ਪੱਤਰ ਪ੍ਰੇਰਕ
ਭੁੱਚੋ ਮੰਡੀ, 3 ਜੂਨ
ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਇਲਾਕੇ ਵਿੱਚ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਬਾਲਿਆਂਵਾਲੀ ਰੋਡ ’ਤੇ ਦੁਕਾਨਦਾਰਾਂ ਨੇ ਠੰਢੇ ਮਿੱਠੇ ਪਾਣੀ ਅਤੇ ਜਲ ਜ਼ੀਰੇ ਦੀ ਛਬੀਲ ਲਗਾਈ, ਜਿਸ ਦੀ ਸ਼ੁਰੂਆਤ ਹਲਕਾ ਵਿਧਾਇਕ ਜਗਸੀਰ ਸਿੰਘ ਨੇ ਕੀਤੀ। ਵਿਜੈ ਸਿੰਗਲਾ ਅਤੇ ਸੋਨੀ ਸਿੰਗਲਾ ਨੇ ਵਿਧਾਇਕ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਗੁਰੂ ਅਰਜਨ ਦੇਵ ਨਗਰ ਅਤੇ ਬੱਸ ਅੱਡੇ ਨੇੜਲੇ ਗੁਰਦੁਆਰਾ ਸਿੰਘ ਸਭਾ ਵਿੱਚ ਪਾਠਾਂ ਦੇ ਭੋਗ ਪਾਏ ਗਏ ਅਤੇ ਗੁਰੂ ਦਾ ਅਤੁੱਟ ਲੰਗਰ ਵਰਤਿਆ। ਇਸ ਮੌਕੇ ‘ਆਪ’ ਆਗੂ ਰਾਕੇਸ਼ ਰਿੰਕੂ, ਐਡਵੋਕੇਟ ਜਸਪਾਲ ਸਿੱਧੂ, ਪ੍ਰਿੰਸ ਸ਼ਰਮਾ, ਕੁਲਦੀਪ ਬਾਂਸਲ, ਮਲਕੀਤ ਸਿੰਘ, ਵਿਨੋਦ ਕੁਮਾਰ ਅਤੇ ਰਾਜੂ ਸਿੰਘ ਨੇ ਸੇਵਾ ਨਿਭਾਈ।
ਸ਼ਹਿਣਾ (ਪੱਤਰ ਪ੍ਰੇਰਕ): ਕਸਬੇ ਸ਼ਹਿਣਾ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿੱਚ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ਪ੍ਰਧਾਨ ਜੋਗਿੰਦਰ ਸਿੰਘ ਹਰਗੋਬਿੰਦ ਬਾਡੀ ਬਿਲਡਰਜ਼, ਬਾਬਾ ਨਿਰਮਲ ਸਿੰਘ, ਪੰਚ ਸੁਖਵਿੰਦਰ ਸਿੰਘ ਧਾਲੀਵਾਲ, ਮਾਸਟਰ ਬਲਦੇਵ ਸਿੰਘ ਆਦਿ ਨੇ ਸ਼ਿਰਕਤ ਕੀਤੀ।
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਪਾਠ ਦੇ ਭੋਗ ਪਾਏ ਗਏ। ਉਪਰੰਤ ਠੰਢੇ ਤੇ ਮਿੱਠੇ ਜਲ ਦੀਆਂ ਛਬੀਲਾਂ ਲਾਈਆਂ ਗਈਆਂ।
ਸਿਰਸਾ (ਨਿੱਜੀ ਪੱਤਰ ਪ੍ਰੇਰਕ): ਪੰਜਵੇਂ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਵਸ ਮੌਕੇ ਲੋਕਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਛਬੀਲਾਂ ਲਾਈਆਂ ਗਈਆਂ। ਗੁਰਦੁਆਰਿਆਂ ’ਚ ਰਾਗੀ ਜਥਿਆਂ ਵੱਲੋਂ ਕੀਰਤਨ ਰਾਹੀਂ ਲੋਕਾਂ ਨੂੰ ਨਿਹਾਲ ਕੀਤਾ ਗਿਆ ਅਤੇ ਗੁਰੂਆਂ ਦੇ ਦਿਖਾਏ ਰਾਹ ’ਤੇ ਚੱਲਣ ਦਾ ਲੋਕਾਂ ਨੂੰ ਸੱਦਾ ਦਿੱਤਾ ਗਿਆ। ਗੁਰਦੁਆਰਿਆਂ ਅੰਦਰ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਨਿਹਾਲ ਸਿੰਘ ਵਾਲਾ (ਪੱਤਰ ਪ੍ਰੇਰਕ): ਨਿਹਾਲ ਸਿੰਘ ਵਾਲਾ ਸਥਿਤ ਬਰਨਾਲਾ ਰੋਡ ਦੇ ਦੁਕਾਨਦਾਰਾਂ ਵੱਲੋਂ ਗੁਰੂ ਅਰਜਨ ਦੇਵ ਦੀ ਅਦੁੱਤੀ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਹਰਜਿੰਦਰ ਸਿੰਘ ਅੰਮ੍ਰਿਤਸਰੀਆ ਦੀ ਅਗਵਾਈ ਹੇਠ ਠੰਢੇ ਮਿੱਠੇ ਜਲ ਦੀ 40ਵੀਂ ਛਬੀਲ ਲਗਾਈ ਗਈ। ਇਸ ਤਰ੍ਹਾਂ ਨਿਹਾਲ ਸਿੰਘ ਵਾਲਾ ਸ਼ਹਿਰ ਅਤੇ ਪਿੰਡ-ਪਿੰਡ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ।