ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਫ਼ਾਈ ’ਤੇ ਖਰਚੇ ਜਾਣਗੇ 100 ਕਰੋੜ
ਪੰਜਾਬ ਸਰਕਾਰ ਵੱਲੋਂ ਦਰਿਆਵਾਂ ਦਾ ਪਾਣੀ ਉਤਰਨ ਮਗਰੋਂ ਜਨ-ਜੀਵਨ ਨੂੰ ਲੀਹ ’ਤੇ ਲਿਆਉਣ ਲਈ ਹੜ੍ਹਾਂ ਕਰ ਕੇ ਆਈ ਮਿੱਟੀ ਤੇ ਗਾਰ ਨੂੰ ਹਟਾਉਣ ਲਈ ਜੰਗੀ ਪੱਧਰ ’ਤੇ ਸਫ਼ਾਈ ਮੁਹਿੰਮ ਚਲਾਉਣ ਦਾ ਫ਼ੈਸਲਾ ਕੀਤਾ ਹੈ। ਸੂਬਾ ਸਰਕਾਰ ਨੇ ਹੜ੍ਹ ਪ੍ਰਭਾਵਿਤ ਲਗਪਗ 2300 ਪਿੰਡਾਂ ਤੇ ਹੋਰ ਇਲਾਕਿਆਂ ਦੀ ਸਫ਼ਾਈ ਲਈ 100 ਕਰੋੜ ਰੁਪਏ ਖਰਚਣ ਦਾ ਫ਼ੈਸਲਾ ਕੀਤਾ ਹੈ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਇਲਾਕਿਆਂ ਵਿੱਚ ਹੜ੍ਹਾਂ ਦਾ ਪਾਣੀ ਹੁਣ ਘਟ ਰਿਹਾ ਹੈ, ਪਰ ਪਿੰਡਾਂ ਤੇ ਕਸਬਿਆਂ ਵਿੱਚ ਗਾਰ ਤੇ ਗੰਦਗੀ ਕਾਫ਼ੀ ਫੈਲੀ ਹੋਈ ਹੈ। ਇਸ ਲਈ ਸੂਬਾ ਸਰਕਾਰ ਵੱਲੋਂ 2300 ਪ੍ਰਭਾਵਿਤ ਪਿੰਡਾਂ ਅਤੇ ਵਾਰਡਾਂ ਵਿੱਚ ਸਫ਼ਾਈ ਮੁਹਿੰਮ ਚਲਾਈ ਜਾਵੇਗੀ। ਇਨ੍ਹਾਂ ਕਿਹਾ ਕਿ ਹਰੇਕ ਪਿੰਡ ਤੇ ਵਾਰਡ ਨੂੰ ਸਫ਼ਾਈ ਲਈ ਮੁੱਢਲੇ ਤੌਰ ’ਤੇ ਇੱਕ-ਇੱਕ ਲੱਖ ਰੁਪਏ ਦਿੱਤੇ ਜਾਣਗੇ, ਜਦੋਂਕਿ ਲੋੜ ਪੈਣ ’ਤੇ ਹੋਰ ਪੈਸੇ ਵੀ ਦਿੱਤੇ ਜਾਣਗੇ। ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਪਿੰਡਾਂ ਤੇ ਵਾਰਡਾਂ ਦੀ ਸਫ਼ਾਈ ਲਈ ਸੂਬਾ ਸਰਕਾਰ ਵੱਲੋਂ ਹੀ ਜੇ ਸੀ ਬੀ ਮਸ਼ੀਨਾਂ, ਟਰੈਕਟਰ-ਟਰਾਲੀਆਂ ਅਤੇ ਲੇਬਰ ਮੁਹੱਈਆ ਕਰਵਾਈ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ 24-25 ਸਤੰਬਰ ਤੱਕ ਸਾਫ਼-ਸੁਥਰਾ ਬਣਾਉਣ ਦਾ ਟੀਚਾ ਮਿੱਥਿਆ ਹੈ। ਇਸ ਦੇ ਨਾਲ ਹੀ 15 ਅਕਤੂਬਰ ਤੱਕ ਪਿੰਡਾਂ ਵਿੱਚ ਸਕੂਲ, ਧਰਮਸ਼ਾਲਾਵਾਂ, ਆਂਗਣਵਾੜੀ ਕੇਂਦਰਾਂ ਜਾਂ ਪੰਚਾਇਤ ਭਵਨਾਂ ਵਰਗੀਆਂ ਸਾਂਝੀ ਥਾਵਾਂ ਨੂੰ ਸਾਫ਼ ਕੀਤਾ ਜਾਵੇਗਾ, ਜਦੋਂਕਿ 22 ਅਕਤੂਬਰ ਤੱਕ ਸੂਬੇ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਨੇਪਰੇ ਚਾੜ੍ਹਿਆ ਜਾਵੇਗਾ। ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਫ਼ਾਈ ਲਈ ਸਮਾਜ ਸੇਵੀ ਜਥੇਬੰਦੀਆਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਕਰਕੇ ਪਿੰਡਾਂ ਵਿੱਚ ਬਿਮਾਰੀਆਂ ਫੈਲਣ ਦਾ ਖਦਸ਼ਾ ਹੈ। ਇਸ ਲਈ ਸਾਰੇ ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਏ ਜਾਣਗੇ, ਜਿੱਥੇ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਜਾਵੇਗੀ ਅਤੇ ਲੋੜੀਂਦੀਆਂ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ। ਇਸ ਦੌਰਾਨ 550 ਐਂਬੂੁਲੈਂਸਾਂ ਵੀ ਤਾਇਨਾਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹੜ੍ਹਾਂ ਕਰਕੇ ਸੂਬੇ ਦੇ 713 ਪਿੰਡਾਂ ਵਿੱਚ ਕਰੀਬ ਢਾਈ ਲੱਖ ਦੇ ਕਰੀਬ ਪਸ਼ੂ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਹਰੇਕ ਪਿੰਡ ਵਿੱਚ ਵੈਟਨਰੀ ਡਾਕਟਰਾਂ ਦੀ ਟੀਮ ਤਾਇਨਾਤ ਕੀਤੀ ਗਈ ਹੈ। ਸਾਰੇ ਪਸ਼ੂਆਂ ਦੀ ਵੈਕਸੀਨੇਸ਼ਨ ਦਾ ਕੰਮ 30 ਸਤੰਬਰ ਤੱਕ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਹਰ ਸਮੇਂ ਨਜ਼ਰ ਰੱਖੀ ਜਾ ਰਹੀ ਹੈ। ਇਸ ਦੌਰਾਨ ਲੋੜੀਂਦੇ ਹੋਰ ਕਦਮ ਵੀ ਚੁੱਕੇ ਜਾਣਗੇ।
ਐੱਸ ਡੀ ਆਰ ਐੱਫ ਦੇ ਫੰਡਾਂ ਦੇ ਅੰਕੜੇ ਜਾਰੀ ਕਰੇ ਕੇਂਦਰ: ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਦਾ ਪੰਜਾਬ ਵਿਰੋਧੀ ਚਿਹਰਾ ਬੇਨਕਾਬ ਹੋ ਗਿਆ ਹੈ, ਜਿਸ ਨੇ ਔਖੇ ਸਮੇਂ ਸੂਬੇ ਦੀ ਮਦਦ ਕਰਨ ਦੀ ਥਾਂ ਬੇਲੋੜੀਆਂ ਗੱਲਾਂ ਨਾਲ ਧਿਆਨ ਭਟਕਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਐੱਸ ਡੀ ਆਰ ਐੱਫ ਤਹਿਤ ਪੰਜਾਬ ਨੂੰ ਦਿੱਤੇ ਫੰਡਾਂ ਦੇ ਅੰਕੜੇ ਜਾਰੀ ਕਰਨੇ ਚਾਹੀਦੇ ਹਨ, ਜਿਸ ਤੋਂ ਸਪਸ਼ਟ ਹੋ ਜਾਵੇਗਾ ਕਿ ਉਸ ਨੇ ਸੂਬੇ ਨੂੰ ਕਦੋਂ ਅਤੇ ਕਿੰਨਾ ਪੈਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾਈ ਆਫ਼ਤ ਰਾਹਤ ਫੰਡ (ਐੱਸ ਡੀ ਆਰ ਐੱਫ) ਸਾਲ 2010 ਵਿੱਚ ਬਣਾਇਆ ਗਿਆ ਸੀ। ਉਦੋਂ ਤੋਂ ਹੁਣ ਤੱਕ ਇਸ ਵਿੱਚ 5012 ਕਰੋੜ ਰੁਪਏ ਦਾ ਫੰਡ ਆਇਆ ਹੈ, ਜਿਸ ਵਿੱਚੋਂ ਇਨ੍ਹਾਂ ਸਾਲਾਂ ਦੌਰਾਨ ਕੁਦਰਤੀ ਆਫਤਾਂ ਮੌਕੇ ਰਾਹਤ ਕਾਰਜਾਂ ਲਈ 3820 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਭਾਜਪਾ ਨੂੰ ਸਿਆਸੀ ਮੁੱਦੇ ਉਠਾਉਣ ਦੀ ਥਾਂ ਪੰਜਾਬ ਦੇ ਲੋਕਾਂ ਦੀ ਮਦਦ ਲਈ ਇਕਜੁੱਟ ਹੋਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਭਾਰਤ-ਪਾਕਿਸਤਾਨ ’ਚ ਕ੍ਰਿਕਟ ਮੈਚ ’ਤੇ ਕੇਂਦਰ ਨੂੰ ਘੇਰਿਆ
ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਭਾਰਤ-ਪਾਕਿਸਤਾਨ ਦਰਮਿਆਨ ਹੋਣ ਵਾਲੇ ਕ੍ਰਿਕਟ ਮੈਚ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਜਦੋਂ ਦਿਲਜੀਤ ਦੁਸਾਂਝ ਦੀ ਫਿਲਮ ਰਿਲੀਜ਼ ਹੋ ਰਹੀ ਸੀ ਤਾਂ ਭਾਜਪਾ ਨੇ ਉਸ ਨੂੰ ਗਦਾਰ ਕਰਾਰ ਦਿੱਤਾ ਸੀ। ਹੁਣ ਪੁਲਵਾਮਾ ਤੇ ਪਹਿਲਗਾਮ (ਅਤਿਵਾਦੀ ਹਮਲਿਆਂ) ਨੂੰ ਭੁਲਾ ਕੇ ਕ੍ਰਿਕਟ ਮੈਚ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਨਾਮ ਲਏ ਬਿਨਾਂ ਕਿਹਾ, ‘‘ਸਾਡੇ ਬੜੇ ਸਾਹਿਬ ਦਾ ਬੇਟਾ ਆਈਸੀਸੀ ਦਾ ਪ੍ਰਧਾਨ ਹੈ।’’ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਾਡੀ ਸੱਭਿਆਚਰਕ ਸਾਂਝ ਨੂੰ ਖਤਮ ਕਰ ਰਹੇ ਹੀ ਅਤੇ ਆਪਣੀ ਖੇਡਾਂ ਦੀ ਸਾਂਝ ਵਧਾ ਰਹੀ ਹੈ, ਜਦੋਂਕਿ ਦੋਵਾਂ ਦੇਸ਼ਾਂ ਵਿੱਚ ਸੱਭਿਆਚਾਰਕ ਸਾਂਝ ਹੈ। ਇਸ ਲਈ ਅਜਿਹੇ ਮੁੱਦਿਆਂ ’ਤੇ ਸਿਆਸਤ ਨਹੀਂ ਹੋਣੀ ਚਾਹੀਦੀ।
ਕਈਆਂ ਨੇ ਮੇਰੇ ਹਸਪਤਾਲ ਦਾਖ਼ਲ ਹੋਣ ਮਗਰੋਂ ਚਾਰ-ਚਾਰ ਮੁੱਖ ਮੰਤਰੀ ਬਦਲੇ: ਮਾਨ
