ਜਸਵੰਤ ਸਿੰਘ ਗਰੇਵਾਲ
ਚੀਮਾ ਮੰਡੀ, 27 ਸਤੰਬਰ
ਕਸਬੇ ਵਿਖੇ ਸੁਨਾਮ-ਮਾਨਸਾ ਮੁੱਖ ਸੜਕ ਤੇ ਕਿਸਾਨ ਵਿਰੋਧੀ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਆਵਾਜਾਈ ਠੱਪ ਕਰਕੇ ਧਰਨਾ ਲਗਾਇਆ ਗਿਆ। ਇਸ ਮੌਕੇ ਧਰਨਾਕਾਰੀਆਂ ਨੇ ਮੋਦੀ ਸਰਕਾਰ ਵਿਰੁੱਧ ਸਖਤ ਨਾਅਰੇਬਾਜ਼ੀ ਕਰਦਿਆਂ ਇਹ ਕਾਲੇ ਕਾਨੂੰਨ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਇਕਜੁੱਟਤਾ ਨਾਲ ਦਿੱਲੀ ਸੰਘਰਸ਼ ਜਿੱਤ ਵੱਲ ਵੱਧ ਰਿਹਾ ਹੈ ਅਤੇ ਭਾਰਤ ਦੇ ਕਿਸਾਨ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਸਾਹ ਲੈਣਗੇ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਪੰਜਾਬ, ਹਰਿਆਣਾ, ਯੂ.ਪੀ ਤੋਂ ਸ਼ੁਰੂ ਹੋ ਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਪਹੁੰਚ ਗਿਆ ਹੈ ਅਤੇ ਇਸ ਸੰਘਰਸ਼ ਨਾਲ ਦੇਸ਼ ਦੀ ਜਨਤਾ ਇਕਜੁਟ ਹੋ ਕੇ ਮੋਦੀ ਸਰਕਾਰ ਦੀ ਲੁੱਟ ਦਾ ਵਿਰੋਧ ਕਰ ਰਹੀ ਹੈ ਅਤੇ ਇਸ ਤੋਂ ਇਲਾਵਾ ਵਿਦੇਸ਼ਾਂ ਦੀ ਧਰਤੀ ਅਮਰੀਕਾ, ਬੰਗਲਾਦੇਸ਼ ਵਰਗੇ ਵੱਖ-ਵੱਖ ਦੇਸ਼ਾਂ ਵਿੱਚ ਵੀ ਨਰਿੰਦਰ ਮੋਦੀ ਦਾ ਜ਼ਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਪਰ ਭਾਜਪਾ ਦੇ ਲੀਡਰ ਏ.ਸੀ ਕਮਰਿਆਂ ’ਚ ਬੈਠ ਕੇ ਇਨ੍ਹਾਂ ਕਾਨੂੰਨਾਂ ਨੂੰ ਕਿਰਤੀਆਂ ਅਤੇ ਕਿਸਾਨਾਂ ਲਈ ਲਾਹੇਬੰਦ ਦੱਸ ਰਹੇ ਹਨ। ਉਨ੍ਹਾਂ ਭਾਜਪਾ ਲੀਡਰਾਂ ਨੂੰ ਕਿਹਾ ਕਿ ਉਹ ਏਸੀ ਕਮਰੇ ਛੱਡ ਕੇ ਪਿੰਡ ਦੀਆਂ ਸੱਥਾਂ ’ਚ ਆ ਕੇ ਆਪਣੇ ਬਿਲਾਂ ਦਾ ਪ੍ਰਚਾਰ ਕਰਨ। ਇਸ ਮੌਕੇ ਕਿਸਾਨ ਆਗੂ ਰਾਮਸ਼ਰਨ ਸਿੰਘ ਉਗਰਾਹਾਂ, ਸੁਖਪਾਲ ਮਾਣਕ, ਗੁਰਮੇਲ ਸਿੰਘ ਸ਼ਾਹਪੁਰ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ, ਮਨਜੀਤ ਕੌਰ ਤੋਲਾਵਾਲ, ਜਸਵੀਰ ਕੌਰ, ਲਵਪ੍ਰੀਤ ਕੌਰ ਤੋਂ ਇਲਾਵਾ ਛੋਟੀ ਬੱਚੀ ਤਸਮੀਨ ਕੌਰ ਮਾਨ ਨੇ ਵੀ ਸੰਬੋਧਨ ਕੀਤਾ।