DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਨੁੱਖਤਾ ਦੇ ਰਹਿਬਰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਉਹ ਰਹਿਬਰ ਹਨ ਜਿਨ੍ਹਾਂ ਦਾ ਜੀਵਨ ਅਤੇ ਸ਼ਖ਼ਸੀਅਤ ਮਾਨਵਤਾ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਆਪਣਾ ਸਰਬੰਸ ਧਰਮ ਤੇ ਮਨੁੱਖੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਅਤੇ ਜ਼ੁਲਮ...
  • fb
  • twitter
  • whatsapp
  • whatsapp
featured-img featured-img
ਗੁਰਦੁਆਰਾ ਸ੍ਰੀ ਪਟਨਾ ਸਾਹਿਬ।
Advertisement

ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਉਹ ਰਹਿਬਰ ਹਨ ਜਿਨ੍ਹਾਂ ਦਾ ਜੀਵਨ ਅਤੇ ਸ਼ਖ਼ਸੀਅਤ ਮਾਨਵਤਾ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਆਪਣਾ ਸਰਬੰਸ ਧਰਮ ਤੇ ਮਨੁੱਖੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਅਤੇ ਜ਼ੁਲਮ ਦੇ ਖ਼ਾਤਮੇ ਲਈ ਕੁਰਬਾਨ ਕੀਤਾ। ਇਹ ਕੋਈ ਛੋਟੀ ਗੱਲ ਨਹੀਂ ਹੈ ਕਿ ਗੁਰੂ ਜੀ ਨੇ ਸਾਰਾ ਪਰਿਵਾਰ ਵਾਰ ਕੇ ਵੀ ਕੋਈ ਗਿਲਾ ਨਹੀਂ ਸਗੋਂ ਕਰਤਾ ਪੁਰਖ ਦਾ ਸ਼ੁਕਰਾਨਾ ਹੀ ਕੀਤਾ। ਆਪ ਦੀ ਕ੍ਰਾਂਤੀਕਾਰੀ ਸ਼ਖ਼ਸੀਅਤ ਨੂੰ ਇਤਹਾਸਕਾਰਾਂ ਨੇ ਆਪੋ-ਆਪਣੀ ਸਮਝ ਅਨੁਸਾਰ ਬਿਆਨ ਕੀਤਾ ਹੈ। ਅਸੀਂ ਗੁਰੂ ਜੀ ਦੇ ਜੀਵਨ ਦਰਸ਼ਨ ਦੇ ਆਧਾਰ ’ਤੇ ਉਨ੍ਹਾਂ ਦੀ ਸ਼ਖਸੀਅਤ ਨੂੰ ਸ਼ਬਦਾਂ ਵਿਚ ਬਿਆਨ ਤਾਂ ਕਰਦੇ ਹਾਂ ਪਰ ਸਾਡੇ ਸ਼ਬਦ ਸੀਮਤ ਹਨ ਅਤੇ ਗੁਰੂ ਸਾਹਿਬ ਦੀ ਸ਼ਖ਼ਸੀਅਤ ਦੀ ਮੁਕੰਮਲ ਬਿਆਨੀ ਸੰਭਵ ਨਹੀਂ ਹੈ।

