ਅਕਾਲ ਤਖ਼ਤ ਦੇ ਭਗੌੜਿਆਂ ਨਾਲ ਸਮਝੌਤਾ ਨਹੀਂ ਕਰਾਂਗੇ: Parminder Singh Dhindsa
ਅਕਾਲੀ ਦਲ ਦਾ ਯੂਥ ਵਿੰਗ ਦਾ ਸਾਬਕਾ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੂਸਾ ਵਾਰਿਸ ਪੰਜਾਬ ’ਚ ਸ਼ਾਮਲ
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣਾ ਗਰੂਰ ਛੱਡ ਕੇ ਅਕਾਲ ਤਖ਼ਤ ਸਾਹਿਬ ਦੇ 2 ਦਸੰਬਰ ਵਾਲੇ ਫ਼ੈਸਲੇ ਨੂੰ ਸਵੀਕਾਰ ਕਰ ਲੈਂਦੇ ਹਨ ਤਾਂ ਪੰਥਕ ਏਕਤਾ ਹੋ ਸਕਦੀ ਹੈ। ਸ੍ਰੀ ਢੀਂਡਸਾ ਨੇ ਕਿਹਾ ਕਿ ਪੰਥਕ ਏਕਤਾ ਵਿੱਚ ਸਭ ਤੋਂ ਵੱਡਾ ਅੜਿੱਕਾ ਹੀ ਸ੍ਰੀ ਬਾਦਲ ਦਾ ਹੰਕਾਰ ਹੈ। ਉਨ੍ਹਾਂ ਸਾਫ਼ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਮੰਨ ਕੇ ਹੀ ਸਾਰੀਆਂ ਪੰਥਕ ਪਾਰਟੀਆਂ ਅਤੇ ਨੇਤਾਵਾਂ ਵਿੱਚ ਆਪਸੀ ਏਕਤਾ ਅੱਜ ਵੀ ਹੋ ਸਕਦੀ ਹੈ ਅਤੇ ਅਕਾਲੀ ਏਕਤਾ ਦਾ ਹੋਣਾ ਪੰਜਾਬ ਦੇ ਭਲੇ ਲਈ ਲਾਜ਼ਮੀ ਹੈ। ਉਹ ਅੱਜ ਮਾਨਸਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਲਖਵਿੰਦਰ ਸਿੰਘ ਮੂਸਾ ਦੇ ਘਰ ਉਨ੍ਹਾਂ ਪਾਰਟੀ ’ਚ ਸ਼ਾਮਲ ਕਰਵਾਉਣ ਲਈ ਪੁੱਜੇ ਹੋਏ ਸਨ।
ਸਾਬਕਾ ਵਿੱਤ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਨੇ ਦੇਸ਼ ਲਈ ਅਜ਼ਾਦੀ ਹਾਸਲ ਕਰਨ ਅਤੇ ਅਜ਼ਾਦੀ ਤੋਂ ਮਗਰੋਂ ਮੁਲਕ ਵਿੱਚ ਲੋਕ ਰਾਜ ਅਤੇ ਮਨੁੱਖੀ ਅਧਿਕਾਰਾਂ ਦੀ ਰਖਵਾਲੀ ਕਰਨ ਲਈ ਲੰਬੇ ਸੰਘਰਸ਼ ਵਿੱਚ ਹਮੇਸ਼ਾ ਮੁਹਰਲੀ ਕਤਾਰ ਵਿੱਚ ਖੜ੍ਹਕੇ ਲੜਾਈ ਲੜੀ ਹੈ, ਪਰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਨੇ ਸਭ ਬਰਬਾਦ ਕਰ ਦਿੱਤਾ। ਸੁਖਬੀਰ ਨੇ 100 ਸਾਲ ਤੋਂ ਪੁਰਾਣੀ ਪਰਾਟੀ ਨੂੰ ਖੇਰੂੰ-ਖੇਰੂੰ ਕਰ ਦਿੱਤਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੁਖਬੀਰ ਸਿੰਘ ਬਾਦਲ ਨਾਲ ਕੋਈ ਏਕਤਾ ਨਹੀਂ ਹੋ ਸਕਦੀ, ਜਦੋਂਕਿ ਪੰਜਾਬ ਦੀ ਵਰਤਮਾਨ ਸਥਿਤੀ ਨੂੰ ਦੇਖਦਿਆਂ ਵਾਰਿਸ ਪੰਜਾਬ ਨਾਲ ਸਮਝੌਤਾ ਹੋ ਸਕਦਾ ਹੈ। ਭਾਜਪਾ ਨਾਲ ਵੀ ਕੋਈ ਗੱਲਬਾਤ ਨਹੀਂ ਹੋ ਸਕਦੀ ਹੈ।
