ਕਾਨਪੁਰ (ਯੂਪੀ), 6 ਜੁਲਾਈ
1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਥਿਤ ਤੌਰ ‘ਤੇ ਹਿੰਸਾ ਦੌਰਾਨ ਇਕ ਘਰ ਨੂੰ ਅੱਗ ਲਾਉਣ ਵਾਲੀ ਭੀੜ ਦਾ ਹਿੱਸਾ ਸਨ। ਕਾਨਪੁਰ ਵਿੱਚ ਹਿੰਸਾ ਦੌਰਾਨ 127 ਵਿਅਕਤੀਆਂ ਦੀ ਮੌਤ ਹੋ ਗਈ ਸੀ। ਯੂਪੀ ਸਰਕਾਰ ਵੱਲੋਂ ਕਾਇਮ ਕੀਤੀ ਐੱਸਆਈਟੀ ਨੇ ਹੁਣ ਤੱਕ 13 ਮੁਲਜ਼ਮਾਂ ਗ੍ਰਿਫ਼ਤਾਰ ਕੀਤਾ ਹੈ। ਨੌਬਸਤਾ ਪੁਲੀਸ ਕੋਲ ਦਰਜ ਮਾਮਲੇ ਵਿੱਚ ਅੱਜ ਤਾਜ਼ਾ ਗ੍ਰਿਫਤਾਰੀਆਂ ਕੀਤੀਆਂ ਗਈਆਂ। ਗ੍ਰਿਫ਼ਤਾਰ ਕੀਤੇ ਮੁਲਜ਼ਮ ਸਿੱਧ ਗੋਪਾਲ ਗੁਪਤਾ ਉਰਫ਼ ਬੱਬੂ (66) ਅਤੇ ਜਤਿੰਦਰ ਕੁਮਾਰ ਤਿਵਾੜੀ ਉਰਫ਼ ਰਾਜਾ ਬਾਬੂ (58) ਕਿਦਵਈ ਨਗਰ ਦੇ ਰਹਿਣ ਵਾਲੇ ਹਨ। ਐੱਸਆਈਟੀ ਦੀ ਅਗਵਾਈ ਕਰ ਰਹੇ ਡੀਆਈਜੀ ਬਲੇਂਦੂ ਭੂਸ਼ਣ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।