ਏ ਡੀ ਜੀ ਪੀ ਦਾ ਸਰਕਾਰੀ ਸਨਮਾਨ ਨਾਲ ਸਸਕਾਰ
ਹਰਿਆਣਾ ਦੇ ਸੀਨੀਅਰ ਆਈ ਪੀ ਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦਾ ਅੱਜ 9 ਦਿਨਾਂ ਮਗਰੋਂ ਚੰਡੀਗੜ੍ਹ ਦੇ ਸੈਕਟਰ 25 ਸਥਿਤ ਸ਼ਮਸ਼ਾਨਘਾਟ ਵਿੱਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਏ ਡੀ ਜੀ ਪੀ ਦੀਆਂ ਦੋਵੇਂ ਧੀਆਂ ਆਦਿਤੀ ਅਤੇ ਅਮੁੱਲਿਆ ਨੇ ਚਿਤਾ ਨੂੰ ਅਗਨੀ ਦਿਖਾਈ। ਇਸ ਮੌਕੇ ਹਰਿਆਣਾ ਦੇ ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ, ਸ਼ਿਆਮ ਸਿੰਘ ਰਾਣਾ, ਹਰਿਆਣਾ ਦੇ ਗ੍ਰਹਿ ਵਿਭਾਗ ਦੀ ਵਧੀਕ ਮੁੱਖ ਸਕੱਤਰ ਸੁਮਿਤਾ ਮਿਸ਼ਰਾ, ਮੁੱਖ ਸਕੱਤਰ ਅਨੁਰਾਗ ਰਸਤੋਗੀ ਅਤੇ ਹਰਿਆਣਾ ਦੇ ਨਵੇਂ ਡੀ ਜੀ ਪੀ ਓਮ ਪ੍ਰਕਾਸ਼ ਸਿੰਘ ਸਣੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਵੱਡੀ ਗਿਣਤੀ ਆਗੂ, ਪ੍ਰਸ਼ਾਸਨਿਕ ਤੇ ਪੁਲੀਸ ਅਧਿਕਾਰੀ ਮੌਜੂਦ ਸਨ।
ਇਸ ਤੋਂ ਪਹਿਲਾਂ ਚੰਡੀਗੜ੍ਹ ਦੀ ਐੱਸ ਐੱਸ ਪੀ ਕੰਵਰਦੀਪ ਕੌਰ ਨੇ ਤੜਕੇ ਵਾਈ ਪੂਰਨ ਕੁਮਾਰ ਦੇ ਘਰ ਪਹੁੰਚ ਕੇ ਪਤਨੀ ਅਮਨੀਤ ਪੀ ਕੁਮਾਰ ਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਰਿਵਾਰ ਨੂੰ ਇਨਸਾਫ਼ ਦਾ ਭਰੋਸਾ ਦਿਵਾਇਆ ਜਿਸ ਮਗਰੋਂ ਪਰਿਵਾਰ ਪੀ ਜੀ ਆਈ ਵਿੱਚ ਪੋਸਟਮਾਰਟਮ ਕਰਵਾਉਣ ਲਈ ਰਾਜ਼ੀ ਹੋਇਆ। ਇਸ ਮਗਰੋਂ ਮੈਡੀਕਲ ਬੋਰਡ ਦੀ ਨਿਗਰਾਨੀ ਹੇਠ ਪੋਸਟਮਾਰਟਮ ਕੀਤਾ ਗਿਆ ਜਿਸ ਨੂੰ ਚਾਰ ਘੰਟੇ ਤੋਂ ਵੱਧ ਸਮਾਂ ਲੱਗਿਆ ਅਤੇ ਇਸ ਦੀ ਵੀਡੀਓਗ੍ਰਾਫੀ ਕੀਤੀ ਗਈ ਹੈ। ਇਸ ਤੋਂ ਬਾਅਦ ਦੇਹ ਨੂੰ ਸੈਕਟਰ 24 ਸਥਿਤ ਘਰ ਵਿੱਚ ਲਿਆਂਦਾ ਗਿਆ, ਜਿੱਥੋਂ 3.30 ਵਜੇ ਦੇ ਕਰੀਬ ਅੰਤਿਮ ਯਾਤਰਾ ਸ਼ੁਰੂ ਹੋਈ। ਸ਼ਾਮ 4 ਵਜੇ ਦੇ ਕਰੀਬ ਸੈਕਟਰ 25 ਸਥਿਤ ਸ਼ਮਸ਼ਾਨਘਾਟ ਵਿੱਚ ਉਨ੍ਹਾਂ ਦਾ ਸਸਕਾਰ ਕੀਤਾ ਗਿਆ। ਜ਼ਿਕਰਯੋਗ ਹੈ ਕਿ ਹਰਿਆਣਾ ਦੇ ਸੀਨੀਅਰ ਆਈ ਪੀ ਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਨੇ 7 ਅਕਤੂਬਰ ਨੂੰ ਚੰਡੀਗੜ੍ਹ ਦੇ ਸੈਕਟਰ 11 ਸਥਿਤ ਕੋਠੀ ਵਿੱਚ ਖੁਦਕੁਸ਼ੀ ਕਰ ਲਈ ਸੀ। ਪੁਲੀਸ ਨੂੰ ਘਟਨਾ ਵਾਲੀ ਥਾਂ ਤੋਂ 9 ਪੰਨਿਆਂ ਦਾ ਖੁਦਕੁਸ਼ੀ ਪੱਤਰ ਮਿਲਿਆ ਸੀ ਜਿਸ ਵਿੱਚ ਹਰਿਆਣਾ ਦੇ ਡੀ ਜੀ ਪੀ ਸ਼ਤਰੂਜੀਤ ਕਪੂਰ, ਰੋਹਤਕ ਦੇ ਐੱਸ ਪੀ ਨਰੇਂਦਰ ਬਿਜਾਰਨੀਆ ਸਣੇ ਇਕ ਦਰਜਨ ਤੋਂ ਵੱਧ ਅਧਿਕਾਰੀਆਂ ’ਤੇ ਉਨ੍ਹਾਂ ਤੰਗ ਪਰੇਸ਼ਾਨ ਕਰਨ ਦੇ ਦੋਸ਼ ਲਗਾਏ ਗਏ ਸਨ। ਪਰਿਵਾਰ ਨੇ ਖੁਦਕੁਸ਼ੀ ਪੱਤਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਕਰਦਿਆਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ। ਪਰਿਵਾਰ ਡੀ ਜੀ ਪੀ ਅਤੇ ਐੱਸ ਪੀ ਦੀ ਗ੍ਰਿਫ਼ਤਾਰੀ ਲਈ ਅੜਿਆ ਰਿਹਾ ਅਤੇ ਉਸ ਨੇ ਵਾਈ ਪੂਰਨ ਕੁਮਾਰ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ। ਹਰਿਆਣਾ ਸਰਕਾਰ ਨੇ ਬੀਤੇ ਦਿਨੀਂ ਡੀ ਜੀ ਪੀ ਸ਼ਤਰੂਜੀਤ ਕਪੂਰ ਨੂੰ ਛੁੱਟੀ ’ਤੇ ਭੇਜ ਦਿੱਤਾ ਸੀ। ਚੰਡੀਗੜ੍ਹ ਪੁਲੀਸ ਨੇ ਪੋਸਟਮਾਰਟਮ ਲਈ ਜ਼ਿਲ੍ਹਾ ਅਦਾਲਤ ਦਾ ਵੀ ਰੁਖ਼ ਕੀਤਾ ਸੀ। ਰੋਹਤਕ ਵਿੱਚ ਏ ਐੱਸ ਆਈ ਸੰਦੀਪ ਕੁਮਾਰ ਵੱਲੋਂ ਖੁਦਕੁਸ਼ੀ ਕੀਤੇ ਜਾਣ ਮਗਰੋਂ ਬਣੇ ਹਾਲਾਤ ਦੇ ਮੱਦੇਨਜ਼ਰ ਪਰਿਵਾਰ ਨੇ ਪੋਸਟਮਾਰਟਮ ਲਈ ਸਹਿਮਤੀ ਜਤਾਈ ਹੈ।
ਪਰਿਵਾਰ ਨੂੰ ਜਲਦੀ ਇਨਸਾਫ਼ ਦੀ ਉਮੀਦ
ਆਈ ਪੀ ਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਪਰਿਵਾਰ ਵੱਲੋਂ ਹਰਿਆਣਾ ਦੇ ਡੀ ਜੀ ਪੀ ਰਹੇ ਸ਼ਤਰੂਜੀਤ ਕਪੂਰ ਅਤੇ ਨਰੇਂਦਰ ਬਿਜਾਰਨੀਆ ਨੂੰ ਗ੍ਰਿਫ਼ਤਾਰ ਕਰਨ ਲਈ ਮੰਗ ਕੀਤੀ ਜਾ ਰਹੀ ਹੈ ਪਰ ਹਰਿਆਣਾ ਸਰਕਾਰ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰਨ ਦੀ ਥਾਂ ਡੀ ਜੀ ਪੀ ਨੂੰ ਛੁੱਟੀ ’ਤੇ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਆਈ ਪੀ ਐੱਸ ਅਧਿਕਾਰੀ ਓਮ ਪ੍ਰਕਾਸ਼ ਸਿੰਘ ਨੂੰ ਡੀ ਜੀ ਪੀ ਦਾ ਵਾਧੂ ਚਾਰਜ ਦੇ ਦਿੱਤਾ ਹੈ। ਪਰਿਵਾਰ ਵੱਲੋਂ ਜਲਦੀ ਇਨਸਾਫ਼ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ। ਪਰਿਵਾਰ ਵੱਲੋਂ ਮੀਡੀਆ ਨਾਲ ਗੱਲਬਾਤ ਕਰਨ ਤੋਂ ਦੂਰੀ ਬਣਾ ਕੇ ਰੱਖੀ ਗਈ ਹੈ ਪਰ ਪਰਿਵਾਰ ਦੇ ਨਜ਼ਦੀਕੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣਾ ਚਾਹੀਦਾ ਹੈ।
