ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਖ਼ਿਲਾਫ਼ ਸੰਘਰਸ਼ ਵਿੱਢਾਂਗੇ: ਉਗਰਾਹਾਂ
ਜੋਗਿੰਦਰ ਸਿੰਘ ਮਾਨ
ਮਾਨਸਾ, 13 ਜੁਲਾਈ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਕੇਂਦਰ ਸਰਕਾਰ ਨਾਲ ਮਿਲ ਕੇ ਕਿਸਾਨਾਂ ਦੀਆਂ ਜਬਰੀ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੇ ਰਾਹ ਤੁਰ ਪਈ ਹੈ। ਉਨ੍ਹਾਂ ਕਿਹਾ ਕਿ ਕੁਝ ਹੀ ਸਮੇਂ ਵਿੱਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਨਾਲ ਲੱਗਦੀਆਂ ਜ਼ਮੀਨਾਂ, ਜੋ 65000 ਏਕੜ ਤੋਂ ਉਪਰ ਬਣਦੀ ਹੈ, ਨਵੀਆਂ ਕਲੋਨੀਆਂ ਵਸਾਉਣ ਲਈ ਰੋਕਣ ਦੇ ਹੁਕਮ ਜਾਰੀ ਕਰ ਦਿੱਤੇ ਹਨ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹ ਅੱਜ ਮਾਨਸਾ ਨੇੜਲੇ ਪਿੰਡ ਫਫੜੇ ਭਾਈਕੇ ਵਿੱਚ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਸ੍ਰੀ ਉਗਰਾਹਾਂ ਨੇ ਕਿਹਾ ਕਿ ਜਬਰੀ ਜ਼ਮੀਨਾਂ ਖੋਹਣ ਦੇ ਸਰਕਾਰ ਦੇ ਇਸ ਨਾਦਰਸ਼ਾਹੀ ਹੁਕਮ ਦੇ ਖ਼ਿਲਾਫ਼ ਸੰਯੁਕਤ ਮੋਰਚੇ ਵੱਲੋਂ ਅਗਲੇ ਮਹੀਨੇ ਮੁੱਲਾਂਪੁਰ ਵਿੱਚ ਸੂਬਾ ਪੱਧਰੀ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਕਿਸਾਨਾਂ ਨੂੰ ਵੱਡੀ ਪੱਧਰ ਤੇ ਲੈਕੇ ਜਾਣ ਲਈ ਤਿਆਰੀ ਮੁਹਿੰਮ ਪੰਜਾਬ ਭਰ ਵਿੱਚ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਹਰ ਰੋਜ ਲੋਕ ਵਿਰੋਧੀ ਫੈਸਲੇ ਲੈ ਰਹੀ ਹੈ ਅਤੇ ਸੰਘਰਸਸ਼ੀਲ ਆਗੂਆਂ ਨੂੰ ਫੜ੍ਹ ਕੇ ਜੇਲ੍ਹਾਂ ਵਿੱਚ ਬੰਦ ਕਰ ਰਹੀ ਹੈ, ਜਿਸ ਦੀ ਉੱਘੀ ਮਿਸ਼ਾਲ ਸੰਗਰੂਰ ਜ਼ਿਲ੍ਹੇ ਵਿੱਚ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਉੱਤੇ ਅਣਐਲਾਨੀਆਂ ਪਾਬੰਦੀਆਂ ਅਤੇ ਆਗੂਆਂ ਨੂੰ ਫੜਕੇ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਇਸ ਫੈਸਲੇ ਦੇ ਖ਼ਿਲਾਫ਼ ਅਤੇ ਜੇਲ੍ਹੀ ਬੰਦ ਆਗੂਆਂ ਨੂੰ ਬਿਨਾਂ ਸ਼ਰਤ ਰਿਹਾਈ ਦੀ ਮੰਗ ਅਤੇ ਸੰਘਰਸ਼ ਉੱਤੇ ਲਾਈ ਅਣਐਲਾਨੀ ਪਾਬੰਦੀ ਖ਼ਤਮ ਕਰਵਾਉਣ ਲਈ ਕਿਸਾਨ/ਮਜ਼ਦੂਰ ਜਥੇਬੰਦੀਆਂ ਵੱਲੋਂ ਸੰਗਰੂਰ ਵਿੱਚ 25 ਜੁਲਾਈ ਨੂੰ ਬਹੁਤ ਵੱਡੀ ਰੋਸ਼ ਰੈਲੀ ਤੇ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਕਿਸਾਨਾਂ ਦੀ ਵਿਸ਼ਾਲ ਗਿਣਤੀ ਲੈਕੇ ਬੀਕੇਯੂ ਉਗਰਾਹਾਂ 25 ਜੁਲਾਈ ਨੂੰ ਸੰਗਰੂਰ ਵਿੱਚ ਪਹੁੰਚੇਗੀ, ਜਿਸ ਦੀਆਂ ਤਿਆਰੀ ਮੀਟਿੰਗਾਂ ਸਾਰੇ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੀਆਂ ਹੋਈਆਂ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ, ਜੋਗਿੰਦਰ ਸਿੰਘ ਦਿਆਲਪੁਰਾ, ਭੋਲਾ ਸਿੰਘ ਮਾਖਾ ਤੇ ਹੋਰ ਹਾਜ਼ਰ ਸਨ।