ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਗੁਰਧਾਮਾਂ ਦੇ ਦਰਸ਼ਨਾਂ ਲਈ 170 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਕੀਤਾ। ਇਸ ਮੌਕੇ ਜਗਦੀਪ ਸਿੰਘ ਕਾਹਲੋਂ, ਕਮੇਟੀ ਸਲਾਹਕਾਰ ਪਰਮਜੀਤ ਸਿੰਘ ਚੰਢੋਕ ਅਤੇ ਜਥੇ ਦੀ ਅਗਵਾਈ ਕਰਨ ਵਾਲੇ ਮੈਂਬਰ ਰਮਿੰਦਰ ਸਿੰਘ ਸਵੀਟਾ ਹਾਜ਼ਰ ਸਨ। ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਜਥਾ ਰਵਾਨਾ ਹੋਇਆ ਜੋ ਅੱਜ ਰਾਤ ਅੰਮ੍ਰਿਤਸਰ ਪੁੱਜੇਗਾ ਅਤੇ ਭਲਕੇ ਹੋਰਨਾਂ ਜਥਿਆਂ ਨਾਲ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਜਾਵੇਗਾ।
ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ‘ਅਪਰੇਸ਼ਨ ਸਿੰਧੂਰ’ ਤੋਂ ਬਾਅਦ ਭਾਰਤ ਸਰਕਾਰ ਨੇ ਜਥੇ ਪਾਕਿਸਤਾਨ ਭੇਜਣ ’ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਮਗਰੋਂ ਦਿੱਲੀ ਗੁਰਦੁਆਰਾ ਕਮੇਟੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਪਹੁੰਚ ਕੀਤੀ ਸੀ ਜਿਸ ਮਗਰੋਂ ਕੇਂਦਰ ਸਰਕਾਰ ਨੇ ਜਥੇ ਭੇਜਣ ਦੀ ਇਜਾਜ਼ਤ ਦੇ ਦਿੱਤੀ। ਦਿੱਲੀ ਤੋਂ ਕੁੱਲ 170 ਸ਼ਰਧਾਲੂਆਂ ਨੇ ਪਾਕਿਸਤਾਨ ਜਾਣ ਲਈ ਅਰਜ਼ੀ ਦਿੱਤੀ ਸੀ ਤੇ ਸਾਰੇ ਸ਼ਰਧਾਲੂਆਂ ਨੂੰ ਵੀਜ਼ੇ ਮਿਲ ਗਏ ਹਨ। ਜਥੇ ਦੇ ਮੈਂਬਰ ਗੁਰਦੁਆਰਾ ਨਨਕਾਣਾ ਸਾਹਿਬ, ਪੰਜਾ ਸਾਹਿਬ ਤੇ ਕਰਤਾਰਪੁਰ ਸਾਹਿਬ ਸਮੇਤ ਸਾਰੇ ਪ੍ਰਮੁੱਖ ਗੁਰਧਾਮਾਂ ਦੇ ਦਰਸ਼ਨ ਕਰਨਗੇ। ਇਹ ਜਥਾ 10 ਦਿਨ ਮਗਰੋਂ ਪਰਤੇਗਾ।