ਏ ਐੱਸ ਆਈ ਖੁਦਕੁਸ਼ੀ ਮਾਮਲੇ ’ਚ ਐੱਫ ਆਈ ਆਰ
ਚੰਡੀਗੜ੍ਹ (ਆਤਿਸ਼ ਗੁਪਤਾ): ਹਰਿਆਣਾ ਦੇ ਸੀਨੀਅਰ ਆਈ ਪੀ ਐੱਸ ਅਧਿਕਾਰੀ ਵਾਈ ਪੂਰਨ ਕੁਮਾਰ ’ਤੇ ਕਥਿਤ ਤੌਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾ ਕੇ ਖੁਦਕੁਸ਼ੀ ਕਰਨ ਵਾਲੇ ਏ ਐੱਸ ਆਈ ਸੰਦੀਪ ਕੁਮਾਰ ਦੇ ਪਰਿਵਾਰ ਨੇ ਐੱਫ ਆਈ ਆਰ ਦਰਜ ਹੋਣ ਮਗਰੋਂ ਉਸ ਦਾ ਪੋਸਟਮਾਰਟਮ ਕਰਵਾਉਣ ਲਈ ਦੇਹ ਪੁਲੀਸ ਨੂੰ ਸੌਂਪ ਦਿੱਤੀ ਹੈ। ਉਂਝ ਐੱਫ ਆਈ ਆਰ ’ਚ ਦਰਜ ਕਿਸੇ ਨਾਮ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਸੰਦੀਪ ਕੁਮਾਰ ਦਾ ਭਲਕੇ ਪੋਸਟਮਾਰਟਮ ਹੋਵੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਪਰਿਵਾਰ ਨੇ ਕਿਹਾ ਸੀ ਕਿ ਜਦੋਂ ਤੱਕ ਸੰਦੀਪ ਦੇ ਖੁਦਕੁਸ਼ੀ ਨੋਟ ਵਿੱਚ ਨਾਮਜ਼ਦ ਵਿਅਕਤੀਆਂ ਵਿਰੁੱਧ ਐੱਫ ਆਈ ਆਰ ਦਰਜ ਨਹੀਂ ਹੁੰਦੀ, ਉਦੋਂ ਤੱਕ ਲਾਸ਼ ਪੁਲੀਸ ਨੂੰ ਨਹੀਂ ਸੌਂਪੀ ਜਾਵੇਗੀ। ਪਰਿਵਾਰ ਨੂੰ ਮਿਲਣ ਗਏ ਮੁੱਖ ਮੰਤਰੀ ਦੇ ਨਾਲ ਹਰਿਆਣਾ ਦੇ ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਅਤੇ ਮਹਿਪਾਲ ਢਾਂਡਾ ਵੀ ਮੌਜੂਦ ਸਨ। ਸ੍ਰੀ ਸੈਣੀ ਨੇ ਪਰਿਵਾਰ ਨਾਲ ਦੁੱਖ ਵੰਡਾਉਂਦਿਆਂ ਉਕਤ ਮਾਮਲੇ ਵਿੱਚ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਸੀ। ਉਧਰ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਵੀ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਇਸ ਮਾਮਲੇ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਜਾਂਚ ਕਰਵਾਉਣ ਦੀ ਮੰਗ ਕੀਤੀ। ਇਕ ਹੋਰ ਆਗੂ ਅਭੈ ਚੌਟਾਲਾ ਨੇ ਵੀ ਪਰਿਵਾਰ ਨਾਲ ਮੁਲਾਕਾਤ ਕਰ ਕੇ ਕਿਹਾ ਕਿ ਪਹਿਲਾਂ ਹਰਿਆਣਾ ਦੇ ਏ ਡੀ ਜੀ ਪੀ ਅਤੇ ਹੁਣ ਏ ਐੱਸ ਆਈ ਵੱਲੋਂ ਖੁਦਕੁਸ਼ੀ ਕੀਤੀ ਗਈ ਜੋ ਸੂਬਾ ਸਰਕਾਰ ਦੀ ਅਣਗਹਿਲੀ ਦਾ ਨਤੀਜਾ ਹੈ। ਉਨ੍ਹਾਂ ਮੁੱਖ ਮੰਤਰੀ ਨਾਇਬ ਸੈਣੀ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਮਾਮਲੇ ਦੀ ਨਿਆਂਇਕ ਜਾਂਚ ਕਰਵਾ ਕੇ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।