Advertisement

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਦ੍ਰਿੜਤਾ, ਸਬਰ ਤੇ ਸਿਦਕ ਭਰਪੂਰ ਅਦੁੱਤੀ ਜੀਵਨ ਗਾਥਾ ਸਮੁੱਚੀ ਮਨੁੱਖਤਾ ਅੰਦਰ ਹੱਕ-ਸੱਚ ਲਈ ਜੂਝਣ ਦਾ ਜਜ਼ਬਾ ਭਰਨ ਅਤੇ ਧਰਮ ਦੇ ਉਭਾਰ ਵਾਲੀ ਹੈ। ਉਨ੍ਹਾਂ ਦੇ ਜੀਵਨ ਦਾ ਉਦੇਸ਼ ਧਰਮ ਦੀ ਸਥਾਪਨਾ, ਮਜ਼ਲੂਮਾਂ ਦੀ ਰਾਖੀ ਅਤੇ ਜਬਰ-ਜ਼ੁਲਮ ਦਾ ਡਟ ਕੇ ਟਾਕਰਾ ਕਰਨਾ ਸੀ। ਉਨ੍ਹਾਂ ਦਾ ਪ੍ਰਕਾਸ਼ ਭਾਰਤੀ ਇਤਿਹਾਸ ਵਿਚ ਇਨਕਲਾਬ ਦਾ ਆਰੰਭ ਸੀ। ਉਸ ਸਮੇਂ ਸਮਾਜ ਵਿਚ ਮਨੁੱਖੀ ਆਜ਼ਾਦੀ ਕਾਇਮ ਰੱਖਣਾ ਅਸੰਭਵ ਜਾਪਦਾ ਸੀ। ਉਨ੍ਹਾਂ 9 ਸਾਲ ਦੀ ਛੋਟੀ ਉਮਰ ਵਿਚ ਆਪਣੇ ਪਿਤਾ, ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੂੰ ਮਜ਼ਲੂਮਾਂ ਅਤੇ ਧਰਮ ਦੀ ਰੱਖਿਆ ਲਈ ਸ਼ਹਾਦਤ ਦੇਣ ਲਈ ਤੋਰਿਆ। ਖਾਲਸਾ ਪੰਥ ਦੀ ਸਿਰਜਣਾ ਕੀਤੀ, ਜ਼ੁਲਮ ਵਿਰੁੱਧ ਅਨੇਕਾਂ ਧਰਮ ਯੁੱਧ ਲੜੇ ਅਤੇ ਸਾਹ-ਸਤਹੀਣ ਹੋ ਚੁੱਕੀ ਲੋਕਾਈ ਵਿਚ ਨਵੀਂ ਰੂਹ ਫੂਕੀ। ਗੁਰੂ ਜੀ ਨੇ ਲੋਕਾਂ ਵਿਚ ਹਿੰਮਤ ਅਤੇ ਦਲੇਰੀ ਭਰਨ ਲਈ ਸ੍ਰੀ ਅਨੰਦਪੁਰ ਸਾਹਿਬ ਦੀਆਂ ਪਹਾੜੀਆਂ ਵਿਚ ਰਣ-ਜਿਤ ਨਗਾਰੇ ’ਤੇ ਚੋਟਾਂ ਲਗਵਾਈਆਂ, ਕੇਸਰੀ ਨਿਸ਼ਾਨ ਸਾਹਿਬ ਝੁਲਾਏ, ਘੋੜ-ਸਵਾਰੀ ਤੇ ਸ਼ਸਤਰ ਵਿੱਦਿਆ ਦਾ ਪ੍ਰਬੰਧ ਕੀਤਾ। ਇਸ ਦੇ ਨਾਲ ਹੀ ਗੁਰੂ ਜੀ ਨੇ ਲੋਕਾਂ ਅੰਦਰ ਬਹਾਦਰੀ ਪੈਦਾ ਕਰਨ ਲਈ ਬੀਰ-ਰਸੀ ਸਾਹਿਤ ਦੀ ਰਚਨਾ ਕੀਤੀ ਤੇ ਕਰਵਾਈ ਜਿਸ ਨੇ ਅਜਿਹਾ ਕ੍ਰਿਸ਼ਮਾ ਦਿਖਾਇਆ ਕਿ ਗੁਰੂ ਕੇ ਸਿੱਖ ਸਵਾ-ਸਵਾ ਲੱਖ ਨਾਲ ਇਕੱਲੇ ਲੜ ਗਏ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਸਾਜਣਾ ਦੀ ਗੱਲ ਕਰੀਏ ਤਾਂ ਇਹ ਪੂਰੀ ਦੁਨੀਆ ਦੇ ਧਾਰਮਿਕ ਇਤਿਹਾਸ ਨੂੰ ਪ੍ਰਭਾਵਿਤ ਕਰਨ ਵਾਲੀ ਘਟਨਾ ਸੀ। ਇਸ ਘਟਨਾ ਨਾਲ ਸੰਨ 1699 ਦੀ ਵਿਸਾਖੀ ਦਾ ਦਿਨ ਦੁਨੀਆ ਦੇ ਇਤਿਹਾਸ ਅੰਦਰ ਨਿਵੇਕਲਾ ਅਧਿਆਇ ਸਿਰਜ ਗਿਆ। ਖਾਲਸਾ ਸਾਜ ਕੇ ਆਪ ਨੇ ਸਾਰੀਆਂ ਜਾਤਾਂ ਤੇ ਵਰਗਾਂ ਦੇ ਲੋਕਾਂ ਨੂੰ ਏਕਤਾ ਦੇ ਸੂਤਰ ਵਿਚ ਪਰੋ ਲੈਣ ਦਾ ਅਦੁੱਤੀ ਕਾਰਜ ਕੀਤਾ। ਉਨ੍ਹਾਂ ਪੰਜ ਪਿਆਰਿਆਂ ਵਿਚ ਭਿੰਨ-ਭਿੰਨ ਵਰਗਾਂ ਦੇ ਲੋਕਾਂ ਨੂੰ ਸ਼ਾਮਲ ਕਰ ਕੇ ਊਚ ਨੀਚ ਦਾ ਫਰਕ ਸਦਾ ਲਈ ਮਿਟਾ ਦਿੱਤਾ। ਇਹੀ ਨਹੀਂ, ਫਿਰ ਆਪ ਪੰਜ ਪਿਆਰਿਆਂ ਤੋਂ ਅੰਮ੍ਰਿਤ ਛਕਿਆ। ਇਸ ਤੋਂ ਪਹਿਲਾਂ ਅਜਿਹੀ ਕੋਈ ਉਦਾਹਰਣ ਨਹੀਂ ਮਿਲਦੀ ਕਿ ਗੁਰੂ ਨੇ ਆਪਣੇ ਚੇਲਿਆਂ ਨੂੰ ਆਪਣੇ ਤੋਂ ਉਪਰ ਦਾ ਦਰਜਾ ਜਾਂ ਮਾਣ ਦਿੱਤਾ ਹੋਵੇ। ਇਸੇ ਤਰ੍ਹਾਂ ਹੋਲਾ ਮਹੱਲਾ ਦਾ ਆਰੰਭ ਵੀ ਗੁਰੂ ਸਾਹਿਬ ਦੇ ਜੀਵਨ ਦਾ ਵਿਸ਼ੇਸ਼ ਕਾਰਨਾਮਾ ਹੈ।

