ਆਤਿਸ਼ ਗੁਪਤਾ
ਚੰਡੀਗੜ੍ਹ, 18 ਜਨਵਰੀ
ਚੰਡੀਗੜ੍ਹ ਸਥਿਤ ਸੀਬੀਆਈ ਅਦਾਲਤ ਨੇ ਅੱਜ 7 ਸਾਲ ਪੁਰਾਣੇ ਕੋਟਖਾਈ ਜਬਰ-ਜਨਾਹ ਤੇ ਹੱਤਿਆ ਸਬੰਧੀ ਕੇਸ ਦੇ ਮੁਲਜ਼ਮ ਦੀ ਪੁਲੀਸ ਹਿਰਾਸਤ ਵਿੱਚ ਮੌਤ ਹੋਣ ਦੇ ਮਾਮਲੇ ਵਿੱਚ ਹਿਮਾਚਲ ਪ੍ਰਦੇਸ਼ ਦੇ ਆਈਜੀ ਜਹੂਰ ਹੈਦਰ ਜ਼ੈਦੀ ਸਣੇ 8 ਜਣਿਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੋਸ਼ੀਆਂ ਨੂੰ 27 ਜਨਵਰੀ ਨੂੰ ਸਜ਼ਾ ਸੁਣਾਈ ਜਾਵੇਗੀ। ਅਦਾਲਤ ਨੇ ਉਕਤ ਮਾਮਲੇ ਵਿੱਚੋਂ ਇਕ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਗਏ ਵਿਅਕਤੀਆਂ ਵਿੱਚ ਹਿਮਾਚਲ ਪ੍ਰਦੇਸ਼ ਦੇ ਆਈਜੀ ਜਹੂਰ ਹੈਦਰ ਜ਼ੈਦੀ, ਤਤਕਾਲੀ ਡੀਐੱਸਪੀ ਮਨੋਜ ਜੋਸ਼ੀ, ਐੱਸਆਈ ਰਜਿੰਦਰ ਸਿੰਘ, ਏਐੱਸਆਈ ਦੀਪ ਚੰਦ ਸ਼ਰਮਾ, ਹੈੱਡ ਕਾਂਸਟੇਬਲ ਮੋਹਨ ਲਾਲ, ਸੂਰਤ ਸਿੰਘ, ਰਫ਼ੀ ਮੁਹੰਮਦ ਅਤੇ ਕਾਂਸਟੇਬਲ ਰਣਿਤ ਸਤੇਟਾ ਸ਼ਾਮਲ ਹਨ। ਅਦਾਲਤ ਨੇ ਐੱਸਪੀ ਡੀਡਬਲਿਊ ਨੇਗੀ ਨੂੰ ਬਰੀ ਕਰ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਕੋਟਖਾਈ ’ਚ 4 ਜੁਲਾਈ 2017 ਨੂੰ ਇਕ 16 ਸਾਲਾ ਲੜਕੀ ਲਾਪਤਾ ਹੋ ਗਈ ਸੀ। ਉਸ ਦੀ ਲਾਸ਼ ਦੋ ਦਿਨਾਂ ਬਾਅਦ ਜੰਗਲਾਂ ਵਿੱਚੋਂ ਮਿਲੀ ਸੀ। ਪੋਸਟਮਾਰਟਮ ਰਿਪੋਰਟ ਵਿੱਚ ਲੜਕੀ ਨਾਲ ਜਬਰ-ਜਨਾਹ ਦੀ ਪੁਸ਼ਟੀ ਹੋਈ ਸੀ। ਘਟਨਾ ਦੀ ਜਾਂਚ ਲਈ ਸਰਕਾਰ ਨੇ ਆਈਜੀ ਜਹੂਰ ਹੈਦਰ ਜ਼ੈਦੀ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਦਾ ਗਠਨ ਕੀਤਾ ਸੀ ਜਿਸ ਨੇ ਇਸ ਮਾਮਲੇ ’ਚ ਛੇ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮ ਸੂਰਜ ਦੀ ਪੁਲੀਸ ਹਿਰਾਸਤ ਦੌਰਾਨ 18 ਜੁਲਾਈ 2017 ਨੂੰ ਮੌਤ ਹੋ ਗਈ ਸੀ। ਇਸ ਤੋਂ ਬਾਅਦ ਹਿਮਾਚਲ ਪ੍ਰਦੇਸ਼ ਹਾਈ ਕੋਰਟ ਨੇ ਉਕਤ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਸੀ। ਨੇ ਉਕਤ ਮਾਮਲੇ ਸਬੰਧੀ ਕੇਸ ਦਰਜ ਕਰਕੇ ਸੂਰਜ ਦੀ ਮੌਤ ਦੇ ਮਾਮਲੇ ਵਿੱਚ ਆਈਜੀ ਜ਼ੈਦੀ ਤੇ ਹੋਰ ਪੁਲੀਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਤੋਂ ਬਾਅਦ ਸਾਲ 2019 ਵਿੱਚ ਸੁਪਰੀਮ ਕੋਰਟ ਨੇ ਪੁਲੀਸ ਹਿਰਾਸਤ ਵਿੱਚ ਇਕ ਮੁਲਜ਼ਮ ਦੀ ਮੌਤ ਨਾਲ ਸਬੰਧਤ ਮਾਮਲੇ ਨੂੂੰ ਚੰਡੀਗੜ੍ਹ ਦੀ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਸੀ ਜਿਸ ਵਿੱਚ ਅੱਜ ਸੀਬੀਆਈ ਅਦਾਲਤ ਨੇ ਉਕਤ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਉਕਤ ਮਾਮਲੇ ਦੀ ਸੁਣਵਾਈ ਦੌਰਾਨ 52 ਤੋਂ ਵੱਧ ਗਵਾਹਾਂ ਦੇ ਬਿਆਨ ਦਰਜ ਕੀਤੇ।