ਅਡਾਨੀ ਮਾਮਲਾ: ਇੰਡੀਆ ਗੱਠਜੋੜ ਦੇ ਸੰਸਦ ਮੈਂਬਰਾਂ ਵੱਲੋਂ ਮੁਜ਼ਾਹਰਾ
ਨਵੀਂ ਦਿੱਲੀ, 4 ਦਸੰਬਰ
ਵਿਰੋਧੀ ਗੱਠਜੋੜ ਇੰਡੀਆ ਦੀਆਂ ਕਈ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਅਡਾਨੀ ਸਮੂਹ ਨਾਲ ਜੁੜੇ ਮੁੱਦੇ ਨੂੰ ਲੈ ਕੇ ਅੱਜ ਸੰਸਦੀ ਕੰਪਲੈਕਸ ’ਚ ਰੋਸ ਮੁਜ਼ਾਹਰਾ ਕੀਤਾ ਅਤੇ ਮਾਮਲੇ ਦੀ ਜਾਂਚ ਲਈ ਸਾਂਝੀ ਸੰਸਦੀ ਕਮੇਟੀ ਦੇ ਗਠਨ ਦੀ ਮੰਗ ਦੁਹਰਾਈ। ਕਾਂਗਰਸ, ਆਰਜੇਡੀ ਤੇ ਕੁਝ ਹੋਰ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਨਾਅਰੇ ਮਾਰੇ ਤੇ ਜਵਾਬਦੇਹੀ ਤੈਅ ਕੀਤੇ ਜਾਣ ਦੀ ਮੰਗ ਕੀਤੀ। ਵਿਰੋਧੀ ਮੈਂਬਰ ਸੰਸਦ ਭਵਨ ਦੇ ‘ਮਕਰ ਦੁਆਰ’ ਨੇੜੇ ਇਕੱਠੇ ਹੋਏ ਅਤੇ ਨਾਅਰੇਬਾਜ਼ੀ ਕੀਤੀ। ਰਿਸ਼ਵਤਖੋਰੀ ਤੇ ਧੋਖਾਧੜੀ ਦੇ ਦੋਸ਼ਾਂ ਹੇਠ ਅਡਾਨੀ ਸਮੂਹ ਦੇ ਮੁਖੀ ਗੌਤਮ ਅਡਾਨੀ ਖ਼ਿਲਾਫ਼ ਅਮਰੀਕਾ ਵੱਲੋਂ ਦੋਸ਼ ਲਾਏ ਜਾਣ ਮਗਰੋਂ ਕਾਂਗਰਸ ਤੇ ਕੁਝ ਹੋਰ ਵਿਰੋਧੀ ਪਾਰਟੀਆਂ ਸਾਂਝੀ ਸੰਸਦੀ ਕਮੇਟੀ ਤੋਂ ਦੋਸ਼ਾਂ ਦੀ ਜਾਂਚ ਕਰਵਾਏ ਜਾਣ ਦੀ ਮੰਗ ਕਰ ਰਹੀਆਂ ਹਨ। ਅਡਾਨੀ ਸਮੂਹ ਨੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਅਡਾਨੀ ਸਮੂਹ ਨਾਲ ਜੁੜੇ ਮਾਮਲੇ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਦਕਿ ਮਾਮਲੇ ’ਚ ਸਜ਼ਾਯੋਗ ਕਾਰਵਾਈ ਹੋਣੀ ਚਾਹੀਦੀ ਹੈ। ਉਧਰ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅੱਜ ਕਿਹਾ ਕਿ ਮੈਂਬਰਾਂ ਨੂੰ ਸੰਸਦ ਦਾ ਪ੍ਰਵੇਸ਼ ਦੁਆਰ ਨਹੀਂ ਰੋਕਣਾ ਚਾਹੀਦਾ। -ਪੀਟੀਆਈ