ ਦੇ ਸਾਹਮਣੇ ਲਈ ਤਿਆਰ ਰਹੇ।