ਇਸੇ ਦੌਰਾਨ ਲਖਵਿੰਦਰ ਸਿੰਘ ਮੂਸਾ ਨੇ ਪਾਰਟੀ ਲਈ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਐੱਸ ਜੀ ਪੀ ਸੀ ਮੈਂਬਰ ਮਿੱਠੂ ਸਿੰਘ ਕਾਹਨੇਕੇ, ਜਸਵੰਤ ਸਿੰਘ ਕੋਟੜਾ ਵੀ ਮੌਜੂਦ ਸਨ।
ਤਖ਼ਤ ਦਮਦਮਾ ਸਾਹਿਬ ’ਤੇ ਅਰਦਾਸ ਕੀਤੀ
ਬਠਿੰਡਾ (ਮਨੋਜ ਸ਼ਰਮਾ): ਸ਼੍ੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਸ਼ੁਰੂ ਕੀਤੀ ਅਰਦਾਸ ਮੁਹਿੰਮ ਤਹਿਤ ਅੱਜ ਬਰਨਾਲਾ, ਸੰਗਰੂਰ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਦੇ ਆਗੂਆਂ ਨੇ ਪਾਰਟੀ ਦੇ ਮੀਤ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਸੰਗਤ ਰੂਪ ਵਿੱਚ ਅਰਦਾਸ ਕੀਤੀ। ਸ੍ਰੀ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਲਈ ਸਿੱਖ ਕੌਮ ਦੇ ਬਜ਼ੁਰਗਾਂ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਸਨ, ਪਰ ਮੌਜੂਦਾ ਪ੍ਰਬੰਧਕਾਂ ਦੀ ਕਾਰਗੁਜ਼ਾਰੀ ਨੇ ਸੰਗਤ ਨੂੰ ਨਿਰਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਆਨੰਦਪੁਰ ਸਾਹਿਬ ਮਾਮਲੇ ਵਿੱਚ ਰਾਜਨੀਤੀ ਕਰਨ ਦੇ ਦੋਸ਼ ਬੇਬੁਨਿਆਦ ਹਨ ਅਤੇ ਸਬੰਧਤ ਬੀਬੀ ਵੱਲੋਂ ਦਿੱਤੀ ਸਪੱਸ਼ਟਤਾ ਨਾਲ ਸੱਚਾਈ ਲੋਕਾਂ ਸਾਹਮਣੇ ਆ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਮਾਮਲਾ 2 ਦਸੰਬਰ ਦੇ ਹੁਕਮਨਾਮਿਆਂ ਦਾ ਬਦਲਾ ਲੈਣ ਦੀ ਸਾਜ਼ਿਸ਼ ਨਾਲ ਜੁੜਿਆ ਹੋਇਆ ਹੈ। ਗੋਬਿੰਦ ਸਿੰਘ ਲੌਂਗੋਵਾਲ ਨੇ ਗੰਗਾਨਗਰ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਸਾਹਿਬ ਅਤੇ ਲੁਧਿਆਣਾ ਦੇ ਗੁਰਦੁਆਰਾ ਆਲਮਗੀਰ ਸਾਹਿਬ ਵਿੱਚ ਹੋਏ ਹਮਲਿਆਂ ਦਾ ਹਵਾਲਾ ਦਿੰਦਿਆਂ ਮੌਜੂਦਾ ਪ੍ਰਬੰਧਾਂ ’ਤੇ ਸਵਾਲ ਉਠਾਏ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦ ਕਰਵਾਈਆਂ ਜਾਣ। ਇਸ ਮੌਕੇ ਵੱਖ-ਵੱਖ ਜ਼ਿਲ੍ਹਿਆਂ ਦੇ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ। ਪਾਰਟੀ ਆਗੂਆਂ ਜਗਜੀਤ ਸਿੰਘ ਕੋਹਲੀ ਅਤੇ ਤਜਿੰਦਰ ਸਿੰਘ ਪੰਨੂ ਨੇ ਦੱਸਿਆ ਕਿ 11 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਨਾਲ ਮੁਹਿੰਮ ਦੀ ਸਮਾਪਤੀ ਹੋਵੇਗੀ।

