* ਉੱਤਰਾਖੰਡ ’ਚ ਕਿਸਾਨਾਂ, ਆਦਿਵਾਸੀਆਂ ਅਤੇ ਦਲਿਤਾਂ ਦੀ ਮਹਾਪੰਚਾਇਤ
ਕੁਲਵਿੰਦਰ ਕੌਰ ਦਿਓਲ
ਫਰੀਦਾਬਾਦ/ਰਾਮਨਗਰ, 21 ਮਾਰਚ
ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਉੱਤਰਾਖੰਡ ਦੇ ਰਾਮਨਗਰ ’ਚ ਆਬਾਦਕਾਰਾਂ, ਆਦਿਵਾਸੀਆਂ ਅਤੇ ਦਲਿਤਾਂ ਦੀ ਪਹਿਲੀ ਮਹਾਪੰਚਾਇਤ ਹੋਈ। ਮਹਾਪੰਚਾਇਤ ’ਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਮੁੱਖ ਬੁਲਾਰੇ ਵਜੋਂ ਸੰਬੋਧਨ ਕੀਤਾ। ਆਪਣੇ ਸੰਬੋਧਨ ’ਚ ਉਨ੍ਹਾਂ ਕਿਹਾ ਕਿ ਇਸ ਇਲਾਕੇ ਦੇ ਕਿਸਾਨ ਕਈ ਪੀੜ੍ਹੀਆਂ ਤੋਂ ਜ਼ਮੀਨਾਂ ਆਬਾਦ ਕਰਕੇ ਖੇਤੀ ਕਰ ਰਹੇ ਹਨ। ਉਹ ਮਾਲਕਾਨਾ ਹੱਕ ਲਈ ਲੰਬੇ ਸਮੇਂ ਤੋਂ ਜਦੋਜ਼ਹਿਦ ਕਰ ਰਹੇ ਹਨ। ‘ਸਰਕਾਰ ਆਬਾਦਕਾਰਾਂ ਨੂੰ ਜ਼ਮੀਨੀ ਹੱਕ ਦੇਣ ਦੀ ਬਜਾਏ ਕਾਰਪੋਰੇਟਾਂ ਨੂੰ ਜ਼ਮੀਨਾਂ ਦੇਣ ਲਈ ਕਾਨੂੰਨ ਬਣਾ ਰਹੀ ਹੈ। ਹਰ ਸਾਲ ਦੋ ਕਰੋੜ ਲੋਕਾਂ ਨੂੰ ਨੌਕਰੀ ਦੇਣ ਦਾ ਵਾਅਦਾ ਕਰਨ ਵਾਲੀ ਸਰਕਾਰ ਦੇ ਰਾਜ ਵਿੱਚ ਲੋਕ ਬੇਰੁਜ਼ਗਾਰ ਹੋ ਰਹੇ ਹਨ। ਮੋਦੀ ਸਰਕਾਰ ਦਾ ਵਿਕਾਸ ਤਾਂ ਭਾਵੇਂ ਪਹਾੜਾਂ ਅਤੇ ਜੰਗਲੀ ਇਲਾਕਿਆਂ ਤੱਕ ਨਹੀਂ ਪਹੁੰਚਿਆ ਪ੍ਰੰਤੂ ਕਿਸਾਨੀ ਅੰਦੋਲਨ ਜ਼ਰੂਰ ਉਥੇ ਪਹੁੰਚ ਚੁੱਕਿਆ ਹੈ।’ ਉਨ੍ਹਾਂ ਕਿਹਾ ਕਿ ਨਵਰੀਤ ਸਿੰਘ ਦੀ ਸ਼ਹੀਦੀ ਨੇ ਹਕੂਮਤ ਨੂੰ ਦੱਸ ਦਿੱਤਾ ਹੈ ਕਿ ਇਹ ਲੜਾਈ ਸਿਰਫ਼ ਪੰਜਾਬ ਦੀ ਨਾ ਰਹਿ ਕੇ ਪੂਰੇ ਦੇਸ਼ ਦੀ ਬਣ ਚੁੱਕੀ ਹੈ। ਵਣ ਪੰਚਾਇਤ ਸੰਘਰਸ਼ ਸਮਿਤੀ ਦੇ ਆਗੂ ਤਰੁਣ ਜੋਸ਼ੀ ਨੇ ਕਿਹਾ ਕਿ ਮੋਦੀ ਹਕੂਮਤ ਲੋਕਾਂ ਨੂੰ ਧਰਮ ਦੇ ਨਾਂ ’ਤੇ ਵੰਡ ਕੇ ਆਪਣਾ ਫਾਸ਼ੀਵਾਦੀ ਏਜੰਡਾ ਲਾਗੂ ਕਰਨਾ ਚਾਹੁੰਦੀ ਹੈ ਪ੍ਰੰਤੂ ਕਿਸਾਨ ਅੰਦੋਲਨ ਨੇ ਸਰਕਾਰ ਦਾ ਇਹ ਪੈਂਤੜਾ ਫੇਲ੍ਹ ਕਰ ਦਿੱਤਾ ਹੈ। ਕਿਸਾਨ ਸੰਘਰਸ਼ ਸਮਿਤੀ ਦੇ ਆਗੂ ਦੀਵਾਰ ਕਟਾਰੀਆ ਨੇ ਕਿਹਾ ਕਿ ਲੋਕਾਂ ਦੀਆਂ ਤਿੰਨ-ਤਿੰਨ ਪੀੜ੍ਹੀਆਂ ਵੱਲੋਂ ਆਬਾਦ ਕੀਤੀ ਗਈ ਜ਼ਮੀਨ ਅੱਜ ਕਾਰਪੋਰੇਟ ਘਰਾਣਿਆਂ ਨੂੰ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਵਣ ਕਾਨੂੰਨਾਂ ਦੀ ਉਲੰਘਣਾ ਕਰ ਕੇ ਜੰਗਲਾਂ ਦਾ ਸਫਾਇਆ ਕੀਤਾ ਜਾ ਰਿਹਾ ਹੈ ਅਤੇ ਉਥੇ ਵੱਡੇ-ਵੱਡੇ ਹੋਟਲ ਤੇ ਰੈਸਟੋਰੈਂਟ ਉਸਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖਣਿਜ ਪਦਾਰਥ ਮਲਟੀਨੈਸ਼ਨਲ ਕਾਰਪੋਰੇਸ਼ਨਾਂ ਨੂੰ ਵੇਚੇ ਜਾ ਰਹੇ ਹਨ। ਮਜ਼ਦੂਰ ਜਥੇਬੰਦੀ ਮਾਸਾ ਦੇ ਆਗੂ ਸੰਤੋਸ਼ ਨੇ ਕਿਹਾ ਕਿ ਇਹ ਲੜਾਈ ਇਕੱਲੇ ਕਿਸਾਨਾਂ ਦੀ ਨਹੀਂ ਸਗੋਂ ਮਜ਼ਦੂਰ ਦੀ ਵੀ ਸਾਂਝੀ ਲੜਾਈ ਹੈ। ਇਕੱਠ ਨੂੰ ਸ਼ਹੀਦ ਨਵਰੀਤ ਸਿੰਘ ਦੇ ਪਿਤਾ ਸਾਹਿਬ ਸਿੰਘ ਤੇ ਹੋਰਾਂ ਨੇ ਵੀ ਸੰਬੋਧਨ ਕੀਤਾ।