ਚੰਡੀਗੜ੍ਹ (ਆਤਿਸ ਗੁਪਤਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਦਿਨੀਂ ਸੂਬੇ ਵਿੱਚ ਮੁੱਖ ਮੰਤਰੀ ਬਦਲਣ ਦੀਆਂ ਚੱਲ ਰਹੀਆਂ ਚਰਚਾਵਾਂ ਨੂੰ ਝੁਠਲਾਉਂਦਿਆਂ ਅੱਜ ਕਿਹਾ ਕਿ ਉਹ ਕਿਤੇ ਨਹੀਂ ਜਾ ਰਹੇ ਅਤੇ ਉਹ ਹੀ ਮੁੱਖ ਮੰਤਰੀ ਰਹਿਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਬਦਲਣ ਦੀਆਂ ਸਾਰੀਆਂ ਖ਼ਬਰਾਂ ਅਫ਼ਵਾਹਾਂ ਹਨ, ਜਿਸ ਨੂੰ ਕੁਝ ਲੋਕਾਂ ਵੱਲੋਂ ਜਾਣ-ਬੁੱਝ ਕੇ ਫੈਲਾਇਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਕੁਝ ਲੋਕਾਂ ਨੇ ਮੇਰੇ ਹਸਪਤਾਲ ਵਿੱਚ ਦਾਖ਼ਲ ਹੁੰਦਿਆਂ ਹੀ ਚਾਰ-ਚਾਰ ਮੁੱਖ ਮੰਤਰੀ ਬਦਲ ਦਿੱਤੇ ਸਨ, ਜਦੋਂਕਿ ਅਜਿਹਾ ਕੁਝ ਨਹੀਂ ਹੈ।’’
ਉਨ੍ਹਾਂ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਨੇ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਵਿੱਚ ਮੱਥੇ ਟੇਕਣ ਤੋਂ ਬਾਅਦ ਸਪਸ਼ਟ ਕਰ ਦਿੱਤਾ ਸੀ ਕਿ ਭਗਵੰਤ ਮਾਨ ਹੀ ਮੁੱਖ ਮੰਤਰੀ ਬਣੇ ਰਹਿਣਗੇ। ਉਨ੍ਹਾਂ ਕਿਹਾ, ‘‘ਇਸ ਦੇ ਬਾਵਜੂਦ ਕੁਝ ਲੋਕਾਂ ਵੱਲੋਂ ਤੜਕੇ ਤੋਂ ਹੀ ਮੈਨੂੰ ਸੋਸ਼ਲ ਮੀਡੀਆ ’ਤੇ ਗਾਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਜਾਂਦੀਆਂ ਹਨ।’’ ਉਨ੍ਹਾਂ ਕਿਹਾ ਕਿ ਜਿਨ੍ਹਾਂ ਵੱਲੋਂ ਸੋਸ਼ਲ ਮੀਡੀਆ ’ਤੇ ਗ਼ਲਤ ਜਾਣਕਾਰੀ ਸਾਂਝੀ ਕਰਨ ਵਾਲਿਆਂ ਨੂੰ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਤੋਂ ਬਚਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ‘ਆਪ’ ਵਿੱਚ ਕੋਈ ਧੜੇਬੰਦੀ ਨਹੀਂ ਹੈ, ਸਾਰੇ ਇਕਜੁੱਟ ਹੋ ਕੇ ਪੰਜਾਬ ਵਾਸੀਆਂ ਦੀ ਸੇਵਾ ਵਿੱਚ ਲੱਗੇ ਹੋਏ ਹਨ।
