ਪਣਜੀ: ਭਾਜਪਾ ਪ੍ਰਧਾਨ ਜੇ ਪੀ ਨੱਡਾ ਨੇ ਪੈਗਾਸਸ ਰਾਹੀਂ ਜਾਸੂਸੀ ਕਰਾਉਣ ਦੇ ਸਰਕਾਰ ’ਤੇ ਲੱਗੇ ਦੋਸ਼ਾਂ ਨੂੰ ਆਧਾਰਹੀਣ ਕਰਾਰ ਦਿੱਤਾ ਹੈ। ਉਨ੍ਹਾਂ ਵਿਰੋਧੀ ਧਿਰ ’ਤੇ ਵਰ੍ਹਦਿਆਂ ਕਿਹਾ ਕਿ ਉਸ ਕੋਲ ਹੁਣ ਕੋਈ ਮੁੱਦਾ ਨਹੀਂ ਬਚਿਆ ਹੈ ਜਿਸ ਕਾਰਨ ਉਹ ਬੇਤੁਕੇ ਮੁੱਦੇ ਉਠਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਖ ਵੱਖ ਮੁੱਦਿਆਂ ’ਤੇ ਗੱਲਬਾਤ ਕਰਨ ਲਈ ਰਾਜ਼ੀ ਹੈ ਪਰ ਕਾਂਗਰਸ ਦੀ ਅਗਵਾਈ ਹੇਠ ‘ਨਿਰਾਸ਼’ ਅਤੇ ‘ਮੁੱਦਾ ਰਹਿਤ’ ਵਿਰੋਧੀ ਧਿਰ ਸੰਸਦ ਦੀ ਕਾਰਵਾਈ ’ਚ ਅੜਿੱਕੇ ਡਾਹ ਰਹੀ ਹੈ। ਦੋ ਦਿਨੀਂ ਗੋਆ ਦੌਰੇ ਦੇ ਅਖੀਰਲੇ ਦਿਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੱਡਾ ਨੇ ਕਿਹਾ ਕਿ ਲੋਕ ਜਾਣਦੇ ਹਨ ਕਿ ਵਿਰੋਧੀ ਧਿਰ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਸੰਸਦ ਦੇ ਕੰਮਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਾਰੇ ਰਿਕਾਰਡ ਤੋੜ ਦਿੱਤੇ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਅਤੇ ਰਾਜ ਸਭਾ ’ਚ ਕੰਮਕਾਰ ਦੇ ਸਾਰੇ ਰਿਕਾਰਡ ਟੁੱਟ ਗਏ ਹਨ। -ਪੀਟੀਆਈ