ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 20 ਜੁਲਾਈ
ਸੰਯੁਕਤ ਕਿਸਾਨ ਮੋਰਚੇ ਵੱਲੋਂ ਮੌਨਸੂਨ ਇਜਲਾਸ ਦੌਰਾਨ ਰੋਜ਼ਾਨਾ ਪ੍ਰਦਰਸ਼ਨ ਕਰਨ ਦੀਆਂ ਤਿਆਰੀਆਂ ਤੇ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ। ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਸੰਸਦ ਇਜਲਾਸ ਦੇ ਸਾਰੇ ਦਿਨਾਂ ਦੌਰਾਨ ਰੋਜ਼ਾਨਾ 200 ਪ੍ਰਦਰਸ਼ਨਕਾਰੀਆਂ ਵੱਲੋਂ ਜੰਤਰ-ਮੰਤਰ ’ਚ ਕਿਸਾਨ ਸੰਸਦ ਲਗਾਈ ਜਾਵੇਗੀ। ਇਸ ਦੌਰਾਨ ਕਿਸਾਨ ਇਹ ਦੱਸਣਗੇ ਕਿ ਭਾਰਤੀ ਲੋਕਤੰਤਰ ਨੂੰ ਕਿਸ ਤਰ੍ਹਾਂ ਚਲਾਇਆ ਜਾਣਾ ਚਾਹੀਦਾ ਹੈ ਤਾਂ ਜੋ ਲੋਕਤੰਤਰ ਨੂੰ ਮਜ਼ਬੂਤ ਕੀਤਾ ਜਾ ਸਕੇ। ਸੰਯੁਕਤ ਕਿਸਾਨ ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਨੇ ਇਸ ਸਬੰਧੀ ਦਿੱਲੀ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਰੋਸ ਪ੍ਰਦਰਸ਼ਨ ਦੀਆਂ ਯੋਜਨਾਵਾਂ ਜਥੇਬੰਦਕ, ਅਨੁਸ਼ਾਸਿਤ ਤੇ ਸ਼ਾਂਤਮਈ ਢੰਗ ਨਾਲ ਲਾਗੂ ਕੀਤੀਆਂ ਜਾਣਗੀਆਂ।