ਸ੍ਰੀਨਗਰ, 2 ਜੂਨ
ਸੁਰੱਖਿਆ ਬਲਾਂ ਨੇ ਜੰਮੂ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿਚ ਅਤਿਵਾਦੀ ਜਥੇਬੰਦੀ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਕੋਲੋਂ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਹੈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਪੁਲੀਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਵਿਸ਼ੇਸ਼ ਸੂਚਨਾ ’ਤੇ ਕਾਰਵਾਈ ਕਰਦੇ ਹੋਏ ਮੱਧ ਕਸ਼ਮੀਰ ਜ਼ਿਲ੍ਹੇ ਦੇ ਹਰੇਨ ਸਾਈਬਾਗ ਇਲਾਕੇ ਵਿਚ ਸੁਰੱਖਿਆ ਬਲਾਂ ਨੇ ਇਕ ਜਾਂਚ ਚੌਕੀ ਸਥਾਪਤ ਕੀਤੀ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਅਧਿਕਾਰੀਆਂ ਨੇ ਹਕਾਰਮੁਲਾ ਬਡਗਾਮ ਵਾਸੀ ਫਿਆਜ਼ ਅਹਿਮਦ ਭੱਟ ਨੂੰ ਗ੍ਰਿਫ਼ਤਾਰ ਕੀਤਾ ਜੋ ਪਾਬੰਦੀਸ਼ੁਦਾ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਹੈ। ਉਸ ਕੋਲੋਂ ਲਸ਼ਕਰ-ਏ-ਤੋਇਬਾ ਦੇ ਪੋਸਟਰ ਤੇ ਹੋਰ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ। -ਪੀਟੀਆਈ