ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਜਨਵਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਮਗਰੋਂ ਵੱਖ ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 22 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਸਬੰਧੀ 74.90 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀਈਓ) ਡਾ. ਐੱਸ ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 3.62 ਕਰੋੜ ਰੁਪਏ ਦੀ 11.38 ਲੱਖ ਲਿਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 56.17 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 14.05 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1140 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2555 ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 1426 ਖ਼ਿਲਾਫ਼ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ, ਜਦਕਿ ਬਾਕੀਆਂ ਨੂੰ ਵੀ ਜਲਦੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀਆਰਪੀਸੀ ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 287 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਗੈਰ-ਜ਼ਮਾਨਤੀ ਵਾਰੰਟਾਂ ਦੇ 2366 ਕੇਸਾਂ ’ਤੇ ਕਾਰਵਾਈ ਕੀਤੀ ਜਾ ਚੁੱਕੀ ਹੈ, ਜਦਕਿ 173 ਕੇਸਾਂ ’ਤੇ ਕਾਰਵਾਈ ਅਮਲ ਅਧੀਨ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 9077 ਨਾਕੇ ਲਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,69,086 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ, ਜਦਕਿ ਸੂਬੇ ਵਿੱਚ 41 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।