ਨਵੀਂ ਦਿੱਲੀ, 24 ਦਸੰਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਸਰਕਾਰ ’ਤੇ ਹਮਲੇ ਤੇਜ਼ ਕਰਦਿਆਂ ਕਾਂਗਰਸ ਨੇ ਅੱਜ ਪਾਰਟੀ ਹੈੱਡਕੁਆਰਟਰ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਰਾਸ਼ਟਰਪਤੀ ਭਵਨ ਵੱਲ ਮਾਰਚ ਕੱਢਣ ਤੋਂ ਰੋਕੇ ਜਾਣ ’ਤੇ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਪਾਰਟੀ ਦੇ ਸੰਸਦ ਮੈਂਬਰ ਦਫ਼ਤਰ ਦੇ ਬਾਹਰ ਧਰਨੇ ’ਤੇ ਬੈਠ ਗਏ ਜਿਨ੍ਹਾਂ ਨੂੰ ਪੁਲੀਸ ਨੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਹਿਰਾਸਤ ’ਚ ਲੈ ਲਿਆ। ਕਾਂਗਰਸ ਨੇ ਪਾਰਟੀ ਦਫ਼ਤਰ ਅਕਬਰ ਰੋਡ ਤੋਂ ਰਾਸ਼ਟਰਪਤੀ ਭਵਨ ਤੱਕ ਰੋਸ ਮਾਰਚ ਕੱਢਣ ਦੀ ਯੋਜਨਾ ਬਣਾਈ ਸੀ ਜਿਥੇ ਕਾਂਗਰਸ ਆਗੂਆਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਕੇ ਦੋ ਕਰੋੜ ਕਿਸਾਨਾਂ ਦੇ ਦਸਤਖ਼ਤਾਂ ਵਾਲਾ ਮੰਗ ਪੱਤਰ ਸੌਂਪਣਾ ਸੀ। ਦਿੱਲੀ ਪੁਲੀਸ ਨੇ ਕਾਂਗਰਸ ਦਫ਼ਤਰ ਸਮੇਤ ਰਾਸ਼ਟਰਪਤੀ ਭਵਨ ਦੇ ਆਲੇ-ਦੁਆਲੇ ਧਾਰਾ 144 ਲਾਈ ਹੋਈ ਸੀ ਜਿਸ ਕਾਰਨ ਵਿਰੋਧ ਕਰ ਰਹੇ ਕਾਂਗਰਸ ਆਗੂਆਂ ਨੂੰ ਹਿਰਾਸਤ ’ਚ ਲੈ ਕੇ ਮੰਦਿਰ ਮਾਰਗ ਪੁਲੀਸ ਸਟੇਸ਼ਨ ਲਿਜਾਇਆ ਗਿਆ। ਇਸ ਦੌਰਾਨ ਰਾਹੁਲ ਗਾਂਧੀ, ਰਾਜ ਸਭਾ ’ਚ ਵਿਰੋਧੀ ਧਿਰ ਦੇ ਆਗੂ ਗੁਲਾਮ ਨਬੀ ਆਜ਼ਾਦ ਅਤੇ ਲੋਕ ਸਭਾ ’ਚ ਕਾਂਗਰਸ ਦੇ ਆਗੂ ਅਧੀਰ ਰੰਜਨ ਚੌਧਰੀ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ। ਬਾਅਦ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਹੁਲ ਨੇ ਕਿਹਾ,‘‘ਅਸੀਂ ਰਾਸ਼ਟਰਪਤੀ ਨੂੰ ਦੱਸਿਆ ਕਿ ਕਾਨੂੰਨ ਕਿਸਾਨ ਵਿਰੋਧੀ ਹਨ ਅਤੇ ਇਨ੍ਹਾਂ ਨਾਲ ਕਿਸਾਨਾਂ ਤੇ ਕਿਰਤੀਆਂ ਨੂੰ ਨੁਕਸਾਨ ਸਹਿਣਾ ਪਵੇਗਾ। ਸਰਕਾਰ ਆਖ ਰਹੀ ਹੈ ਕਿ ਇਹ ਕਾਨੂੰਨ ਕਿਸਾਨਾਂ ਦੇ ਹੱਕ ’ਚ ਹਨ ਪਰ ਮੁਲਕ ਦੇਖ ਰਿਹਾ ਹੈ ਕਿ ਕਿਸਾਨ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਹਨ। ਕਿਸਾਨ ਉਦੋਂ ਤੱਕ ਨਹੀਂ ਪਰਤਣਗੇ ਜਦੋਂ ਤੱਕ ਕਿ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲਿਆ ਜਾਂਦਾ ਹੈ। ਸਰਕਾਰ ਨੂੰ ਸੰਸਦ ਦਾ ਸਾਂਝਾ ਇਜਲਾਸ ਸੱਦ ਕੇ ਇਹ ਕਾਲੇ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ।’’ ਕਾਂਗਰਸ ਆਗੂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੀ ਕਿਸਾਨਾਂ ਨਾਲ ਖੜ੍ਹੀਆਂ ਹਨ। ‘ਕਾਨੂੰਨ ਜਿਸ ਢੰਗ ਨਾਲ ਬਿਨਾਂ ਬਹਿਸ ਅਤੇ ਵਿਚਾਰ ਵਟਾਂਦਰੇ ਦੇ ਪਾਸ ਕੀਤੇ ਗਏ ਹਨ, ਉਹ ਵਾਪਸ ਲਏ ਜਾਣ ਦੀ ਲੋੜ ਹੈ।’ ਇਸ ਤੋਂ ਪਹਿਲਾਂ ਪ੍ਰਿਯੰਕਾ ਗਾਂਧੀ ਵਾਡਰਾ ਨੇ ਦੋਸ਼ ਲਾਇਆ ਕਿ ਸਰਕਾਰ ਅੰਦੋਲਨਕਾਰੀ ਕਿਸਾਨਾਂ ਨੂੰ ਬਦਨਾਮ ਕਰਨ ਲਈ ਉਨ੍ਹਾਂ ਦਾ ਅਕਸ ਵਿਗਾੜ ਕੇ ਵੱਡਾ ਪਾਪ ਕਰ ਰਹੀ ਹੈ। ‘ਜੇਕਰ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਦੇਸ਼ਧ੍ਰੋਹ ਕਰਾਰ ਦੇ ਰਹੀ ਹੈ ਤਾਂ ਇਹ ਪਾਪ ਹੈ।’ ਉਨ੍ਹਾਂ ਕਿਹਾ ਕਿ ਸਰਕਾਰ ਹਉਮੈ ’ਚ ਰਹਿ ਕੇ ਸਿਰਫ਼ ਆਪਣੀ ਸਿਆਸਤ ਕਰ ਰਹੀ ਹੈ ਅਤੇ ਉਹ ਕਿਸਾਨਾਂ ਜਾਂ ਜਵਾਨਾਂ ਦਾ ਆਦਰ ਨਹੀਂ ਕਰ ਰਹੀ ਹੈ।
-ਪੀਟੀਆਈ
ਭਾਰਤਵਿੱਚ ਕੋਈ ਜਮਹੂਰੀਅਤ ਨਹੀਂ ਹੈ: ਰਾਹੁਲ
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਸਿਰਫ਼ ਤਿੰਨ-ਚਾਰ ਲੋਕ ਹੀ ਸਰਕਾਰ ਚਲਾ ਰਹੇ ਹਨ ਅਤੇ ਪਾਰਟੀ ਉਨ੍ਹਾਂ ਨਾਲ ਲੜ ਰਹੀ ਹੈ। ਉਨ੍ਹਾਂ ਕਿਹਾ,‘‘ਇਹ ਭਾਰਤ ਦੀ ਵਿਚਾਰਧਾਰਾ ’ਤੇ ਹਮਲਾ ਹੈ। ਸਰਕਾਰ ਸਾਡੇ ਸੰਸਦ ਮੈਂਬਰਾਂ ਨੂੰ ਸਾਡੇ ਹੀ ਦਫ਼ਤਰ ’ਚੋਂ ਬਾਹਰ ਨਿਕਲਣ ਤੋਂ ਰੋਕ ਰਹੀ ਹੈ। ਭਾਰਤ ’ਚ ਕੋਈ ਜਮਹੂਰੀਅਤ ਨਹੀਂ ਹੈ। ਇਹ ਸਿਰਫ਼ ਕਾਲਪਨਿਕ ਹੈ ਅਤੇ ਅਸਲੀਅਤ ’ਚ ਲੋਕਤੰਤਰ ਨਹੀਂ ਹੈ।’’ ਉਨ੍ਹਾਂ ਦੋਸ਼ ਲਾਇਆ ਕਿ ਕਿਸਾਨ ਹੋਣ, ਕਿਰਤੀ ਹੋਣ ਜਾਂ ਆਰਐੱਸਐੱਸ ਮੁੱਖੀ ਮੋਹਨ ਭਾਗਵਤ ਹੀ ਕਿਉਂ ਨਾ ਹੋਵੇ, ਜਿਹੜਾ ਵੀ ਸ੍ਰੀ ਮੋਦੀ ਖ਼ਿਲਾਫ਼ ਬੋਲੇਗਾ, ਉਸ ਨੂੰ ਰਾਸ਼ਟਰ ਵਿਰੋਧੀ ਗਰਦਾਨਿਆ ਜਾਵੇਗਾ।
-ਪੀਟੀਆਈ
ਪ੍ਰਧਾਨ ਮੰਤਰੀ ਵੱਲੋਂ ਲਾਏ ਗਏ ਦੋਸ਼ ਬੇਬੁਨਿਆਦ: ਵਿਰੋਧੀ ਧਿਰਾਂ
