ਪੱਤਰ ਪ੍ਰੇਰਕ
ਟੱਲੇਵਾਲ, 21 ਮਈ
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਧਰਤੀ ਹੇਠਲੇ ਪਾਣੀ ਦੇ ਬਚਾਅ ਅਤੇ ਬਿਜਲੀ ਦੀ ਕਿੱਲਤ ਦੇ ਮੱਦੇਨਜ਼ਰ ਝੋਨੇ ਦੀ ਬਿਜਾਈ ਬਾਰੇ ਪੰਜਾਬ ਭਰ ਵਿੱਚ ਚਲਾਈ ਜਾ ਰਹੀ ਜਾਗ੍ਰਤੀ ਮੁਹਿੰਮ ਵਿੱਚ ਹੁਣ ਔਰਤਾਂ ਵੀ ਬਰਾਬਰ ਦਾ ਯੋਗਦਾਨ ਪਾਉਣਗੀਆਂ। ਇਸ ਸਬੰਧੀ ਅੱਜ ਜਥੇਬੰਦੀ ਵਲੋਂ ਔਰਤਾਂ ਦੀ ਸੂਬਾ ਪੱਧਰੀ ਮੀਟਿੰਗ ਪਿੰਡ ਚੀਮਾ ਦੇ ਗੁਰਦੁਆਰਾ ਸਾਹਿਬ ਵਿੱਚ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੁਖਦੇਵ ਸਿੰਘ ਕੋਕਰੀ ਕਲਾਂ ਅਤੇ ਝੰਡਾ ਸਿੰਘ ਜੇਠੂਕੇ ਸਮੇਤ ਔਰਤ ਆਗੂ ਹਰਿੰਦਰ ਬਿੰਦੂ, ਬਚਿੱਤਰ ਕੌਰ ਮੋਗਾ, ਕਮਲਜੀਤ ਕੌਰ ਬਰਨਾਲਾ, ਜਸਵੀਰ ਕੌਰ ਸੰਗਰੂਰ, ਪਰਮਜੀਤ ਕੌਰ ਪਿੱਥੋ ਬਠਿੰਡਾ, ਸਰੋਜ ਰਾਣੀ ਮਾਨਸਾ, ਗੁਰਪ੍ਰੀਤ ਕੌਰ ਪਟਿਆਲਾ, ਰਾਜਨਦੀਪ ਫਾਜ਼ਿਲਕਾ ਅਤੇ ਸੁਖਵਿੰਦਰ ਕੌਰ ਮਲੇਰਕੋਟਲਾ ਤੋਂ ਇਲਾਵਾ ਅੱਠ ਜ਼ਿਲ੍ਹਿਆਂ ਤੋਂ ਸੌ ਤੋਂ ਵੱਧ ਸਰਗਰਮ ਔਰਤ ਕਾਰਕੁਨਾਂ ਸ਼ਾਮਲ ਸਨ। ਮੀਟਿੰਗ ਵਿੱਚ ਔਰਤਾਂ ਨੂੰ ਜਥੇਬੰਦੀ ਦੀ ਇਸ ਮੁਹਿੰਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਸੂਬਾਈ ਔਰਤ ਮੁਹਿੰਮ ਦੇ ਪਹਿਲੇ ਪੜਾਅ ’ਤੇ ਔਰਤ ਆਗੂਆਂ ਦੀਆਂ ਵਿਸ਼ੇਸ਼ ਜ਼ਿਲ੍ਹਾ ਪੱਧਰੀਆਂ ਸਿੱਖਿਆ ਮੀਟਿੰਗਾਂ 25 ਮਈ ਤੱਕ ਕਰਾਉਣ ਦੀ ਵਿਉਂਤਬੰਦੀ ਕੀਤੀ ਗਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪਾਣੀ ਸੰਕਟ ਦੇ ਹੱਲ ਲਈ ਭੂ-ਜਲ-ਭੰਡਾਰ ਦੀ ਮੁੜ ਭਰਾਈ ਲਈ ਬਰਸਾਤੀ ਪਾਣੀ, ਸਮੁੰਦਰ ਵੱਲ ਜਾ ਰਹੇ ਅਣਵਰਤੇ ਦਰਿਆਈ ਪਾਣੀ ਨੂੰ ਵਰਤੋਂ ਵਿੱਚ ਲਿਆਉਣ ਅਤੇ ਹੋਰ ਵਿਗਿਆਨਕ ਢੰਗ ਤਰੀਕੇ ਅਪਣਾਉਣ ਲਈ ਪੰਜਾਬ ਸਰਕਾਰ ਵੱਲੋਂ ਢਾਂਚਾ ਉਸਾਰੀ ਕੀਤੀ ਜਾਵੇ। ਮੀਟਿੰਗ ਵਿੱਚ ਇਹ ਫ਼ੈਸਲਾ ਕੀਤਾ ਗਿਆ ਕਿ ਜ਼ਿਲ੍ਹਾ ਮੀਟਿੰਗਾਂ ਦੌਰਾਨ ਨਮੂਨੇ ਦੇ ਤੌਰ ’ਤੇ ਦਰਜਨ ਤੋਂ ਵੱਧ ਪਿੰਡਾਂ ਵਿੱਚ ਸ਼ੁਰੂਆਤ ਵਜੋਂ ਜਥੇਬੰਦੀ ਵੱਲੋਂ ਮੀਂਹਾਂ ਅਤੇ ਛੱਪੜਾਂ ਦਾ ਪਾਣੀ ਸਿੰਜਾਈ ਤੋਂ ਇਲਾਵਾ ਸਾਫ਼ ਕਰ ਕੇ ਧਰਤੀ ਵਿੱਚ ਮੁੜ ਭਰਾਈ ਦੇ ਪੁਖ਼ਤਾ ਪ੍ਰਬੰਧ ਕਰਨ ਵਾਲੇ ਪਿੰਡਾਂ ਦੀ ਚੋਣ ਕੀਤੀ ਜਾਵੇਗੀ।
ਝੋਨੇ ਦੀ ਬਿਜਾਈ ਬਾਰੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਫੈਸਲਾ
ਬਰਨਾਲਾ (ਖੇਤਰੀ ਪ੍ਰਤੀਨਿਧ): ਪਿੰਡ ਸੰਘੇੜਾ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਧਰਤੀ ਹੇਠਲੇ ਪਾਣੀ ਦੇ ਬਚਾਅ ਅਤੇ ਬਿਜਲੀ ਦੀ ਕਿੱਲਤ ਦੇ ਮੱਦੇਨਜ਼ਰ ਝੋਨੇ ਦੀ ਬਿਜਾਈ ਬਾਰੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਗਿਆ।