ਹਰ ਪਿੰਡ ’ਚ ਸੱਭਿਆਚਾਰਕ ਕੇਂਦਰ ਖੋਲ੍ਹਾਂਗੇ: ਪੰਵਾਰ
ਹਰਿਆਣਾ ਦੇ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਨੇ ਕਿਹਾ ਕਿ ਸਰਕਾਰ ਹਰ ਪਿੰਡ ਵਿੱਚ ਮਹਿਲਾ ਸੱਭਿਆਚਾਰਕ ਕੇਂਦਰ ਖੋਲ੍ਹੇਗੀ। ਇਨ੍ਹਾਂ ਕੇਂਦਰਾਂ ਵਿੱਚ ਸਾਮਾਨ ਵੀ ਉਪਲਬਧ ਕਰਵਾਇਆ ਜਾਵੇਗਾ। ਪੇਂਡੂ ਖੇਤਰਾਂ ਵਿੱਚ ਖੋਲ੍ਹੇ ਜਾਣ ਵਾਲੇ ਇਨ੍ਹਾਂ ਕੇਂਦਰਾਂ ਵਿੱਚ ਔਰਤਾਂ ਕਲਾ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲੀਆਂ ਗਤੀਵਿਧੀਆਂ ਕਰ ਸਕਣਗੀਆਂ। ਅੱਜ ਸਿਰਸਾ ਵਿੱਚ ਅੱਠ ਮਹਿਲਾ ਸੱਭਿਆਚਾਰਕ ਕੇਂਦਰ ਸ਼ੁਰੂ ਕੀਤੇ ਗਏ ਹਨ। ਇਸ ਤੋਂ ਇਲਾਵਾ, 86 ਈ-ਲਾਇਬ੍ਰੇਰੀਆਂ ਵੀ ਖੋਲ੍ਹੀਆਂ ਗਈਆਂ ਹਨ। ਤੀਜ ਦੀ ਵਧਾਈ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਰਾਜ ਅਤੇ ਕੇਂਦਰ ਸਰਕਾਰ ਔਰਤਾਂ ਦੇ ਸਨਮਾਨ ਲਈ ਲਗਾਤਾਰ ਯਤਨਸ਼ੀਲ ਹੈ। ਉਹ ਅੱਜ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਆਡੀਟੋਰੀਅਮ ਵਿੱਚ ਹਰਿਆਣਾ ਰਾਜ ਪੇਂਡੂ ਆਜੀਵਿਕਾ ਮਿਸ਼ਨ ਵੱਲੋਂ ਕਰਵਾਏ ਜ਼ਿਲ੍ਹਾ ਪੱਧਰੀ ਤੀਜ ਤਿਉਹਾਰ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨੇ ਸਵੈ-ਸਹਾਇਤਾ ਸਮੂਹਾਂ ਦੁਆਰਾ ਤਿਆਰ ਕੀਤੇ ਗਏ ਉਤਪਾਦਾਂ ਦੇ ਸਟਾਲਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਕੈਬਨਿਟ ਮੰਤਰੀ ਨੇ ਦੋ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਪ੍ਰਦਰਸ਼ਨ ਲਈ ਨਗਦ ਇਨਾਮ ਦੇ ਕੇ ਸਨਮਾਨਿਆ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਤੇ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ।