ਸ਼੍ਰੋਮਣੀ ਕਮੇਟੀ ਦੀ ਆਜ਼ਾਦੀ ਲਈ ਸੰਘਰਸ਼ ਕਰਦਾ ਰਹਾਂਗਾ: ਕਾਹਨਕੇ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੀ ਚੋਣ ਵਿੱਚ ਮਾਨਸਾ ਦੇ ਸ਼੍ਰੋਮਣੀ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਨਕੇ ਭਾਵੇਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਚੋਣ ਹਾਰ ਗਏ ਹਨ, ਪਰ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋਂ ਆਜ਼ਾਦ ਕਰਵਾਉਣ ਲਈ ਹਮੇਸ਼ਾ ਸੰਘਰਸ਼ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪੁੱਗੀ ਮਿਆਦ ਵਾਲੇ ਜਨਰਲ ਹਾਊਸ ਦੀ ਅੱਜ ਹੋਈ ਚੋਣ ਭਾਵੇਂ ਬਾਦਲ ਦਲ ਲਈ ਜਸ਼ਨ ਵਾਲੀ ਹੈ, ਪਰ ਇਹ ਸਿੱਖ ਕੌਮ ਲਈ ਡੂੰਘੀ ਚਿੰਤਾ ਦਾ ਵਿਸ਼ਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਬਹੁਤੇ ਮੈਂਬਰਾਂ ਨੂੰ ਕਮੇਟੀ ’ਤੇ ਕਾਬਜ਼ ਧਿਰ ਨੇ ਉਨ੍ਹਾਂ ਦੇ ਨੇੜਲੇ ਰਿਸ਼ਤੇਦਾਰ ਧੀਆਂ-ਪੁੱਤਰਾਂ ਨੂੰ ਸ਼੍ਰੋਮਣੀ ਕਮੇਟੀ ਅੰਦਰ ਨੌਕਰੀ ਦੇ ਕੇ ਇਹ ਮੈਂਬਰ ਜ਼ਮੀਰ ਦੀ ਆਵਾਜ਼ ਨਾਲ ਵੋਟ ਨਹੀਂ ਪਾ ਸਕੇ। ਉਨ੍ਹਾਂ ਅੱਜ ਦੀ ਚੋਣ ਨੂੰ ਡਰਾਮਾ ਦੱਸਿਆ ਹੈ।
ਐਡਵੋਕੇਟ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਲਈ ਚੁਣੌਤੀ ਦੇਣ ਵਾਲੇ ਮਾਸਟਰ ਮਿੱਠੂ ਸਿੰਘ ਕਾਹਨਕੇ ਬੇਸ਼ੱਕ ਵੱਡੇ ਫ਼ਰਕ ਨਾਲ ਇਹ ਚੋਣ ਹਾਰ ਗਏ, ਪਰ ਉਨ੍ਹਾਂ ਵੱਲੋਂ ਪ੍ਰਧਾਨਗੀ ਦੀ ਇਹ ਚੋਣ ਲੜਨ ਨਾਲ ਮਾਨਸਾ ਦੀਆਂ ਚਰਚਾਵਾਂ ਅਤੇ ਗੱਲਾਂ ਹੁੰਦੀਆਂ ਰਹੀਆਂ। ਮਾਸਟਰ ਮਿੱਠੂ ਸਿੰਘ ਕਾਹਨਕੇ ਲੈਕਚਰਾਰ ਦੀ ਸਰਕਾਰੀ ਸੇਵਾ ਨਿਭਾਉਣ ਦੇ ਨਾਲ-ਨਾਲ ਅਧਿਆਪਕ ਦਲ ਪੰਜਾਬ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਸੇਵਾ ਮੁਕਤੀ ਤੋਂ ਬਾਅਦ ਉਹ ਮਾਨਸਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਚੁਣੇ ਗਏ ਸਨ। ਉਨ੍ਹਾਂ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਸਬੰਧ ਰੱਖਦੇ ਹਨ ਅਤੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਪੰਥਕ ਮੁੱਦਿਆਂ ਨੂੰ ਲੈ ਕੇ ਜੱਦੋ-ਜਹਿਦ ਕਰਦੇ ਰਹੇ।
