ਮੁੱਖ ਅੰਸ਼
-
ਦੀਵਾਲੀ ਮਨਾਉਣ ਲਈ ਘਰ ਜਾ ਰਹੇ ਸਨ ਮਜ਼ਦੂਰ
-
ਹਾਦਸੇ ’ਚ 40 ਹੋਰ ਜ਼ਖ਼ਮੀ
ਰੇਵਾ (ਮੱਧ ਪ੍ਰਦੇਸ਼), 22 ਅਕਤੂਬਰ
ਮੱਧ ਪ੍ਰਦੇਸ਼ ਦੇ ਰੇਵਾ ਜ਼ਿਲ੍ਹੇ ’ਚ ਇੱਕ ਬੱਸ ਤੇ ਟਰੱਕ ਦੀ ਟੱਕਰ ਹੋਣ ਕਾਰਨ 15 ਸਵਾਰੀਆਂ ਦੀ ਮੌਤ ਹੋ ਗਈ ਤੇ 40 ਹੋਰ ਜ਼ਖ਼ਮੀ ਹੋ ਗਏ। ਉੱਤਰ ਪ੍ਰਦੇਸ਼ ਵੱਲ ਜਾ ਰਹੀ ਇਸ ਬੱਸ ’ਚ ਜ਼ਿਆਦਾਤਾਰ ਮਜ਼ਦੂਰ ਸਵਾਰ ਸਨ ਜੋ ਦੀਵਾਲੀ ਮਨਾਉਣ ਘਰ ਜਾ ਰਹੇ ਸਨ। ਰੇਵਾ ਜ਼ਿਲ੍ਹੇ ਦੇ ਐੱਸਪੀ ਨਵਨੀਤ ਭਸੀਨ ਨੇ ਦੱਸਿਆ ਕਿ ਇਹ ਘਟਨਾ ਲੰਘੀ ਦੇਰ ਰਾਤ ਕਰੀਬ 11.30 ਵਜੇ ਤਿਓਂਥਰ ਸ਼ਹਿਰ ਨੇੜੇ ਵਾਪਰੀ। ਇਹ ਬੱਸ ਹੈਦਰਾਬਾਦ ਤੋਂ ਗੋਰਖਪੁਰ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਕੌਮੀ ਮਾਰਗ ਨੰਬਰ-30 ’ਤੇ ਜਾ ਰਹੇ ਟਰੱਕ ਨੇ ਆਪਣੇ ਅੱਗੇ ਜਾ ਰਹੇ ਇੱਕ ਹੋਰ ਵਾਹਨ ਨੂੰ ਟੱਕਰ ਮਾਰਨ ਮਗਰੋਂ ਅਚਾਨਕ ਬਰੇਕ ਲਗਾ ਦਿੱਤੇ ਜਿਸ ਕਾਰਨ ਪਿੱਛੋਂ ਆ ਰਹੀ ਪ੍ਰਾਈਵੇਟ ਬੱਸ ਟਰੱਕ ਨਾਲ ਟਕਰਾ ਗਈ। ਉਨ੍ਹਾਂ ਦੱਸਿਆ, ‘ਇਸ ਹਾਦਸੇ ’ਚ 15 ਜਣਿਆਂ ਦੀ ਮੌਤ ਹੋ ਗਈ ਤੇ 40 ਹੋਰ ਜ਼ਖ਼ਮੀ ਹੋ ਗਏ ਹਨ। ਹਾਦਸੇ ਦੇ ਪੀੜਤਾਂ ’ਚੋਂ ਜ਼ਿਆਦਾਤਰ ਮਜ਼ਦੂਰ ਹਨ ਤੇ ਇਹ ਦੀਵਾਲੀ ਮਨਾਉਣ
ਆਪਣੇ ਘਰ ਜਾ ਰਹੇ ਸੀ। ਇਹ ਬੱਸ ਵੀ ਯੂਪੀ ਨਾਲ ਸਬੰਧਤ ਹੈ।’ ਉਨ੍ਹਾਂ ਕਿਹਾ ਕਿ ਇਹ ਹਾਦਸਾ ਇੰਨਾਂ ਭਿਆਨਕ ਸੀ ਕਿ ਬੱਸ ਨੂੰ ਗੈਸ ਕਟਰ ਨਾਲ ਕੱਟ ਕੇ ਲਾਸ਼ਾਂ ਬਾਹਰ ਕੱਢੀਆਂ ਗਈਆਂ।
ਰੇਵਾ ਦੇ ਜ਼ਿਲ੍ਹਾ ਕੁਲੈਕਟਰ ਮਨੋਜ ਪੁਸ਼ਵ ਨੇ ਕਿਹਾ ਕਿ 12 ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੋ ਨੇ ਹਸਪਤਾਲ ਲਿਜਾਂਦੇ ਸਮੇਂ ਰਾਹ ਵਿੱਚ ਦਮ ਤੋੜ ਦਿੱਤਾ। ਇੱਕ ਵਿਅਕਤੀ ਦੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਐੱਸਪੀ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਮਗਰੋਂ ਮੌਕੇ ’ਤੇ ਪਹੁੰਚੀ ਪੁਲੀਸ ਨੇ ਬਚਾਅ ਕਾਰਜ ਸ਼ੁਰੂ ਕੀਤੇ।
