ਪੱਤਰ ਪ੍ਰੇਰਕ
ਭਗਤਾ ਭਾਈ, 17 ਮਈ
ਆਮ ਆਦਮੀ ਪਾਰਟੀ ਨੇ ਵਿਧਾਨ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਜੋ ਗਾਰੰਟੀਆਂ ਦਿੱਤੀਆਂ ਸਨ, ਉਨ੍ਹਾਂ ਨੂੰ ਲਾਗੂ ਕਰਨ ਲਈ ਲੋੜੀਂਦੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਰਾਮਪੁਰਾ ਫੂਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਪਿੰਡ ਕੋਠਾ ਗੁਰੂ ਅਤੇ ਰਾਮੂਵਾਲਾ ਵਿੱਚ ਵੋਟਰਾਂ ਦਾ ਧੰਨਵਾਦ ਕਰਨ ਲਈ ਰੱਖੇ ਪ੍ਰੋਗਰਾਮਾਂ ਨੂੰ ਸੰਬੋਧਨ ਕਰਦਿਆਂ ਕੀਤਾ। ਵਿਧਾਇਕ ਸਿੱਧੂ ਨੇ ਨਸ਼ੇ ਤੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਇਨ੍ਹਾਂ ਦੋਹਾਂ ਬੁਰਾਈਆਂ ਨੂੰ ਖਤਮ ਕਰਕੇ ਹੀ ਸਾਹ ਲਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਦੋ ਮਹੀਨਿਆਂ ਦੇ ਕਾਰਜਕਾਲ ਦੌਰਾਨ ਲੋਕਾਂ ਦੇ ਹੱਕ ’ਚ, ਜੋ ਇਤਿਹਾਸਕ ਫੈਸਲੇ ਲਏ ਹਨ, ਉਨ੍ਹਾਂ ਤੋਂ ਵਿਰੋਧੀ ਪਾਰਟੀਆਂ ’ਚ ਸਖ਼ਤ ਘਬਰਾਹਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਗੜੇ ਸਿਸਟਮ ’ਚ ਬਹੁਤ ਸੁਧਾਰ ਹੋ ਰਿਹਾ ਤੇ ਆਉਂਦੇ ਦਿਨਾਂ ਵਿੱਚ ਹੋਰ ਵੀ ਚੰਗਾ ਵੇਖਣ ਨੂੰ ਮਿਲੇਗਾ। ਇਸ ਮੌਕੇ ਨਛੱਤਰ ਸਿੰਘ ਸਿੱਧੂ, ਜਤਿੰਦਰ ਸਿੰਘ ਭੱਲਾ ਤੇ ਬਹਾਦਰ ਸਿੰਘ ਬਰਾੜ ਹਾਜ਼ਰ ਸਨ।