ਨਵੀਂ ਦਿੱਲੀ, 6 ਮਈ
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਕਥਿਤ ਜ਼ਮੀਨ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੂਬਾ ਹਾਈ ਕੋਰਟ ਵੱਲੋਂ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕੀਤੇ ਜਾਣ ਖ਼ਿਲਾਫ਼ ਅੱਜ ਸੁਪਰੀਮ ਕੋਰਟ ਦਾ ਰੁਖ਼ ਕੀਤਾ। ਸੋਰੇਨ ਵੱਲੋਂ ਪੇਸ਼ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਅੱਗੇ ਇਸ ਕੇਸ ਦਾ ਜ਼ਿਕਰ ਕੀਤਾ ਅਤੇ ਇਸ ਦੀ ਤੁਰੰਤ ਸੂਚੀਬੱਧ ਕਰਨ ਦੀ ਮੰਗ ਕੀਤੀ। ਬੈਂਚ ਵਿੱਚ ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਵੀ ਸ਼ਾਮਲ ਹਨ। ਪਟੀਸ਼ਨ ’ਤੇ ਬੈਂਚ ਨੇ ਕਿਹਾ ਕਿ ਉਹ ਇਸ ’ਤੇ ਵਿਚਾਰ ਕਰੇਗਾ।