ਪੱਤਰ ਪ੍ਰੇਰਕ
ਮਾਨਸਾ, 13 ਅਕਤੂਬਰ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਮਾਨਸਾ ਵੱਲੋਂ ਲਗਾਤਾਰ ਚੌਥੇ ਦਿਨ ਚੱਲਦਿਆਂ ਵੀ ਜ਼ਿਲ੍ਹਾ ਮਾਨਸਾ ਦੇ ਸਾਰੇ ਦਫ਼ਤਰੀ ਬਾਬੂਆਂ ਵੱਲੋਂ ਸਮੂਹ ਦਫਤਰਾਂ ਵਿੱਚ ਸਰਕਾਰੀ ਕੰਮਕਾਜ ਮੁਕੰਮਲ ਤੌਰ ’ਤੇ ਬੰਦ ਰੱਖਿਆ ਗਿਆ ਅਤੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਇਸ ਹੜਤਾਲ ਸਬੰਧੀ ਆਮ ਲੋਕਾਂ ਦੇ ਕੰਮਕਾਰ ਰੁੱਕ ਗਏ ਹਨ, ਜਿਸ ਕਾਰਨ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਭਰੇ ਮਨਾਂ ਦੇ ਨਾਲ ਦਫ਼ਤਰਾਂ ’ਚ ਖਾਲੀ ਵਾਪਸ ਮੁੜਨਾ ਪੈ ਰਿਹਾ ਹੈ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਦੇ ਸੰਘਰਸ਼ ਨੂੰ ਢਾਹ ਲਾਉਣ ਲਈ ਸਰਕਾਰ ਅੜੀਅਲ ਰਵੱਈਆ ਅਪਣਾ ਰਹੀ ਹੈ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਦਾ ਮੁਲਾਜ਼ਮ ਵਰਗ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਜਥੇਬੰਦੀ ਦੇ ਚੇਅਰਮੈਨ ਜਸਵੰਤ ਸਿੰਘ ਮੌਜੋ, ਸੰਦੀਪ ਸਿੰਘ, ਬਿੱਕਰ ਸਿੰਘ ਮਾਖਾ, ਹਿੰਮਤ ਸਿੰਘ ਦੁਲੋਵਾਲ, ਰਾਕੇਸ਼ ਬੋਹਾ, ਯਾਦਵਿੰਦਰ ਸਿੰਘ, ਲਕਸ਼ਵੀਰ ਸਿੰਘ, ਸੁਖਵਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।