ਜਗਤਾਰ ਅਨਜਾਣ
ਮੌੜ ਮੰਡੀ, 26 ਮਈ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਹੁਣ ਔਰਤਾਂ ਵੱਲੋਂ ਧਰਤੀ ਹੇਠਲਾ ਪਾਣੀ ਬਚਾਉਣ ਲਈ ਜਨਤਕ ਮੁਹਿੰਮ ਵਿੱਢੀ ਜਾਵੇਗੀ ਜਿਸ ਸਬੰਧੀ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਬਲਾਕ ਮੌੜ ਦੀ ਪਿੰਡ ਮਾਈਸਰਖਾਨਾ ਦੇ ਗੁਰਦੁਆਰੇ ਵਿੱਚ ਔਰਤਾਂ ਦੀ ਮੀਟਿੰਗ ਪਰਮਜੀਤ ਕੌਰ ਪਿੱਥੋ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਸਮੇਂ ਪਰਮਜੀਤ ਕੌਰ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਬਚਾਅ, ਘਰੇਲੂ ਪਾਣੀ ਦੀ ਬੱਚਤ ਅਤੇ ਬਿਜਲੀ ਦੀ ਕਿੱਲਤ ਦੇ ਮੱਦੇਨਜ਼ਰ ਝੋਨੇ ਦੀ ਸਿੱਧੀ ਬਿਜਾਈ ਬਾਰੇ ਔਰਤਾਂ ਨੂੰ ਸਿੱਖਿਅਤ ਕਰਨਾ ਅੱਜ ਦੀ ਮੀਟਿੰਗ ਦਾ ਮੁੱਖ ਏਜੰਡਾ ਸੀ। ਉਨ੍ਹਾਂ ਕਿਹਾ ਕਿ ਸੂਬੇ ਦੀ ਬਿਹਤਰੀ ਲਈ ਔਰਤਾਂ ਵੱਲੋਂ ਪਾਣੀ ਬਚਾਉਣ ਲਈ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ।
ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਇੱਕਤਰਫਾ ਤੌਰ ‘ਤੇ ਐਲਾਨ ਕੀਤਾ 1500 ਰੁਪਏ ਰਿਸਕ ਭੱਤਾ ਕਾਫੀ ਨਹੀਂ ਹੈ, ਜੇਕਰ ਇਹ 10000 ਰੁਪਏ ਪ੍ਰਤੀ ਏਕੜ ਹੁੰਦਾ ਤਾਂ ਕਿਸਾਨਾਂ ਦੇ ਕਾਫ਼ੀ ਵੱਡੇ ਹਿੱਸੇ ਨੇ ਸਿੱਧੀ ਬਿਜਾਈ ਲਈ ਰਾਜ਼ੀ ਹੋ ਜਾਣਾ ਸੀ। ਦੂਜੇ ਨੰਬਰ ’ਤੇ ਸਰਕਾਰ ਵੱਲੋਂ ਮੂੰਗੀ, ਬਾਸਮਤੀ ਤੇ ਮੱਕੀ ਦੀ ਸਰਕਾਰੀ ਖਰੀਦ ਦਾ ਸਿਰਫ਼ ਐਲਾਨ ਕੀਤਾ ਗਿਆ ਹੈ ਪਰ ਕਾਨੂੰਨੀ ਗਾਰੰਟੀ ਨਹੀਂ ਦਿੱਤੀ ਗਈ, ਬਾਸਮਤੀ ਦਾ ਤਾਂ ਐਮਐੱਸਪੀ ਵੀ ਨਹੀਂ ਮਿਥਿਆ ਗਿਆ। ਤੀਜੇ ਨੰਬਰ ‘ਤੇ ਪਿਛੇਤੇ ਜ਼ੋਨਾਂ ਵਾਲੇ ਕਿਸਾਨਾਂ ਨੂੰ ਬਣਦਾ ਉਤਸ਼ਾਹੀ ਭੱਤਾ ਨਹੀਂ ਦਿੱਤਾ ਗਿਆ। ਜਦੋਂ ਕਿ ਪਿਛੇਤੇ ਝੋਨੇ ਦਾ ਝਾੜ ਵੀ ਘਟਦਾ ਹੈ; ਵੇਚਣ ਵੇਲੇ ਸਿੱਲ੍ਹ ਦੀ ਸਮੱਸਿਆ ਵੀ ਆਉਂਦੀ ਹੈ। ਕਣਕ ਬੀਜਣ ‘ਚ ਪਿਛੇਤ ਦਾ ਹਰਜਾ ਹੁੰਦਾ ਹੈ ਅਤੇ ਲੇਟ ਹੋਣ ਕਰਕੇ ਪਰਾਲੀ ਦੇ ਸੰਘਣੇ ਧੂੰਏਂ ਦੀ ਸਮੱਸਿਆ ਵੀ ਵਧ ਜਾਂਦੀ ਹੈ। ਮੀਟਿੰਗ ਵੱਲੋਂ ਸਰਬਸੰਮਤੀ ਨਾਲ ਮੰਗ ਕੀਤੀ ਗਈ ਕਿ ਝੋਨੇ ਦੀ ਥਾਂ ਸਾਰੀਆਂ ਦਾਲਾਂ, ਸਬਜ਼ੀਆਂ, ਬਾਸਮਤੀ, ਮੱਕੀ, ਤੇਲ-ਬੀਜ, ਫ਼ਲਾਂ ਅਤੇ ਹੋਰ ਘੱਟ ਪਾਣੀ ਦੀ ਖ਼ਪਤ ਵਾਲੀਆਂ ਫ਼ਸਲਾਂ ਦੇ ਲਾਭਕਾਰੀ ਮੁੱਲ ਸੀ-2+50% ਫਾਰਮੂਲੇ ਮੁਤਾਬਕ ਮਿਥ ਕੇ ਮੁਕੰਮਲ ਖਰੀਦ ਦੀ ਲਿਖਤੀ ਗਰੰਟੀ ਦਿੱਤੀ ਜਾਵੇ। ਸਾਰੇ ਬੁਲਾਰਿਆਂ ਨੇ ਜ਼ੋਰ ਦਿੱਤਾ ਕਿ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਮਿਲ ਬੈਠ ਕੇ ਸਮੱਸਿਆ ਦਾ ਤਸੱਲੀਬਖ਼ਸ਼ ਹੱਲ ਕੱਢੇ। ਉਨ੍ਹਾਂ ਕਿਹਾ ਕਿ ਇਸ ਗੰਭੀਰ ਸਮੱਸਿਆ ਦੇ ਲੰਮੇ ਦਾਅ ਦੇ ਹੱਲ ਲਈ ਮੰਗ ਕੀਤੀ ਗਈ ਹੈ ਕਿ ਭੂ-ਜਲ-ਭੰਡਾਰ ਦੀ ਮੁੜ ਭਰਾਈ ਲਈ ਬਰਸਾਤੀ ਪਾਣੀ ਅਤੇ ਸਮੁੰਦਰ ਵੱਲ ਜਾ ਰਹੇ ਅਣਵਰਤੇ ਦਰਿਆਈ ਪਾਣੀ ਨੂੰ ਵਰਤੋਂ ਵਿੱਚ ਲਿਆਉਣ ਅਤੇ ਹੋਰ ਵਿਗਿਆਨਕ ਢੰਗ ਤਰੀਕੇ ਅਪਣਾਉਣ ਲਈ ਪੰਜਾਬ ਸਰਕਾਰ ਵੱਲੋਂ ਢਾਂਚਾ ਉਸਾਰਿਆ ਜਾਵੇ ਅਤੇ ਇਸ ਖਾਤਰ ਲੋੜੀਂਦੇ ਬਜਟ ਲਈ ਧਨ-ਜੁਟਾਈ ਕੀਤੀ ਜਾਵੇ।