All-party meet ਅਸੀਂ ਵਿਰੋਧੀ ਪਾਰਟੀਆਂ ਦੇ ਸਾਰੇ ਸਵਾਲਾਂ ’ਤੇ ਚਰਚਾ ਕਰਾਂਗੇ: ਕੇਂਦਰੀ ਮੰਤਰੀ
ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਸਰਕਾਰ ਨੇ ਆਲ ਪਾਰਟੀ ਮੀਟਿੰਗ ਸੱਦੀ ਜਿਸ ਵਿਚ ਵਿਰੋਧੀ ਪਾਰਟੀਆਂ ਨੇ ਕਈ ਮੁੱਦਿਆਂ ’ਤੇ ਕੇਂਦਰ ਸਰਕਾਰ ਨੂੰ ਘੇਰਿਆ। ਦੂਜੇ ਪਾਸੇ ਸਰਕਾਰ ਨੇ ਸਦਨ ਦੀ ਕਾਰਵਾਈ ਨਿਰਵਿਘਨ ਚਲਾਉਣ ਲਈ ਵਿਰੋਧੀ ਪਾਰਟੀਆਂ ਦਾ ਸਹਿਯੋਗ ਮੰਗਿਆ। ਆਮ ਆਦਮੀ ਪਾਰਟੀ ਦੇ ਆਗੂ ਸੰਜੈ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਮੀਟਿੰਗ ਵਿਚ ਬਿਹਾਰ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਮੁੜ ਸੁਧਾਈ (ਐੱਸਆਈਆਰ) ਦੇ ਕਥਿਤ ਘੁਟਾਲੇ ਬਾਰੇ ਗੱਲ ਕੀਤੀ। ਇਸ ਤੋਂ ਇਲਾਵਾ ਭਾਰਤ ਪਾਕਿ ਜੰਗ ਵਿਚ ਅਮਰੀਕਾ ਦੀ ਸਾਲਸੀ ਦੇ ਮਾਮਲੇ ’ਤੇ ਸਰਕਾਰ ਨੂੰ ਸਵਾਲ ਪੁੱਛੇ। ਕੇਂਦਰੀ ਮੰਤਰੀ ਤੇ ਰਾਜ ਸਭਾ ਵਿਚ ਸਦਨ ਦੇ ਆਗੂ ਜੇ ਪੀ ਨੱਢਾ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਹੋਰ ਪਾਰਟੀਆਂ ਦੇ ਆਗੂਆਂ ਨੇ ਵੀ ਸਵਾਲ ਕੀਤੇ। ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਨੇ ਬਿਹਾਰ ’ਚ 24 ਜੂਨ ਨੂੰ ਵੋਟਰ ਸੂਚੀ ਦੀ ਵਿਸ਼ੇਸ਼ ਡੂੰਘੀ ਮੁੜ ਸੁਧਾਈ ਦਾ ਨਿਰਦੇਸ਼ ਜਾਰੀ ਕੀਤਾ ਸੀ। ਬਿਹਾਰ ’ਚ ਇਸ ਸਾਲ ਦੇ ਅਖੀਰ ’ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।
ਕੇਂਦਰੀ ਮੰਤਰੀ ਕਿਰਨ ਰਿਜਿਜ਼ੂ ਨੇ ਆਲ ਪਾਰਟੀ ਮੀਟਿੰਗ ਵਿਚ ਵਿਰੋਧੀ ਧਿਰਾਂ ਦੇ ਇਤਰਾਜ਼ਾਂ ਨੂੰ ਦੂਰ ਕਰਦਿਆਂ ਕਿਹਾ ਕਿ ਸਰਕਾਰ ਨਿਯਮਾਂ ਅਨੁਸਾਰ ਵਿਰੋਧੀ ਪਾਰਟੀਆਂ ਦੇ ਸਾਰੇ ਮੁੱਦਿਆਂ ’ਤੇ ਚਰਚਾ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਅਪਰੇਸ਼ਨ ਸਿੰਧੂਰ ’ਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਦਾਅਵਿਆਂ ਬਾਰੇ ਸਰਕਾਰ ਵਾਜਬ ਢੰਗ ਨਾਲ ਜਵਾਬ ਦੇਵੇਗੀ। ਉਨ੍ਹਾਂ ਕਿਹਾ ਕਿ ਜਸਟਿਸ ਵਰਮਾ ਨੂੰ ਹਟਾਉਣ ਦੇ ਪ੍ਰਸਤਾਵ ’ਤੇ ਸੌ ਤੋਂ ਵੱਧ ਸੰਸਦ ਮੈਂਬਰਾਂ ਨੇ ਦਸਤਖਤ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਰ ਵਰਗ ਨੂੰ ਨਾਲ ਲੈ ਕੇ ਚਲ ਰਹੀ ਹੈ ਤੇ ਸੰਸਦ ਦੀ ਕਾਰਵਾਈ ਦੌਰਾਨ ਸਾਰੇ ਜਵਾਬ ਇਕ ਇਕ ਕਰ ਕੇ ਦਿੱਤੇ ਜਾਣਗੇ।