ਗੁਰੂ ਜੀ ਦੀ ਬਾਣੀ ਵੀ ਮਾਨਵਤਾ ਲਈ ਸੁਚੱਜੇ ਜੀਵਨ ਦੀ ਘਾੜਤ ਘੜਨ ਵਾਲੀ ਹੈ। ਆਪ ਨੇ ਆਪਣੀ ਬਾਣੀ ਵਿਚ ਪਾਖੰਡਵਾਦ ਤੇ ਕਰਮਕਾਡਾਂ ਦਾ ਖੰਡਨ ਕੀਤਾ ਅਤੇ ਲੋਕਾਈ ਨੂੰ ਉੱਤਮ ਜੀਵਨ ਦੇ ਧਾਰਨੀ ਹੋਣ ਦੀ ਪ੍ਰੇਰਨਾ ਕੀਤੀ। ਆਪ ਨੇ ਉਪਦੇਸ਼ ਕੀਤਾ ਕਿ ਜੀਵਨ ਅਹਿਮ ਹੈ, ਇਸ ਨੂੰ ਵਿਅਰਥ ਦੇ ਕਰਮਕਾਡਾਂ ਤੇ ਭਰਮ ਭੁਲੇਖਿਆਂ ਵਿਚ ਪੈ ਕੇ ਬਰਬਾਦ ਕਰਨ ਦਾ ਕੋਈ ਲਾਭ ਨਹੀਂ। ਕਰਤਾਪੁਰਖ ਤਾਂ ਸਹਿਜ ਤੇ ਪਿਆਰ ਦਾ ਮਾਰਗ ਹੈ। ਇਸ ਦੀ ਸਮਝ ਵਾਲੇ ਹੀ ਉਸ ਵਿਚ ਅਭੇਦ ਹੁੰਦੇ ਹਨ। ਇਸ ਦੋਂ ਵੱਡੀ ਗੱਲ ਹੋਰ ਕੀ ਹੋ ਸਕਦੀ ਹੈ ਕਿ ਗੁਰੂ ਜੀ ਨੇ ਮਨੁੱਖਤਾ ਨੂੰ ਸੁਖੀ ਦੇਖਣ ਦੀ ਲੋਚਾ ਨਾਲ ਸਾਰਾ ਪਰਿਵਾਰ ਵਾਰ ਦਿੱਤਾ; ਚਮਕੌਰ ਦੀ ਜੰਗ ਅੰਦਰ ਵੱਡੇ ਸਾਹਿਬਜ਼ਾਦਿਆਂ ਨੂੰ ਆਪਣੇ ਹੱਥੀਂ ਤਿਆਰ ਕਰ ਸ਼ਹਾਦਤਾਂ ਲਈ ਤੋਰਿਆ। ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਤੋਂ ਪਿਛੋਂ ਵੀ ਆਪ ਨੇ ਪਰਮਾਤਮਾ ਦਾ ਸ਼ੁਕਰ ਅਦਾ ਕੀਤਾ।