ਹਾਦਸੇ ਦੇ ਜ਼ਖ਼ਮੀਆਂ ਨੂੰ ਤਿਓਂਥਰ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜਦਕਿ ਗੰਭੀਰ ਜ਼ਖ਼ਮੀਆਂ ਨੂੰ ਰੇਵਾ ਰੈੱਫਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਾਦਸੇ ’ਚ ਮਾਮੂਲੀ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਉਨ੍ਹਾਂ ਦੇ ਘਰ ਭੇਜਣ ਲਈ ਬਦਲਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਟਵੀਟ ਕੀਤਾ, ‘ਰੇਵਾ ’ਚ ਹੈਦਰਾਬਾਦ ਤੋਂ ਗੋਰਖਪੁਰ ਜਾ ਰਹੀ ਮੁਸਾਫਰ ਬੱਸ ਨਾਲ ਵਾਪਰੇ ਹਾਦਸੇ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਮੈਂ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਤੇ ਜ਼ਖਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਪ੍ਰਾਰਥਨਾ ਕਰਦਾ ਹਾਂ।’ ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਦੇ ਇਲਾਜ ਦਾ ਖਰਚਾ ਸੂਬਾ ਸਰਕਾਰ ਚੁੱਕੇਗੀ। -ਪੀਟੀਆਈ
ਮੁਰਮੂ, ਮੋਦੀ ਤੇ ਯੋਗੀ ਵੱਲੋਂ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ: ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਰੇਵਾ ’ਚ ਵਾਪਰੇ ਸੜਕ ਹਾਦਸੇ ਲਈ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਰਾਸ਼ਟਰਪਤੀ ਨੇ ਟਵੀਟ ਕੀਤਾ, ‘ਹੈਦਰਾਬਾਦ ਤੋਂ ਗੋਰਖਪੁਰ ਜਾ ਰਹੀ ਬੱਸ ਦੇ ਮੱਧ ਪ੍ਰਦੇਸ਼ ਦੇ ਰੇਵਾ ’ਚ ਵਾਪਰੇ ਸੜਕ ਹਾਦਸੇ ’ਚ ਕਈ ਮੁਸਾਫਰਾਂ ਦੀ ਮੌਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਸਾਰੇ ਪੀੜਤ ਪਰਿਵਾਰਾਂ ਨਾਲ ਮੇਰੀ ਹਮਦਰਦੀ। ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਪ੍ਰਾਰਥਨਾ ਕਰਦੀ ਹਾਂ।’ ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ, ‘ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਪੀੜਤ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।’ ਇਸੇ ਦੌਰਾਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕਾਂ ਦੇ ਪੀੜਤ ਪਰਿਵਾਰਾਂ ਨੂੰ 2-2 ਲੱਖ ਰੁਪਏ ਤੇ ਗੰਭੀਰ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦੇ ਨਿਰਦੇਸ਼ ਦਿੱਤੇ ਹਨ। –ਪੀਟੀਆਈ