ਨਨਕਾਣੇ ਦੀ ਧਰਤੀ ’ਤੇ ਸ਼ਰਧਾ ਦਾ ਸੈਲਾਬ
ਜਥੇਦਾਰ ਗੜਗੱਜ ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਹੇ ਮੌਜੂਦ, ਦੇਸ਼-ਵਿਦੇਸ਼ ਤੋਂ ਪੁੱਜੀ ਸੰਗਤ
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਭਾਰਤ ਤੇ ਪਾਕਿਸਤਾਨ ਸਮੇਤ ਵੱਖ-ਵੱਖ ਦੇਸ਼ਾਂ ਵਿੱਚ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਹੈ। ਭਾਰਤ ਵਿੱਚ ਜਿੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ, ਉੱਥੇ ਪਾਕਿਸਤਾਨ ਵਿੱਚ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਅੱਜ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਵੇਰੇ ਨਗਰ ਕੀਰਤਨ ਸਜਾਇਆ ਗਿਆ ਤੇ ਦੇਰ ਰਾਤ ਨੂੰ ਅਖੰਡ ਪਾਠ ਦੇ ਭੋਗ ਪਾਏ ਗਏ।
ਗੁਰੂ ਨਾਨਕ ਦੇ 556ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਗਏ ਅਲੌਕਿਕ ਨਗਰ ਕੀਰਤਨ ਵਿੱਚ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਆਗੂ ਮੈਂਬਰ ਬੀਬੀ ਗੁਰਿੰਦਰ ਕੌਰ ਤੇ ਗੁਰਮੀਤ ਸਿੰਘ ਬੂਹ ਨੇ ਵੱਡੀ ਗਿਣਤੀ ਵਿੱਚ ਸੰਗਤ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਜਥੇਦਾਰ ਗੜਗੱਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਗੁਰਦੁਆਰਾ ਸ੍ਰੀ ਜਨਮ ਅਸਥਾਨ ਸਾਹਿਬ ਤੋਂ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ। ਉਪਰੰਤ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿੱਚ ਨਗਰ ਕੀਰਤਨ ਰਵਾਨਾ ਹੋਇਆ।
ਇਸ ਮੌਕੇ ਨਨਕਾਣਾ ਸਾਹਿਬ ਦੇ ਮੁੱਖ ਬਾਜ਼ਾਰ ਵਿੱਚ ਲਗਪਗ ਦੋ ਕਿਲੋਮੀਟਰ ਲੰਮਾ ਲਾਲ ਗਲੀਚਾ (ਰੈੱਡ ਕਾਰਪੈਟ) ਵਿਛਾਇਆ ਗਿਆ ਸੀ। ਜੈਕਾਰਿਆਂ ਦੀ ਗੂੰਜ ਵਿੱਚ ਨਗਰ ਕੀਰਤਨ ਵੱਖ ਵੱਖ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਇਆ। ਇਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ ਐੱਸ ਜੀ ਪੀ ਸੀ) ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ, ਔਕਾਫ ਬੋਰਡ ਦੇ ਅਧਿਕਾਰੀ ਤੇ ਪ੍ਰਬੰਧਕ ਕਮੇਟੀ ਦੇ ਹੋਰ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਾਕਿਸਤਾਨੀ ਸਿੱਖ ਸੰਗਤਾਂ ਹਾਜ਼ਰ ਸਨ। ਭਾਰਤ ਤੋਂ ਗਈ ਸਿੱਖ ਸੰਗਤ ਨੇ ਵੀ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ। ਦੱਸਣਯੋਗ ਹੈ ਕਿ ਕੱਲ੍ਹ 1900 ਤੋਂ ਵੱਧ ਸਿੱਖ ਸ਼ਰਧਾਲੂ ਅਟਾਰੀ-ਵਾਹਗਾ ਸਰਹੱਦ ਰਸਤੇ ਸੜਕ ਮਾਰਗ ਰਾਹੀਂ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਵਾਸਤੇ ਗਏ ਸਨ। ਵੱਡੀ ਗਿਣਤੀ ਵਿੱਚ ਭਾਰਤੀ ਸ਼ਰਧਾਲੂਆਂ ਦੀ ਆਮਦ ਤੇ ਹੋਰਨਾਂ ਮੁਲਕਾਂ ਤੋਂ ਆਏ ਹੋਏ ਸ਼ਰਧਾਲੂਆਂ ਕਾਰਨ ਨਨਕਾਣਾ ਸਾਹਿਬ ਦੀ ਧਰਤੀ ’ਤੇ ਸ਼ਰਧਾ ਦਾ ਸੈਲਾਬ ਆਇਆ ਹੋਇਆ ਹੈ। ਸੰਗਤ ਵਿੱਚ ਭਾਰੀ ਸ਼ਰਧਾ ਤੇ ਉਤਸ਼ਾਹ ਹੈ।

