ਮੁੰਬਈ/ਨਵੀਂ ਦਿੱਲੀ, 14 ਜੁਲਾਈ
ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਦਵੇਂਦਰ ਫੜਨਵੀਸ ਨੇ ਅੱਜ ਇੱਥੇ ਦੱਸਿਆ ਕਿ ਸੂਬਾ ਸਰਕਾਰ ਨੇ ਮੁੰਬਈ-ਅਹਿਮਦਾਬਾਦ ਬੁਲੇਟ ਟਰੇਨ ਪ੍ਰਾਜੈਕਟ ਨੂੰ ਹਰ ਤਰ੍ਹਾਂ ਦੀ ਮਨਜ਼ੂਰੀ ਦੇ ਦਿੱਤੀ ਹੈ। ਪੱਛਮੀ ਸੂਬੇ ਵਿੱਚ ਸਰਕਾਰ ਬਦਲਣ ਦੇ ਪੰਦਰਵਾੜੇ ਦੌਰਾਨ ਵਿਕਾਸ ਕਾਰਜਾਂ ਵਿੱਚ ਤੇਜ਼ੀ ਆਈ ਹੈ। ਸ਼ਿਵ ਸੈਨਾ ਪ੍ਰਧਾਨ ਊਧਵ ਠਾਕਰੇ ਦੀ ਅਗਵਾਈ ਵਾਲੀ ਪਿਛਲੀ ਮਹਾ ਵਿਕਾਸ ਅਗਾੜੀ (ਐੱਮਵੀਏ) ਸਰਕਾਰ ਨੇ ਇਸ ਪ੍ਰਾਜੈਕਟ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਕੋਈ ਕਦਮ ਨਹੀਂ ਚੁੱਕਿਆ ਸੀ। ਕੈਬਨਿਟ ਮੀਟਿੰਗ ਮਗਰੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਫੜਨਵੀਸ ਨੇ ਕਿਹਾ ਕਿ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਪ੍ਰਾਜੈਕਟ ਨੂੰ ਹਰ ਤਰ੍ਹਾਂ ਦੀ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬਕਾਇਆ ਮੁੱਦਿਆਂ ਵਿੱਚ ਵਣ ਸਬੰਧੀ ਅਤੇ ਜ਼ਮੀਨ ਗ੍ਰਹਿਣ ਸਮੇਤ ਹੋਰ ਕਈ ਹੋਰ ਮੁੱਦੇ ਸ਼ਾਮਲ ਸਨ, ਜਿਨ੍ਹਾਂ ਨੂੰ ਹੱਲ ਕਰ ਲਿਆ ਗਿਆ ਹੈ। ਦਿੱਲੀ ਵਿੱਚ ਸੂਤਰਾਂ ਨੇ ਕਿਹਾ ਕਿ ਪ੍ਰਾਜੈਕਟ ਨਾਲ ਸਬੰਧਤ ਕਈ ਬਕਾਇਆ ਮੁੱਦਿਆਂ ਨੂੰ ਸ਼ਿੰਦੇ ਸਰਕਾਰ ਨੇ ਪਿਛਲੇ ਦਿਨੀਂ ਹੱਲ ਕਰ ਦਿੱਤਾ ਹੈ। ਮੁੰਬਈ-ਅਹਿਮਦਾਬਾਦ ਬੁਲੇਟ ਟਰੇਨ ਪ੍ਰਾਜੈਕਟ ਲਈ ਲੋੜੀਂਦੀ ਜ਼ਮੀਨ ਦਾ 70 ਫ਼ੀਸਦੀ ਹਿੱਸਾ ਠਾਣੇ ਅਤੇ ਪਾਲਘਰ ਜ਼ਿਲ੍ਹੇ ਵਿੱਚ ਐਕੁਆਇਰ ਕੀਤਾ ਜਾ ਚੁੱਕਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਤਤਕਾਲੀ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੇ ਸਤੰਬਰ 2017 ਵਿੱਚ ਅਹਿਮਦਾਬਾਦ ਵਿੱਚ ਬੁਲੇਟ ਟਰੇਨ ਪ੍ਰਾਜੈਕਟ ਦੀ ਨੀਂਹ ਰੱਖੀ ਸੀ। ਇਹ ਟਰੇਨ 500 ਕਿਲੋਮੀਟਰ ਤੋਂ ਵੱਧ ਦੀ ਦੂਰੀ ਦੋ ਘੰਟਿਆਂ ਵਿੱਚ ਤੈਅ ਕਰ ਸਕਦੀ ਹੈ। -ਪੀਟੀਆਈ