ਮੁੱਖ ਮੰਤਰੀ ਨੇ ਕੇਂਦਰੀ ਰੇਲਵੇ ਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਬਹਿਸ ਲਈ ਚੁਣੌਤੀ ਦੇਣ ਸਬੰਧੀ ਕਿਹਾ ਕਿ ਜਿਸ ਦੀ ਕੋਈ ਨਹੀਂ ਸੁਣਦਾ ਹੈ, ਉਹ ਉਸ ਨਾਲ ਬਹਿਸ ਨਹੀਂ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਸ ਨੇ ਬਿੱਟੂ ਨੂੰ ਧੂਰੀ ਰੇਲਵੇ ਓਵਰਬ੍ਰਿਜ ਬਣਾਉਣ ਲਈ ਕਿਹਾ ਤਾਂ ਉਸ ਨੇ ਬਣਾਉਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਇਨ੍ਹਾਂ ਲੋਕਾਂ ਨੂੰ ਅਜਿਹੇ ਮਹਿਕਮੇ ਦਿੱਤੇ ਜਾਂਦੇ ਹਨ, ਜਿੱਥੇ ਉਨ੍ਹਾਂ ਦੀ ਚੱਲਣੀ ਬੰਦ ਹੋ ਜਾਂਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਾਰੇ ਹਵਾਈ ਜਹਾਜ਼ ਵੇਚਣ ਤੋਂ ਬਾਅਦ ਜਯੋਤਿਰਦਿੱਤਿਆ ਸਿੰਧੀਆ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਬਣਾਇਆ ਗਿਆ ਸੀ।
ਗੈਰ-ਭਾਜਪਾ ਸ਼ਾਸਿਤ ਸੂਬਿਆਂ ਦੇ ਰਾਜਪਾਲ ਸਰਕਾਰ ਨੂੰ ਕਰਦੇ ਨੇ ਪ੍ਰੇਸ਼ਾਨ: ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਗ਼ੈਰ-ਭਾਜਪਾ ਸ਼ਾਸਿਤ ਸੂਬਿਆਂ ਨਾਲ ਹਮੇਸ਼ਾ ਹੀ ਵਿਤਕਰਾ ਕੀਤਾ ਜਾਂਦਾ ਹੈ। ਅਜਿਹੇ ਸੂਬਿਆਂ ਦੇ ਰਾਜਪਾਲ ਵੀ ਸਰਕਾਰਾਂ ਨੂੰ ਤੰਗ-ਪ੍ਰੇਸ਼ਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਪੱਛਮੀ ਬੰਗਾਲ, ਕੇਰਲਾ, ਝਾਰਖੰਡ ਅਤੇ ਪੰਜਾਬ ਵਰਗੇ ਸੂਬਿਆਂ ਵਿੱਚ ਰਾਜਪਾਲਾਂ ਵੱਲੋਂ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਹੈ ਜਦੋਂਕਿ ਉੱਤਰ ਪ੍ਰਦੇਸ਼, ਗੁਜਰਾਤ ਤੇ ਹਰਿਆਣਾ ਵਿੱਚ ਕੋਈ ਦਿੱਕਤ ਨਹੀਂ ਆਉਂਦੀ। ਉਨ੍ਹਾਂ ਕਿਹਾ ਕਿ ਕਦੇ ਰਾਜਪਾਲ ਵੱਲੋਂ ਸੈਸ਼ਨ ਬੁਲਾਉਣ ਦੀ ਪ੍ਰਵਾਨਗੀ ਨਹੀਂ ਦਿੱਤੀ ਜਾਂਦੀ ਅਤੇ ਕਦੇ ਰਾਜਪਾਲ ਵੱਲੋਂ ਸੂਬੇ ਦੀ ਕੈਬਨਿਟ ਵੱਲੋਂ ਪਾਸ ਕੀਤੇ ਭਾਸ਼ਣ ਨੂੰ ਪੜ੍ਹਨ ਤੋਂ ਇਨਕਾਰ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਸੂਬਾ ਸਰਕਾਰਾਂ ਦੇ ਕੰਮ-ਕਾਜ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ।