ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 7 ਅਗਸਤ
ਮੁੱਖ ਅੰਸ਼
- ਭਲਕੇ 24 ਸੂਬਿਆਂ ਵਿਚ ‘ਕਾਰਪੋਰੇਟੋ ਖੇਤੀ ਛੱਡੋ’ ਪ੍ਰੋਗਰਾਮ ਤਹਿਤ ਹਜ਼ਾਰਾਂ ਥਾਵਾਂ ’ਤੇ ਹੋਵੇਗਾ ਰੋਸ ਪ੍ਰਦਰਸ਼ਨ
ਸੰਯੁਕਤ ਕਿਸਾਨ ਮੋਰਚਾ ਵੱਲੋਂ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਦਿੱਤੇ ਜਾ ਰਹੇ ਬਿਆਨਾਂ ਦਾ ਨੋਟਿਸ ਲਿਆ ਗਿਆ ਹੈ। ਡਾ. ਦਰਸ਼ਨ ਪਾਲ ਨੇ ਦੁਹਰਾਇਆ ਹੈ ਕਿ ਮੋਰਚਾ ਸਰਕਾਰ ਨਾਲ ਗੱਲਬਾਤ ਕਰਨ ਲਈ ਹਮੇਸ਼ਾ ਤਿਆਰ ਹੈ। ਉਨ੍ਹਾਂ ਕਿਹਾ ਕਿ ਕਿਸਾਨ ਮੋਰਚਾ ਸਾਰੇ ਮੁੱਦਿਆਂ ਨੂੰ ਸੁਲਝਾਉਣ ਲਈ ਨਿਰੰਤਰ ਯਤਨਸ਼ੀਲ ਹੈ, ਸੰਵਾਦ ਤੇ ਸੰਵਿਧਾਨਕ ਪ੍ਰਕਿਰਿਆਵਾਂ ਵਿੱਚ ਪੱਕਾ ਵਿਸ਼ਵਾਸ ਰੱਖਦਾ ਹੈ ਪਰ ਬਦਕਿਸਮਤੀ ਇਹ ਹੈ ਕਿ ਸਰਕਾਰ ਅਗਾਊਂ ਸ਼ਰਤਾਂ ਲਾ ਕੇ ਘਮੰਡੀ ਵਿਹਾਰ ਕਰ ਰਹੀ ਹੈ। ਇਸ ਲਈ ਗੱਲਬਾਤ ਰੁਕੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੇ ਜਾਇਜ਼ ਸਰੋਕਾਰਾਂ ਨੂੰ ਸਮਝਣਾ ਚਾਹੀਦਾ ਹੈ ਤੇ ਵਾਰਤਾ ਦੇ ਅੱਗੇ ਨਾ ਚੱਲਣ ਦੇ ਅਸਲ ਕਾਰਨਾਂ ਬਾਰੇ ਦੇਸ਼ ਨੂੰ ਗੁੰਮਰਾਹ ਕਰਨ ਦੀ ਬਜਾਏ ਸਾਰੇ ਮੁੱਦਿਆਂ ਉਤੇ ਸੰਵਾਦ ਰਚਾਉਣ ਲਈ ਤਿਆਰ ਰਹਿਣਾ ਚਾਹੀਦਾ ਹੈ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੁਝ ਜਥੇਬੰਦੀਆਂ ਜੋ ਕਿਸਾਨਾਂ ਤੇ ਉਨ੍ਹਾਂ ਦੇ ਹਿੱਤਾਂ ਦੀ ਨੁਮਾਇੰਦਗੀ ਕਰਨ ਦਾ ਦਾਅਵਾ ਕਰ ਰਹੀਆਂ ਹਨ, ਕਿਸਾਨਾਂ ਦੀਆਂ ਮੰਗਾਂ ਬਾਰੇ ਵੱਖਰਾ ਬਿਰਤਾਂਤ ਪੇਸ਼ ਕਰ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਹ ਸੰਗਠਨ ਥਿੜਕੇ ਤੇ ਸਥਾਨਕ ਪੱਧਰ ਦੇ ਬਦਨਾਮ ਨੇਤਾਵਾਂ ਦੀਆਂ ਨਕਲੀ ਸੰਸਥਾਵਾਂ ਹਨ ਤੇ ਸਰਬ ਭਾਰਤੀ ਪੱਧਰ ’ਤੇ ਕਿਸਾਨਾਂ ਦੇ ਹਿੱਤਾਂ ਦੀ ਪ੍ਰਤੀਨਿਧਤਾ ਨਹੀਂ ਕਰਦੀਆਂ। ਰਾਜੇਵਾਲ ਨੇ ਕਿਹਾ ਕਿ ਮੋਰਚੇ ਨੇ ਸਰਕਾਰ ਦੇ ਨਾਲ-ਨਾਲ ਅਜਿਹੀਆਂ ਜਥੇਬੰਦੀਆਂ ਨੂੰ ਆਪਣੀਆਂ ‘ਕਰਤੂਤਾਂ ਤੋਂ ਬਾਜ਼ ਆਉਣ’ ਦੀ ਚਿਤਾਵਨੀ ਦਿੱਤੀ ਹੈ। ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਸਰਕਾਰ ਵੱਲੋਂ ਝੂਠੀਆਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ 15 ਅਗਸਤ ਨੂੰ ਕਿਸਾਨਾਂ ਦੁਆਰਾ ਆਜ਼ਾਦੀ ਦਿਵਸ ਵਾਲੇ ਦਿਨ ਦਿੱਲੀ ਵਿੱਚ ਝੰਡਾ ਲਹਿਰਾਇਆ ਜਾਵੇਗਾ। ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ 9 ਅਗਸਤ ਨੂੰ ‘ਭਾਰਤ ਛੱਡੋ ਦਿਵਸ’ ਨੂੰ ਪੂਰੇ ਭਾਰਤ ਵਿੱਚ ਕਿਸਾਨ ਸੰਗਠਨਾਂ ਵੱਲੋਂ ‘ਕਾਰਪੋਰੇਟੋ ਖੇਤੀ ਛੱਡੋ’ ਦਿਵਸ ਵਜੋਂ ਮਨਾਇਆ ਜਾਵੇਗਾ। ਇਸ ਵਿਚ 24 ਰਾਜਾਂ ਦੀਆਂ ਜਥੇਬੰਦੀਆਂ ਵੱਲੋਂ ਸ਼ਾਮਲ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ, ਹਜ਼ਾਰਾਂ ਥਾਵਾਂ ’ਤੇ ਧਰਨੇ ਅਤੇ ਵਿਰੋਧ ਪ੍ਰਦਰਸ਼ਨ ਹੋਣਗੇ। ਖੇਤੀ ਕਾਨੂੰਨ ਰੱਦ ਕਰਨ ਅਤੇ ਕਿਸਾਨ ਹਿੱਤਾਂ ਖ਼ਿਲਾਫ਼ ਚੁੱਕੇ ਹੋਰ ਕਦਮ ਵਾਪਸ ਲੈਣ ਦੀ ਮੰਗ ਕੀਤੀ ਜਾਵੇਗੀ।
ਚੜੂਨੀ ਵੱਲੋਂ ਮੋਰਚੇ ਦੀਆਂ ਬੈਠਕਾਂ ਦੇ ਬਾਈਕਾਟ ਦੀ ਚਿਤਾਵਨੀ
ਚੰਡੀਗੜ੍ਹ: ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਸੰਯੁਕਤ ਕਿਸਾਨ ਮੋਰਚੇ ਦੀਆਂ ਅਗਲੀਆਂ ਸਾਰੀਆਂ ਬੈਠਕਾਂ ਦਾ ਬਾਈਕਾਟ ਕਰਨ ਦੀ ਚਿਤਾਵਨੀ ਦਿੱਤੀ ਹੈ। ਚੜੂਨੀ ਨੇ ਸੰਯੁਕਤ ਕਿਸਾਨ ਮੋਰਚੇ ਦੇ ਦੂਜੇ ਆਗੂਆਂ ’ਤੇ ਚੋਣਵੇਂ ਰੂਪ ਵਿਚ ਕੁਝ ਨਾਲ ਪੱਖਪਾਤ ਕਰਨ ਦਾ ਦੋਸ਼ ਲਾਇਆ ਹੈ। ਚੜੂਨੀ ਨੂੰ ਪਿਛਲੇ ਮਹੀਨੇ ਮੋਰਚੇ ਵਿਚੋਂ ਹਫ਼ਤੇ ਲਈ ਮੁਅੱਤਲ ਕੀਤਾ ਗਿਆ ਸੀ। ਉਨ੍ਹਾਂ ਉਸ ਵੇਲੇ ‘ਮਿਸ਼ਨ ਪੰਜਾਬ’ ਬਾਰੇ ਕੁਝ ਬਿਆਨ ਦਿੱਤੇ ਸਨ। ਚੜੂਨੀ ਅੱਜ ਮੀਟਿੰਗ ਵਿਚੋਂ ਉੱਠ ਕੇ ਬਾਹਰ ਆ ਗਏ ਤੇ ਮਗਰੋਂ ਦਾਅਵਾ ਕੀਤਾ ਕਿ ਪੰਜਾਬ ਦੀਆਂ ਕੁਝ ਜਥੇਬੰਦੀਆਂ ਕੁਝ ਮੁਜ਼ਾਹਰਾਕਾਰੀਆਂ ਨਾਲ ਪੱਖਪਾਤ ਕਰ ਰਹੀਆਂ ਹਨ। ਕਿਸਾਨ ਆਗੂ ਨੇ ਮੋਰਚੇ ’ਤੇ ਕੁਝ ਸ਼ਿਕਾਇਤਾਂ ਨੂੰ ਅਣਗੌਲਿਆਂ ਕਰਨ ਦਾ ਦੋਸ਼ ਵੀ ਲਾਇਆ। ਹਾਲਾਂਕਿ ਮਗਰੋਂ ਚੜੂਨੀ ਨੇ ਸਪੱਸ਼ਟ ਕੀਤਾ ਕਿ ਉਹ ਬੈਠਕ ਵਿਚ ਲਏ ਫ਼ੈਸਲਿਆਂ ਦੀ ਪਾਲਣਾ ਕਰੇਗਾ। -ਟਨਸ