ਪ੍ਰਭੂ ਦਿਆਲ
ਸਿਰਸਾ, 31 ਮਈ
ਪੰਜਾਬੀ ਗਾਇਕ ਸ਼ੁਭਜੀਤ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਦੇ ਵਿਰੋਧ ਵਿੱਚ ਯੂਥ ਕਾਂਗਰਸੀਆਂ ਨੇ ਸੁਭਾਸ਼ ਚੌਕ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕੇ ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮੂਸੇਵਾਲਾ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਤੇ ਉਨ੍ਹਾਂ ਨੂੰ ਫਾਂਸੀ ਦੀ ਸਜ਼ਾ ਦਿਵਾਏ ਜਾਣ ਦੀ ਮੰਗ ਕੀਤੀ। ਯੂਥ ਕਾਂਗਰਸ ਦੇ ਸੂਬਾਈ ਜਨਰਲ ਸਕੱਤਰ ਵੇਦ ਪ੍ਰਕਾਸ਼ ਭਾਟ ਤੇ ਜ਼ਿਲ੍ਹਾ ਸਕੱਤਰ ਹਰਸ਼ ਮਿੱਤਲ ਦੀ ਅਗਵਾਈ ਵਿੱਚ ਯੂਥ ਕਾਂਗਰਸੀ ਸੁਭਾਸ਼ ਚੌਕ ਵਿੱਚ ਇਕੱਠੇ ਹੋਏ ਜਿਥੇ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕੇ ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਫੌਕੀ ਵਾਹਵਾਹੀ ਦੇ ਲਈ ਉਨ੍ਹਾਂ ਲੋਕਾਂ ਦੀ ਸੁਰੱਖਿਆ ਘੱਟ ਕਰ ਦਿੱਤੀ ਹੈ, ਜਿਨ੍ਹਾਂ ਨੂੰ ਅੱਤਿਵਾਦੀਆਂ ਤੇ ਹੋਰ ਲੋਕਾਂ ਤੋਂ ਜਾਨ ਦਾ ਖ਼ਤਰਾ ਹੈ। ਸਿੱਧੂ ਮੂਸੇਵਾਲਾ ਨੂੰ ਵੀ ਧਮਕੀਆਂ ਮਿਲ ਚੁੱਕੀਆਂ ਸਨ, ਇਸ ਦੇ ਬਾਵਜੂਦ ਉਨ੍ਹਾਂ ਦੀ ਸੁਰੱਖਿਆ ਵਿੱਚ ਕਮੀ ਕਰਕੇ ਪੰਜਾਬ ਸਰਕਾਰ ਨੇ ਗੁਨਾਹਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਰਹੀ ਹੈ। ਸਰਕਾਰ ਨੂੰ ਇਸ ਮਾਮਲੇ ਵਿੱਚ ਸ਼ਾਮਲ ਲੋਕਾਂ ਦੀ ਜਲਦੀ ਪਛਾਣ ਕਰਕੇ ਉਨ੍ਹਾਂ ਨੂੰ ਸੁਲਾਖਾਂ ਪਿੱਛੇ ਕੀਤਾ ਜਾਏ ਤੇ ਅਦਾਲਤ ਤੋਂ ਉਨ੍ਹਾਂ ਨੂੰ ਫਾਂਸੀ ਦੁਆਈ ਜਾਏ।
ਰੋਸ ਵਜੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
ਸੰਘਾ (ਪੱਤਰ ਪ੍ਰੇਰਕ) ਪ੍ਰਸਿੱਧ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਰੋਸ ਵਜੋਂ ਪੰਜਾਬ ਯੁਵਾ ਮੋਰਚਾ ਸਰਦੂਲਗੜ੍ਹ ਵੱਲੋਂ ਭਾਜਪਾ ਆਗੂ ਜਗਜੀਤ ਸਿੰਘ ਮਿਲਖਾ ਦੀ ਅਗਵਾਈ ਹੇਠ ਸਥਾਨਕ ਸ਼ਹਿਰ ਦੇ ਮੁਜ਼ਾਹਰਾ ਚੌਕ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪੁਤਲਾ ਸਾੜਿਆ ਗਿਆ। ਇਸ ਦੌਰਾਨ ਜਗਜੀਤ ਸਿੰਘ ਮਿਲਖਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਲੋਕਾਂ ਨੂੰ ਅਮਨ ਅਤੇ ਕਾਨੂੰਨ ਵਿਵਸਥਾ ਦੇਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ, ਮਾਨ ਸਰਕਾਰ ਬਣਨ ਤੋਂ ਬਾਅਦ ਗੈਂਗਵਾਰ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਮਲਾਵਰਾਂ ਵੱਲੋਂ ਖੁੱਲ੍ਹੇਆਮ ਦਿਨ ਦਿਹਾੜੇ ਅੰਨ੍ਹੇਵਾਹ ਫਾਈਰਿੰਗ ਕਰ ਕੇ ਹੱਤਿਆ ਦੀ ਘਟਨਾ ਨੂੰ ਅੰਜਾਮ ਦੇਣ ਤੋਂ ਜਾਪਦਾ ਹੈ ਕਿ ਇੰਟੈਲੀਜੈਂਸ ਅਤੇ ਸੀ.ਆਈ.ਡੀ. ਵਿਭਾਗ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ। ਇਸ ਦੌਰਾਨ ਇਕੱਤਰਤ ਨੌਜਵਾਨਾਂ ਨੇ ਇਨਸਾਫ਼ ਦੀ ਮੰਗ ਕੀਤੀ ਕਿ ਸਮਾਜ ਲਈ ਖਤਰਾ ਬਣੇ ਹਮਲਾਵਰਾਂ ਨੂੰ ਫੜ ਕੇ ਮੌਤ ਦੀਆਂ ਸਜ਼ਾਵਾ ਦਿੱਤੀਆਂ ਜਾਣ।