ਨਵੀਂ ਦਿੱਲੀ, 23 ਸਤੰਬਰ
ਰਾਜ ਸਭਾ ਵਿੱਚ ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਮੌਸਮ ਨੂਰ ਅਤੇ ਸ਼ਿਵ ਸੈਨਾ (ਊਧਵ ਠਾਕਰੇ) ਸੰਸਦ ਮੈਂਬਰ ਪ੍ਰਿਯੰਕਾ ਚਤੁਰਵੇਦੀ ਨੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੂੰ ਪੱਤਰ ਲਿਖ ਕੇ 21 ਸਤੰਬਰ ਨੂੰ ਸੰਸਦ ਦੀ ਦਰਸ਼ਕ ਗੈਲਰੀ ਵਿੱਚ ਨਾਅਰੇਬਾਜ਼ੀ ਕਰਨ ਵਾਲੇ ਲੋਕਾਂ ਖ਼ਿਲਾਫ਼ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਸੰਸਦ ਮੈਂਬਰਾਂ ਨੇ ਚੇਅਰਮੈਨ ਨੂੰ ਲਿਖੇ ਪੱਤਰ ਵਿੱਚ ਨਿਰਾਸ਼ਾ ਜ਼ਾਹਿਰ ਕੀਤੀ ਕਿ ਰਾਜ ਸਭਾ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਸਦਨ ਵਿੱਚ ‘ਸਿਆਸੀ ਨਾਅਰੇਬਾਜ਼ੀ’ ਹੋ ਰਹੀ ਹੈ। ਉਨ੍ਹਾਂ ਕਿਹਾ ਕਿ 50 ਤੋਂ ਵੱਧ ਦਰਸ਼ਕਾਂ ਵੱਲੋਂ ਕੀਤੀ ਗਈ ਨਾਅਰੇਬਾਜ਼ੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਹ ਘਟਨਾ 21 ਸਤੰਬਰ ਨੂੰ ਦੁਪਹਿਰ ਸਮੇਂ ਵਾਪਰੀ। ਇਸ ਖ਼ਿਲਾਫ਼ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸਦਨ ਤੋਂ ਵਾਕਆਊਟ ਕੀਤਾ ਸੀ। ਸੰਸਦ ਮੈਂਬਰਾਂ ਨੇ ਕਿਹਾ ਕਿ ਇਹ ਜ਼ਰੂਰੀ ਹੈ ਕਿ ਮਾਮਲੇ ਦੀ ਜਾਂਚ ਕਰਵਾਈ ਜਾਵੇ ਤਾਂ ਕਿ ਇਹ ਪਤਾ ਲਗਾਇਆ ਜਾ ਸਕੇ ਕਿ ਰਾਜ ਸਭਾ ਵਿੱਚ ਸੁਰੱਖਿਆ ਅਤੇ ਮਰਿਆਦਾ ਦੀ ਉਲੰਘਣਾ ਕਿਵੇਂ ਹੋਈ। ਉਨ੍ਹਾਂ ਕਿਹਾ ਕਿ ਵਿਘਨ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਉਨ੍ਹਾਂ ਦੀਆਂ ਕਾਰਵਾਈਆਂ ਲਈ ਜਵਾਬਦੇਹ ਹੋਣਾ ਚਾਹੀਦਾ ਹੈ। -ਪੀਟੀਆਈ