ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਹੋਏ ਮੁਕਾਬਲੇ ਵਿੱਚ ਬਾਰਾਂ ਨਕਸਲੀ ਅਤੇ ਰਾਜ ਪੁਲੀਸ ਦੀ ਇੱਕ ਵਿਸ਼ੇਸ਼ ਇਕਾਈ ਜ਼ਿਲ੍ਹਾ ਰਿਜ਼ਰਵ ਗਾਰਡ (ਡੀਆਰਜੀ) ਦੇ ਤਿੰਨ ਜਵਾਨ ਮਾਰੇ ਗਏ। ਇਸ ਸਾਲ ਮਰਨ ਵਾਲੇ ਨਕਸਲੀਆਂ ਦੀ ਗਿਣਤੀ 275 ਹੋ ਗਈ ਹੈ।
ਪੁਲੀਸ ਅਧਿਕਾਰੀ ਨੇ ਕਿਹਾ ਕਿ ਗੋਲੀਬਾਰੀ ਵਿੱਚ ਦੋ ਹੋਰ ਡੀਆਰਜੀ ਜਵਾਨ ਜ਼ਖਮੀ ਹੋ ਗਏ ਹਨ ਤੇ ਜ਼ਿਲ੍ਹੇ ਵਿੱਚ ਨਕਸਲ ਵਿਰੋਧੀ ਕਾਰਵਾਈ ਅਜੇ ਵੀ ਜਾਰੀ ਹੈ। ਇੰਸਪੈਕਟਰ ਜਨਰਲ ਆਫ਼ ਪੁਲੀਸ (ਬਸਤਰ ਰੇਂਜ) ਸੁੰਦਰਰਾਜ ਪੱਟੀਲਿੰਗਮ ਨੇ ਕਿਹਾ ਕਿ ਬੀਜਾਪੁਰ-ਦਾਂਤੇਵਾੜਾ ਜ਼ਿਲ੍ਹਿਆਂ ਦੀ ਸਰਹੱਦ ਦੇ ਨਾਲ ਇੱਕ ਜੰਗਲ ਵਿੱਚ ਉਸ ਵੇਲੇ ਗੋਲੀਬਾਰੀ ਹੋਈ ਜਦੋਂ ਸੁਰੱਖਿਆ ਬਲਾਂ ਦੀ ਇੱਕ ਸਾਂਝੀ ਟੀਮ ਨਕਸਲ ਵਿਰੋਧੀ ਕਾਰਵਾਈ ਕਰ ਰਹੀ ਸੀ।
ਸੀਨੀਅਰ ਆਈਪੀਐਸ ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ ਮੁਕਾਬਲੇ ਵਾਲੀ ਥਾਂ ਤੋਂ 12 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਪਰ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਹੈ।
ਇਸ ਮੌਕੇ ਸਿੰਗਲ ਲੋਡਿੰਗ ਰਾਈਫਲਾਂ (ਐਸਐਲਆਰ), ਇੰਸਾਸ ਰਾਈਫਲਾਂ .303 ਰਾਈਫਲਾਂ ਅਤੇ ਹੋਰ ਹਥਿਆਰ ਅਤੇ ਗੋਲਾ ਬਾਰੂਦ ਮੌਕੇ ਤੋਂ ਬਰਾਮਦ ਕੀਤੇ ਗਏ ਹਨ। ਪੀਟੀਆਈ

