ਜਸਵੰਤ ਜੱਸ
ਫਰੀਦਕੋਟ, 3 ਜੂਨ
ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੱਦੇ ’ਤੇ ਅੱਜ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਫਰੀਦਕੋਟ ਜ਼ੋਨ ਦੀ ਜ਼ੋਨਲ ਕਨਵੈਨਸ਼ਨ ਹੋਈ। ਇਸ ਜ਼ੋਨਲ ਕਨਵੈਨਸ਼ਨ ਵਿੱਚ ਫਾਜ਼ਿਲਕਾ, ਫਿਰੋਜ਼ਪੁਰ, ਮੋਗਾ, ਫਰੀਦਕੋਟ, ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਗੁਰਜੰਟ ਸਿੰਘ ਕੋਕਰੀ ਕਲਾਂ, ਰਣਦੀਪ ਸਿੰਘ ਫਤਹਿਗੜ੍ਹ ਸਾਹਿਬ, ਜਸਵਿੰਦਰ ਸਿੰਘ ਨਿਹਾਲ ਸਿੰਘ ਵਾਲਾ, ਪ੍ਰੇਮ ਕੁਮਾਰ ਚਾਵਲਾ, ਅਸ਼ੋਕ ਕੌਸ਼ਲ ਆਦਿ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਵਿੱਚ ਭਾਜਪਾ-ਅਕਾਲੀ ਗੱਠਜੋੜ ਅਤੇ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਨੇ ਸੰਸਾਰ ਬੈਂਕ ਅਤੇ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਜਨਵਰੀ 2004 ਤੋਂ ਪਹਿਲਾਂ ਲਾਗੂ ਪੁਰਾਣੀ ਪੈਨਸ਼ਨ ਸਕੀਮ ਖਤਮ ਕਰਕੇ ਨਵੀਂ ਕੰਟਰੀਬਿਊਟਰੀ ਪੈਨਸ਼ਨ ਸਕੀਮ ਲਾਗੂ ਕੀਤੀ ਗਈ ਹੈ। ਮੁਲਾਜ਼ਮ ਆਗੂ ਸੋਮ ਨਾਥ ਅਰੋੜਾ, ਚਮਕੌਰ ਸਿੰਘ, ਅਵਤਾਰ ਸਿੰਘ ਅਤੇ ਹਰਪ੍ਰੀਤ ਸਿੰਘ ਸਰਕਾਰ ਤੋਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੇ ਨਾਲ-ਨਾਲ ਮੁਲਾਜ਼ਮਾਂ ਦੀਆਂ ਹੋਰਾਂ ਲਟਕਦੀਆਂ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਹਨ। ਆਗੂਆਂ ਨੇ 9 ਜੂਨ ਨੂੰ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਦੇਣ ਦਾ ਐਲਾਨ ਵੀ ਕੀਤਾ।