ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ/ਸ਼ਿਮਲਾ, 17 ਅਗਸਤ
ਮੁੱਖ ਅੰਸ਼
- ਭਗਵੰਤ ਮਾਨ ਵੱਲੋਂ ਲੋਕ ਭਲਾਈ ਸਕੀਮਾਂ ਦਾ ਵਿਰੋਧ ਕਰਨ ਲਈ ਮੋਦੀ ਦੀ ਆਲੋਚਨਾ; ਪ੍ਰਧਾਨ ਮੰਤਰੀ ਨੂੰ ‘ਜੁਮਲੇਬਾਜ਼ੀ ਦਾ ਉਸਤਾਦ’ ਦੱਸਿਆ
ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਨ ਤੋਂ ਬਾਅਦ ਇਸੇ ਸਾਲ ਦੇ ਅਖੀਰ ਵਿੱਚ ਹੋਣ ਵਾਲੀਆਂ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਅੱਜ ‘ਆਪ’ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਿਮਲਾ ਵਿੱਚ ਹਿਮਾਚਲੀਆਂ ਨੂੰ ਮੁਫ਼ਤ ਸਿੱਖਿਆ ਸਬੰਧੀ ਗਰੰਟੀ ਦਿੱਤੀ। ‘ਆਪ’ ਆਗੂਆਂ ਨੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਲਈ ਸਿੱਖਿਆ ਦੇ ਖੇਤਰ ਨਾਲ ਸਬੰਧਤ ਪੰਜ ਗਰੰਟੀਆਂ ਸਾਂਝੀਆਂ ਕੀਤੀਆਂ।
ਸ੍ਰੀ ਸਿਸੋਦੀਆ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਸਰਕਾਰੀ ਸਕੂਲਾਂ ਵਿੱਚ ਮੁਫ਼ਤ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ, ਦਿੱਲੀ ਦੀ ਤਰਜ਼ ’ਤੇ ਸਕੂਲਾਂ ਦਾ ਸੁਧਾਰ ਕੀਤਾ ਜਾਵੇਗਾ ਅਤੇ ਨਿੱਜੀ ਸਕੂਲਾਂ ਵੱਲੋਂ ਵਸੂਲੀ ਜਾਂਦੀ ਵਾਧੂ ਫੀਸ ’ਤੇ ਰੋਕ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਖਾਲੀ ਪਈਆਂ ਆਸਾਮੀਆਂ ਭਰੀਆਂ ਜਾਣਗੀਆਂ ਅਤੇ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ। ਦਿੱਲੀ ਦੇ ਉਪ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਦੇਸ਼ ਦੇ ਬੱਚੇ ਪੜ੍ਹੇ-ਲਿਖੇ ਹੋਣਗੇ ਤਾਂ ਹੀ ਦੇਸ਼ ਤਰੱਕੀ ਕਰ ਸਕਦਾ ਹੈ, ਇਸ ਲਈ ਆਮ ਆਦਮੀ ਪਾਰਟੀ ਦਾ ਮੁੱਖ ਮਕਸਦ ਹਰ ਬੱਚੇ ਨੂੰ ਪੜ੍ਹਾਉਣਾ ਹੈ।
ਉੱਧਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਨੂੰ ‘ਜੁਮਲੇਬਾਜ਼ੀ ਦਾ ਉਸਤਾਦ’ ਦੱਸਿਆ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ‘ਆਪ’ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਮੁਫ਼ਤਖੋਰੀ ਕਹੇ ਜਾਣ ਦੀ ਸਖਤ ਸ਼ਬਦਾਂ ’ਚ ਨਿਖੇਧੀ ਕੀਤੀ। ਸ੍ਰੀ ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੇ ਮਿੱਤਰਾਂ ਨੂੰ ਕਈ ਲੱਖ ਕਰੋੜ ਰੁਪਏ ਦੇ ਫਾਇਦੇ ਦਿੱਤੇ ਹਨ।