ਨਵੀਂ ਦਿੱਲੀ: ਪ੍ਰਮੁੱਖ ਵਿਰੋਧੀ ਧਿਰਾਂ ਨੇ ਆਗੂਆਂ ਨੇ ਅੱਜ ਪ੍ਰਧਾਨ ਮੰਤਰੀ ਵੱਲੋਂ ਵਿਰੋਧੀ ਪਾਰਟੀਆਂ ’ਤੇ ਖੇਤੀ ਕਾਨੂੰਨਾਂ ਬਾਰੇ ਝੂਠ ਬੋਲਣ ਦੇ ਲਾਏ ਜਾ ਰਹੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਕਾਂਗਰਸ, ਰਾਸ਼ਟਰਵਾਦੀ ਕਾਂਗਰਸ ਪਾਰਟੀ, ਡੀਐੱਮਕੇ, ਰਾਸ਼ਟਰੀ ਜਨਤਾ ਦਲ, ਸਮਾਜਵਾਦੀ ਪਾਰਟੀ, ਸੀਪੀਆਈ, ਸੀਪੀਆਈ (ਐੱਮ), ਸੀਪੀਆਈ (ਐੱਮਐੱਲ), ਫਾਰਵਰਡ ਬਲਾਕ, ਆਰਐੱਸਪੀ ਤੇ ਕੁਝ ਹੋਰ ਪਾਰਟੀਆਂ ਦੇ ਆਗੂਆਂ ਨੇ ਸਾਂਝੇ ਬਿਆਨ ’ਚ ਕਿਹਾ, ‘ਪ੍ਰਧਾਨ ਮੰਤਰੀ ਨੂੰ ਬੇਬੁਨਿਆਦ ਦੋਸ਼ ਲਾਉਣੇ ਬੰਦ ਕਰਕੇ ਖੇਤੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ। ਅਸੀਂ ਪ੍ਰਧਾਨ ਮੰਤਰੀ ਵੱਲੋਂ ਲਾਏ ਗਏ ਬੇਬੁਨਿਆਦ ਦੋਸ਼ਾਂ ਪ੍ਰਤੀ ਸਖ਼ਤ ਰੋਸ ਦਰਜ ਕਰਵਾਉਂਦੇ ਹਾਂ।’ ਬਿਆਨ ’ਚ ਕਿਹਾ ਗਿਆ ਹੈ, ‘ਅਸੀਂ ਅੰਦੋਲਨਕਾਰੀ ਕਿਸਾਨਾਂ ਪ੍ਰਤੀ ਆਪਣੀ ਇਕਜੁੱਟਤਾ ਪ੍ਰਗਟ ਕਰਦੇ ਹਾਂ। 500 ਤੋਂ ਵੱਧ ਕਿਸਾਨ ਜਥੇਬੰਦੀਆਂ ਨੇ ਸਾਂਝੇ ਕਿਸਾਨ ਮੋਰਚੇ ਦੇ ਬੈਨਰ ਥੱਲੇ ਇਸ ਇਤਿਹਾਸਕ ਸੰਘਰਸ਼ ਦਾ ਐਲਾਨ ਕਰ ਰੱਖਿਆ ਹੈ। ਅਸੀਂ ਸੰਸਦ ’ਚ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਸੀ। ਇਨ੍ਹਾਂ ਕਾਨੂੰਨਾਂ ’ਤੇ ਵੋਟਿੰਗ ਦੀ ਮੰਗ ਕਰਨ ਵਾਲੇ ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।’ ਇਸ ਬਿਆਨ ’ਤੇ ਰਾਹੁਲ ਗਾਂਧੀ, ਸ਼ਰਦ ਪਵਾਰ, ਤੇਜਸਵੀ ਯਾਦਵ, ਡੀ ਰਾਜਾ, ਮਨੋਜ ਭੱਟਾਚਾਰੀਆ, ਸੀਤਾਰਾਮ ਯੇਚੁਰੀ, ਅਖਿਲੇਸ਼ ਯਾਦਵ, ਕਨੀਮੋੜੀ, ਫਾਰੂਕ ਅਬਦੁੱਲ੍ਹਾ ਤੇ ਕਈ ਹੋਰ ਆਗੂਆਂ ਦੇ ਹਸਤਾਖਰ ਹਨ। ਇਨ੍ਹਾਂ ਆਗੂਆਂ ਨੇ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਤਿੰਨੋਂ ਖੇਤੀ ਕਾਨੂੰਨ ਰੱਦ ਕੀਤੇ ਜਾਣ ਅਤੇ ਇਸ ਮਗਰੋਂ ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਤੇ ਹੋਰ ਸਬੰਧਤ ਧਿਰਾਂ ਨਾਲ ਖੇਤੀ ਸੁਧਾਰਾਂ ਬਾਰੇ ਗੱਲਬਾਤ ਕਰੇ।
-ਪੀਟੀਆਈ