ਵਰਕਰ ਪਿੰਡ ਪੱਧਰ ’ਤੇ ਲਾਮਬੰਦ ਹੋਣ: ਜ਼ੀਰਾ
ਸਾਬਕਾ ਵਿਧਾਇਕ ਕਾਂਗੜਾ ਸਿਖਲਾਈ ਕੈਂਪ ਤੋਂ ਪਰਤੇ; 10 ਰੋਜ਼ਾ ਕੈਂਪ ਦੇ ਤਜਰਬੇ ਸਾਂਝੇ ਕੀਤੇ
ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਵਿੱਚ 10 ਰੋਜ਼ਾ ਵਿਸ਼ੇਸ਼ ਸਿਖਲਾਈ ਕੈਂਪ ਤੋਂ ਪਰਤਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਾਰਟੀ ਹਾਈਕਮਾਂਡ ਵੱਲੋਂ ਲਾਇਆ ਗਿਆ ਇਹ ਕੈਂਪ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ। ਸ੍ਰੀ ਜ਼ੀਰਾ ਨੇ ਕਿਹਾ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਮੌਜੂਦਗੀ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਏਕਤਾ ਤੇ ਅਨੁਸ਼ਾਸਨ ਦੇ ਸੰਦੇਸ਼ ਨੇ ਪੰਜਾਬ ਸਮੇਤ ਪੂਰੇ ਦੇਸ਼ ਦੇ ਆਗੂਆਂ ਵਿੱਚ ਨਵਾਂ ਜੋਸ਼ ਭਰ ਦਿੱਤਾ ਹੈ।
ਜ਼ੀਰਾ ਨੇ ਦੱਸਿਆ ਕਿ ਰਾਹੁਲ ਗਾਂਧੀ ਨੇ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਸੰਬੋਧਨ ਕਰਦਿਆਂ ਏਕਤਾ, ਅਨੁਸ਼ਾਸਨ ਅਤੇ ਸੰਗਠਨਾਤਮਕ ਮਜ਼ਬੂਤੀ ਦਾ ਅਹਿਮ ਸੰਦੇਸ਼ ਦਿੱਤਾ ਹੈ। ਉਨ੍ਹਾਂ ਵਰਕਰਾਂ ਨੂੰ ਪਿੰਡ ਪੱਧਰ ’ਤੇ ਲਾਮਬੰਦ ਹੋਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਕੈਂਪ ਸਿਰਫ਼ ਸਿਖਲਾਈ ਤੱਕ ਸੀਮਿਤ ਨਹੀਂ ਸੀ, ਸਗੋਂ ਇਸ ਦਾ ਮੁੱਖ ਮਕਸਦ ਕਾਂਗਰਸ ਦੀ ਭਵਿੱਖੀ ਰਣਨੀਤੀ ਨੂੰ ਤਰਾਸ਼ਣਾ ਅਤੇ ਆਮ ਲੋਕਾਂ ਨਾਲ ਸਿੱਧਾ ਜੁੜਾਅ ਪੈਦਾ ਕਰਨਾ ਸੀ। ਇਸ ਕੈਂਪ ਵਿੱਚ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਆਏ ਜ਼ਿਲ੍ਹਾ ਪ੍ਰਧਾਨਾਂ ਅਤੇ ਸੀਨੀਅਰ ਆਗੂਆਂ ਨੇ ਪਾਰਟੀ ਦੇ ਸੰਗਠਨਕ ਢਾਂਚੇ ਅਤੇ ਮੌਜੂਦਾ ਰਾਜਨੀਤਿਕ ਹਾਲਾਤ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ।
ਸਾਬਕਾ ਵਿਧਾਇਕ ਨੇ ਅੱਗੇ ਕਿਹਾ ਕਿ ਅਜਿਹੇ ਸਿਖਲਾਈ ਕੈਂਪ ਆਗੂਆਂ ਵਿੱਚ ਨਵਾਂ ਜੋਸ਼ ਭਰਦੇ ਹਨ, ਜਿਸ ਨਾਲ ਪਾਰਟੀ ਨੂੰ ਪਿੰਡਾਂ ਅਤੇ ਵਾਰਡਾਂ ਤੱਕ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਦਾਅਵਾ ਕੀਤਾ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਲੋਕਤੰਤਰ ਦੀ ਰਾਖੀ, ਸਮਾਜਿਕ ਨਿਆਂ ਅਤੇ ਆਮ ਜਨਤਾ ਦੇ ਹੱਕਾਂ ਲਈ ਡਟ ਕੇ ਲੜ ਰਹੀ ਹੈ।