ਉਨ੍ਹਾਂ ਸਾਰਾ ਜੀਵਨ ਹੀ ਮਨੁੱਖਤਾ ਦੀ ਭਲਾਈ ਲਈ ਜੀਵਿਆ। ਉਨ੍ਹਾਂ ਮਨੁੱਖਤਾ ਨੂੰ ਅਗਿਆਨਤਾ ਰੂਪੀ ਹਨੇਰੇ ਵਿੱਚੋਂ ਬਾਹਰ ਕੱਢ ਕੇ ਜੀਵਨ ਦੀ ਅਸਲ ਸਚਾਈ ਦੇ ਰੂਬਰੂ ਕੀਤਾ। ਧਰਮ ਦੀ ਰਖਵਾਲੀ ਲਈ ਅਨੇਕਾਂ ਕਸ਼ਟ ਝੱਲੇ। ਆਪ ਜੀ ਦੇ ਪ੍ਰਕਾਸ਼ ਪੁਰਬ ’ਤੇ ਸਾਡਾ ਫਰਜ਼ ਹੈ ਕਿ ਜਿਥੇ ਅਸੀਂ ਗੁਰੂ ਜੀ ਨੂੰ ਸਤਿਕਾਰ ਭੇਟ ਕਰਨਾ ਹੈ, ਉਥੇ ਹੀ ਉਨ੍ਹਾਂ ਦੇ ਦਰਸਾਏ ਮਾਰਗ ਦੇ ਪਾਂਧੀ ਵੀ ਬਣਨਾ ਹੈ। ਅਸੀਂ ਦੁਨੀਆਂ ਦੇ ਭਾਈਚਾਰੇ ਵਿਚ ਸਰਬ-ਸਾਂਝੀਵਾਲਤਾ ਦੇ ਪੈਗ਼ਾਮ ਨੂੰ ਤਦ ਹੀ ਲਿਜਾ ਸਕਾਂਗੇ ਜੇਕਰ ਅਸੀਂ ਦੁਨੀਆ ਦੇ ਹਰ ਖੇਤਰ ਵਿਚ ਉਨ੍ਹਾਂ ਦੇ ਪਾਏ ਪੂਰਨਿਆਂ ’ਤੇ ਚੱਲਦੇ ਹੋਏ ਕਥਨੀ ਤੇ ਕਰਨੀ ਦੇ ਸੂਰੇ ਬਣਾਂਗੇ। ਗੁਰਦੇਵ ਪਿਤਾ ਦੇ ਆਗਮਨ ਦਿਹਾੜੇ ’ਤੇ ਸਾਨੂੰ ਸਭ ਨੂੰ ਅਰਦਾਸ ਕਰਨੀ ਚਾਹੀਦੀ ਹੈ ਕਿ ਅਸੀਂ ਉਨ੍ਹਾਂ ਦੇ ਸਰਬ ਸਾਂਝੇ ਉਪਦੇਸ਼ਾਂ ਨੂੰ ਸਾਰੀ ਮਨੁੱਖਤਾ ਤਕ ਪਹੁੰਚਾਉਣ ਦਾ ਯਤਨ ਕਰ ਸਕੀਏ। ਸੋ ਆਓ! ਗੁਰੂ ਬਖਸ਼ੀ ਖੰਡੇ-ਬਾਟੇ ਦੀ ਪਾਹੁਲ ਛਕ ਗੁਰਬਾਣੀ ਦੀ ਰੋਸ਼ਨੀ ਵਿਚ ਜੀਵਨ ਬਤੀਤ ਕਰੀਏ ਅਤੇ ਸਾਵੇਂ ਸੁਖਾਵੇਂ ਸਮਾਜ ਦੀ ਸਿਰਜਣਾ ਲਈ ਤਤਪਰ ਰਹੀਏ।

*ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ।

Advertisement
×