ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਾਂਗੇ: ਗਿੱਲ
ਪਨਬੱਸ, ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਅੱਜ ਫ਼ਿਰੋਜ਼ਪੁਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਸੂਬਾ ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਮੀਡੀਆ ਸਲਾਹਕਾਰ ਉਡੀਕ ਚੰਦ ਨੇ ਕਿਹਾ ‘ਆਪ’ ਸਰਕਾਰ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤੇ ਵਾਅਦੇ ਭੁੱਲ ਗਈ ਹੈ। ਹੁਣ ਮੀਟਿੰਗਾਂ ਬਹਾਨੇ ਕਿਲੋਮੀਟਰ ਸਕੀਮ ਬੱਸਾਂ ਰਾਹੀਂ ਟਰਾਂਸਪੋਰਟ ਵਿਭਾਗ ਦੇ ਨਿੱਜੀਕਰਨ ਦੀ ਕਾਰਵਾਈ ਤੇਜ਼ ਕਰ ਰਹੀ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਠੇਕੇਦਾਰਾਂ ਖ਼ਿਲਾਫ਼ ਸਬੂਤ ਸਰਕਾਰ ਨੂੰ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ। ਮ੍ਰਿਤਕ ਮੁਲਾਜ਼ਮਾਂ ਦਾ ਗਰੁੱਪ ਬੀਮਾ ਅਤੇ ਵੈੱਲਫੇਅਰ ਫੰਡ ਵੀ ਨਹੀਂ ਦਿੱਤੇ। ਡਿੱਪੂ ਪ੍ਰਧਾਨ ਜਤਿੰਦਰ ਸਿੰਘ ਅਤੇ ਪ੍ਰਧਾਨ ਫ਼ਾਜ਼ਿਲਕਾ ਰਵਿੰਦਰ ਸਿੰਘ ਰਿੰਕੂ ਨੇ ਕਿਹਾ ਕਿ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਅਤੇ ਵੱਡੇ ਲੀਡਰਾਂ ਦੀਆਂ ਬੱਸਾਂ ਨੂੰ ਕਿਲੋਮੀਟਰ ਸਕੀਮ ਤਹਿਤ ਸਰਕਾਰੀ ਪਰਮਿਟਾਂ ’ਤੇ ਚਲਾਉਣ ਲਈ ਟੈਂਡਰ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਇੱਕ ਬੱਸ 6 ਸਾਲਾਂ ਵਿੱਚ 1.5 ਕਰੋੜ ਤੋਂ ਵੱਧ ਰੁਪਏ ਲੈਂਦੀ ਹੈ ਜਦੋਂਕਿ ਸਰਕਾਰੀ ਬੱਸ 33-34 ਲੱਖ ਵਿੱਚ ਆਉਂਦੀ ਹੈ ਅਤੇ 15 ਸਾਲ ਚੱਲਦੀ ਹੈ। ਯੂਨੀਅਨ ਆਗੂਆਂ ਨੇ ਇਹ ਵੀ ਕਿਹਾ ਕਿ ਪਹਿਲੀ ਜੁਲਾਈ 2024 ਨੂੰ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਵਿੱਚ ਸੱਤ ਮੰਗਾਂ ਹੱਲ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ, ਸਗੋਂ ਮੰਨੀਆਂ ਮੰਗਾਂ ਵੀ ਰੋਕ ਦਿੱਤੀਆਂ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ 28 ਜੁਲਾਈ ਨੂੰ ਵਿੱਤ ਮੰਤਰੀ ਪੰਜਾਬ ਨਾਲ ਮੀਟਿੰਗ ਵਿੱਚ ਕੋਈ ਠੋਸ ਹੱਲ ਨਹੀਂ ਨਿਕਲਦਾ ਅਤੇ ਕਿਲੋਮੀਟਰ ਸਕੀਮ ਬੱਸਾਂ ਦੇ ਟੈਂਡਰ ਰੱਦ ਨਹੀਂ ਕੀਤੇ ਜਾਂਦੇ ਤਾਂ ਪੂਰੇ ਪੰਜਾਬ ਵਿੱਚ ਅਣਮਿੱਥੇ ਸਮੇਂ ਦੀ ਹੜਤਾਲ ਕੀਤੀ ਜਾਵੇਗੀ।