ਨਵੀਂ ਦਿੱਲੀ, 25 ਦਸੰਬਰ
ਭਾਜਪਾ ਦੇ ਸੀਨੀਅਰ ਆਗੂ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ‘ਤਜਰਬੇ’ ਵਜੋਂ ਨਵੇਂ ਖੇਤੀ ਕਾਨੂੰਨਾਂ ਨੂੰ ਇਕ-ਦੋ ਸਾਲਾਂ ਲਈ ਅਪਣਾਉਣ ਅਤੇ ਜੇਕਰ ਇਹ ਕਿਸਾਨਾਂ ਲਈ ਲਾਹੇਵੰਦ ਸਾਬਿਤ ਨਾ ਹੋਏ ਤਾਂ ਸਰਕਾਰ ਸਾਰੀਆਂ ਲੋੜੀਂਦੀਆਂ ਸੋਧਾਂ ਕਰੇਗੀ। ਅੰਦੋਲਨ ਕਰ ਰਹੇ ਕਿਸਾਨਾਂ ਨੂੰ ਆਪਣੇ ਲੋਕ ਦੱਸਦਿਆਂ ਰਾਜਨਾਥ ਸਿੰਘ ਨੇ ਕਿਹਾ,‘‘ਧਰਨੇ ’ਤੇ ਬੈਠੇ ਲੋਕ ਕਿਸਾਨ ਹਨ ਅਤੇ ਉਹ ਕਿਸਾਨ ਪਰਿਵਾਰਾਂ ’ਚ ਜਨਮੇ ਹਨ। ਅਸੀਂ ਉਨ੍ਹਾਂ ਦਾ ਪੂਰਾ ਸਤਿਕਾਰ ਕਰਦੇ ਹਾਂ।’’ ਇਥੇ ਦਵਾਰਕਾ ’ਚ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਖੁਦ ਕਿਸਾਨ ਦੇ ਪੁੱਤਰ ਹਨ ਅਤੇ ਭਰੋਸਾ ਦਿੱਤਾ ਕਿ ਮੋਦੀ ਸਰਕਾਰ ਕਦੇ ਵੀ ਅਜਿਹਾ ਕੁਝ ਨਹੀਂ ਕਰੇਗੀ, ਜੋ ਕਿਸਾਨਾਂ ਦੇ ਹਿੱਤ ’ਚ ਨਾ ਹੋਵੇ। ਭਾਜਪਾ ਵੱਲੋਂ ਖੇਤੀ ਕਾਨੂੰਨਾਂ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਤਹਿਤ ਰੈਲੀ ਨੂੰ ਸੰਬੋਧਨ ਕਰਦਿਆਂ ਰਾਜਨਾਥ ਸਿੰਘ ਨੇ ਕਿਹਾ ਕਿ ਲੋਕ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ‘ਮੈਂ ਕਿਸਾਨਾਂ ਨੂੰ ਭਰੋਸਾ ਦੇਣਾ ਚਾਹੁੰਦਾ ਹਾਂ ਕਿ ਖੇਤੀ ਕਾਨੂੰਨਾਂ ’ਚ ਇਕ ਵੀ ਅਜਿਹੀ ਮੱਦ ਨਹੀਂ ਹੈ ਜੋ ਕਿਸਾਨਾਂ ਖ਼ਿਲਾਫ਼ ਹੋਵੇ।’ ਉਨ੍ਹਾਂ ਦੁਹਰਾਇਆ ਕਿ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸਾਰੀਆਂ ਸਮੱਸਿਆਵਾਂ ਦਾ ਹੱਲ ਵਾਰਤਾ ਰਾਹੀਂ ਕੱਢਿਆ ਜਾ ਸਕਦਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਚਾਹੁੰਦੇ ਹਨ ਕਿ ਕਿਸਾਨਾਂ ਨਾਲ ਗੱਲਬਾਤ ਕੀਤੀ ਜਾਵੇ। ਉਨ੍ਹਾਂ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਰਤਾ ਲਈ ਅੱਗੇ ਆਉਣ ਅਤੇ ਜੇਕਰ ਉਹ ਮਾਹਿਰ ਸੱਦਣਾ ਚਾਹੁੰਦੇ ਹਨ ਤਾਂ ਸਰਕਾਰ ਇਸ ਲਈ ਵੀ ਤਿਆਰ ਹੈ।