ਮਾਨਸਾ ਜ਼ਿਲ੍ਹੇ ਵਿੱਚ ਮਗਨਰੇਗਾ ਦਾ ਕੰਮ ਬੰਦ ਹੋਣ ਤੇ ਹੜ੍ਹਾਂ ਦੌਰਾਨ ਮਜ਼ਦੂਰਾਂ ਪਰਿਵਾਰਾਂ ਦੇ ਮਕਾਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਮਜ਼ਦੂਰਾਂ ਨੇ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਧਰਨਾ ਲਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਵੀ ਦਿੱਤਾ।
ਦਲਿਤ ਦਾਸਤਾ ਵਿਰੋਧੀ ਅੰਦੋਲਨ ਦੇ ਸੂਬਾ ਪ੍ਰਧਾਨ ਐਡਵੋਕੇਟ ਗਗਨਦੀਪ ਨੇ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਵੱਲੋਂ ਸੰਵਿਧਾਨ ਵਿੱਚ ਮਜ਼ਦੂਰਾਂ ਨੂੰ ਦਿੱਤੇ ਅਧਿਕਾਰਾਂ ਦੀ ਸਰਕਾਰ ਪਾਲਣਾ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਅੱਜ ਮਜ਼ਦੂਰਾਂ ਨੂੰ ਆਪਣੇ ਹੱਕ ਲੈਣ ਲਈ ਵਿਰੋਧ ਪ੍ਰਦਰਸ਼ਨ ਕਰਨੇ ਪੈ ਰਹੇ ਹਨ।
ਜਥੇਬੰਦੀ ਦੇ ਜਰਨਲ ਸਕੱਤਰ ਜਗਸੀਰ ਸਿੰਘ ਨੇ ਕਿਹਾ ਕਿ ਹੜ੍ਹਾਂ ਅਤੇ ਮੀਂਹਾਂ ਕਾਰਨ ਢਹੇ/ਰੁੜ੍ਹੇ ਜਾਂ ਤਰੇੜਾਂ ਆਉਣ ਵਾਲੇ ਮਕਾਨਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ ਪਹਿਲ ਦੇ ਆਧਾਰ ’ਤੇ ਮਕਾਨ ਬਣਾ ਕੇ ਦਿੱਤੇ ਜਾਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹਾਲੇ ਤੱਕ ਅਧਿਕਾਰੀ ਸਿਰਫ਼ ਸਰਵੇ ਹੀ ਕਰ ਰਹੇ ਹਨ। ਸਰਪੰਚ ਅਤੇ ਪੰਚ ਸਿਰਫ਼ ਆਪਣੇ ਕਥਿਤ ਚਹੇਤਿਆਂ ਦੇ ਮਕਾਨ ਬਾਰੇ ਫਾਰਮ ਅਪਲਾਈ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਠੰਢ ਨੇ ਦਸਤਕ ਦੇ ਦਿੱਤੀ ਹੈ ਅਤੇ ਮੌਸਮ ਵਿਭਾਗ ਅਨੁਸਾਰ ਇਸ ਸਾਲ ਵਧੇਰੇ ਠੰਢ ਪੈਣ ਦਾ ਵੀ ਜ਼ਿਕਰ ਕੀਤਾ ਜਾ ਰਿਹਾ ਹੈ, ਜਿਹੜੇ ਮਕਾਨ ਡਿੱਗ ਗਏ ਜਾਂ ਮਕਾਨਾਂ ਵਿੱਚ ਤਰੇੜਾਂ ਆ ਗਈਆਂ, ਉਹ ਲੋਕ ਤਰਪਾਲਾਂ ਵਿੱਚ ਆਪਣੇ ਬੱਚਿਆਂ ਨੂੰ ਲੈਕੇ ਬੈਠਣ ਲਈ ਮਜਬੂਰ ਹਨ। ਉਨ੍ਹਾਂ ਮੰਗ ਕੀਤੀ ਕਿ ਮਨਰੇਗਾ ਕਾਨੂੰਨ ਅਧੀਨ ਜਲਦ ਕੰਮ ਦਿੱਤਾ ਜਾਵੇ ਅਤੇ ਲੋੜਵੰਦ ਪਰਿਵਾਰਾਂ ਦੇ ਮਕਾਨ ਦੀ ਉਸਾਰੀ ਅਤੇ ਮੁਰੰਮਤ ਤੁਰੰਤ ਕਰਵਾਈ ਜਾਵੇ।

