ਲਖਨਊ: ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਪੇਂਡੂ ਖੇਤਰਾਂ ਵਿੱਚ ਕਰੋਨਾ ਦੇ ਮਾਮਲੇ ਵਧਣ ’ਤੇ ਚਿੰਤਾ ਪ੍ਰਗਟ ਕਰਦਿਆਂ ਦੋਸ਼ ਲਾਇਆ ਕਿ ਇਸ ਸਬੰਧੀ ਉੱਤਰ ਪ੍ਰਦੇਸ਼ ਦੀ ਸਰਕਾਰ ਝੂਠ ਬੋਲ ਰਹੀ ਹੈ। ਅਖਿਲੇਸ਼ ਨੇ ਟਵੀਟ ਕਰਦਿਆਂ ਕਿਹਾ ਕਿ ਉੱਤਰ ਪ੍ਰਦੇਸ਼ ਦੇ ਪਿੰਡਾਂ-ਪਿੰਡਾਂ ਤੱਕ ਕਰੋਨਾ ਦਾ ਫ਼ੈਲਣਾ ਬਹੁਤ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਖ਼ਾਰ ਦੀਆਂ ਦਵਾਈਆਂ ਤੱਕ ਦੀ ਭਾਰੀ ਕਿੱਲਤ ਹੈ ਅਜਿਹੇ ਵਿੱਚ ਆਕਸੀਜਨ, ਬੈੱਡ ਜਾਂ ਟੀਕੇ ਦੀ ਕੀ ਉਮੀਦ ਕੀਤੀ ਜਾ ਸਕਦੀ ਹੈ। ਸਪਾ ਸੁਪਰੀਮੋ ਨੇ ਦੋਸ਼ ਲਾਇਆ ਕਿ ਭਾਜਪਾ ਸਰਕਾਰ ਝੂਠ ਬੋਲ ਰਹੀ ਹੈ ਕਿ ਉੱਤਰ ਪ੍ਰਦੇਸ਼ ਦੇ ਪਿੰਡਾਂ ਵਿੱਚ ਕਰੋਨਾ ਵਾਇਰਸ ਨਾ ਮਾਤਰ ਹੈ ਜਦੋਂਕਿ ਇਸ ਦੇ ਉਲਟ ਪੇਂਡੂ ਖੇਤਰਾਂ ਵਿੱਚ ਕਰੋਨਾ ਬਹੁਤ ਜਾਨਲੇਵਾ ਸਾਬਤ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਪੇਂਡੂ ਖੇਤਰਾਂ ਵਿੱਚ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼ ਵਿੱਚ ਯੋਗੀ ਅਦਿੱਤਿਆ ਨਾਥ ਦੀ ਅਗਵਾਈ ਵਾਲੀ ਸਰਕਾਰ ਨੇ ਪੰਚਾਇਤੀ ਚੋਣਾਂ ਤੋਂ ਬਾਅਦ ਪੰਜ ਮਈ ਤੋਂ ਪੇਂਡੂ ਖੇਤਰਾਂ ਵਿੱਚ ਵੱਡੇ ਪੈਮਾਨੇ ’ਤੇ ਕਰੋਨਾ ਦੀ ਜਾਂਚ ਕਰਾਉਣ ਦਾ ਫ਼ੈਸਲਾ ਕੀਤਾ ਹੈ। -ਪੀਟੀਆਈ